- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁਕਾਰੀ ’ਚ ਚੋਰਾਂ ਦਾ ਧਾਵਾ, 10 ਫੁੱਟ ਉੱਚੀ ਕੰਧ ਟੱਪ ਕੇ ਘਰ ’ਚ ਹੋਏ ਦਾਖਲ

ਘਰ ਦਾ ਕੋਨਾ-ਕੋਨਾ ਖੰਗਾਲਿਆ, ਸੋਨੇ-ਚਾਂਦੀ ਦੇ ਗਹਿਣੇ ਲੈ ਕੇ ਰਫੂਚੱਕਰ
ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ : ਇਲਾਕੇ ’ਚ ਚੋਰਾਂ ਦੇ ਹੌਸਲੇ ਇਸ ਕਦਰ ਬੁਲੰਦ ਹੁੰਦੇ ਦਿਖਾਈ ਦੇ ਰਹੇ ਹਨ ਕਿ ਹੁਣ ਘਰਾਂ ਦੀਆਂ ਉੱਚੀਆਂ ਕੰਧਾਂ ਤੇ ਬੰਦ ਦਰਵਾਜ਼ੇ ਵੀ ਲੋਕਾਂ ਦੀ ਸੁਰੱਖਿਆ ਦੀ ਗਾਰੰਟੀ ਨਹੀਂ ਰਹੇ। ਤਾਜ਼ਾ ਮਾਮਲਾ ਨੇੜਲੇ ਪਿੰਡ ਮੁਕਾਰੀ ਤੋਂ ਸਾਹਮਣੇ ਆਇਆ ਹੈ, ਜਿੱਥੇ ਚੋਰਾਂ ਨੇ ਇੱਕ ਸੁੰਨੇ ਪਏ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਸੋਨੇ ਦੇ ਗਹਿਣਿਆਂ ਸਮੇਤ ਕੀਮਤੀ ਸਾਮਾਨ ’ਤੇ ਹੱਥ ਸਾਫ਼ ਕਰ ਦਿੱਤਾ।
ਹੈਰਾਨੀ ਦੀ ਗੱਲ ਇਹ ਹੈ ਕਿ ਮੁਲਜ਼ਮ ਕਰੀਬ 10 ਫੁੱਟ ਉੱਚੀ ਕੰਧ ਟੱਪ ਕੇ ਘਰ ਅੰਦਰ ਦਾਖ਼ਲ ਹੋਏ ਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਆਸਾਨੀ ਨਾਲ ਫਰਾਰ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਮੁਕਾਰੀ ਦੇ ਵਸਨੀਕ ਪਰਦੀਪ ਸਿੰਘ ਪੁੱਤਰ ਕਰਮ ਚੰਦ ਨੇ ਦੱਸਿਆ ਕਿ ਉਹ ਬੀਤੀ 12 ਨਵੰਬਰ ਨੂੰ ਆਪਣੇ ਰਿਸ਼ਤੇਦਾਰਾਂ ਕੋਲ ਗਏ ਹੋਏ ਸਨ। 24 ਨਵੰਬਰ ਨੂੰ ਸਵੇਰੇ ਕਰੀਬ 11:30 ਵਜੇ ਜਦੋਂ ਉਹ ਘਰ ਪਰਤੇ ਤਾਂ ਬਾਹਰਲੇ ਦਰਵਾਜ਼ੇ ਨੂੰ ਤਾਲਾ ਲੱਗਿਆ ਹੋਇਆ ਸੀ, ਪਰ ਅੰਦਰਲੇ ਮੁੱਖ ਲੱਕੜ ਦੇ ਦਰਵਾਜ਼ੇ ਦੀ ਹਾਲਤ ਦੇਖ ਕੇ ਉਨ੍ਹਾਂ ਦੇ ਹੋਸ਼ ਉੱਡ ਗਏ। ਦਰਵਾਜ਼ਾ ਤੋੜਿਆ ਹੋਇਆ ਸੀ। ਅੰਦਰ ਦਾਖਲ ਹੋਣ ’ਤੇ ਦੇਖਿਆ ਕਿ ਕਮਰਿਆਂ ਦਾ ਸਾਮਾਨ ਖਿਲਰਿਆ ਪਿਆ ਸੀ ਤੇ ਬੈੱਡਾਂ, ਅਲਮਾਰੀਆਂ ਤੇ ਪੇਟੀਆਂ ਨੂੰ ਬੁਰੀ ਤਰ੍ਹਾਂ ਫਰੋਲਿਆ ਗਿਆ ਸੀ।
ਪਰਿਵਾਰ ਵੱਲੋਂ ਸਾਮਾਨ ਦੀ ਜਾਂਚ ਕਰਨ ’ਤੇ ਪਤਾ ਲੱਗਾ ਕਿ ਘਰ ਵਿੱਚੋਂ ਸੋਨੇ ਦੀਆਂ ਦੋ ਮੁੰਦਰੀਆਂ, ਇੱਕ ਸੋਨੇ ਦੀ ਚੇਨ, ਕੰਨਾਂ ਦੇ ਝੁਮਕਿਆਂ ਦਾ ਇੱਕ ਜੋੜਾ ਤੇ ਝਾਂਜਰਾਂ ਦੇ ਦੋ ਜੋੜੇ ਗਾਇਬ ਸਨ। ਇਸ ਤਰ੍ਹਾਂ ਚੋਰ ਘਰ ’ਚੋਂ ਕੀਮਤੀ ਗਹਿਣੇ ਲੈ ਕੇ ਰਫੂਚੱਕਰ ਹੋ ਗਏ। ਪਰਦੀਪ ਸਿੰਘ ਨੇ ਦੱਸਿਆ ਕਿ ਚੋਰ ਘਰ ਦੇ ਪਿਛਲੇ ਪਾਸੇ ਖੇਤਾਂ ਵੱਲੋਂ ਆਏ ਤੇ ਕਰੀਬ 10 ਫੁੱਟ ਉੱਚੀ ਕੰਧ ਟੱਪ ਕੇ ਅੰਦਰ ਦਾਖਲ ਹੋਏ। ਕੰਧ ਉੱਪਰ ਹੱਥਾਂ ਤੇ ਪੈਰਾਂ ਦੇ ਨਿਸ਼ਾਨ ਵੀ ਦਿਖਾਈ ਦੇ ਰਹੇ ਹਨ, ਜੋ ਇਸ ਪਾਸਿਓਂ ਘਰ ’ਚ ਦਾਖਲ ਹੋਣ ਦੇ ਖਦਸ਼ੇ ਨੂੰ ਮਜ਼ਬੂਤ ਕਰਦੇ ਹਨ।
ਇੱਕ ਹੋਰ ਪਿੰਡ ’ਚ ਵੀ ਸ਼ੱਕੀ ਵਿਅਕਤੀਆਂ ਦੀ ਹਲਚਲ, ਵਧੀ ਚਿੰਤਾ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਬੀਤੀ 13 ਤੇ 14 ਨਵੰਬਰ ਦੀ ਦਰਮਿਆਨੀ ਰਾਤ ਨੂੰ ਨਾਲ ਲੱਗਦੇ ਪਿੰਡ ਮਵਾ ’ਚ ਵੀ ਚਾਰ ਅਣਪਛਾਤੇ ਵਿਅਕਤੀ ਸੀਸੀਟੀਵੀ ਕੈਮਰਿਆਂ ’ਚ ਘੁੰਮਦੇ ਹੋਏ ਕੈਦ ਹੋਏ ਸਨ। ਮੁਕਾਰੀ ਤੇ ਮਵਾ ਦੀਆਂ ਘਟਨਾਵਾਂ ਵਿਚਕਾਰ ਕੋਈ ਸਬੰਧ ਹੈ ਜਾਂ ਨਹੀਂ, ਇਹ ਪੁਲਿਸ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗਾ। ਲਗਾਤਾਰ ਸਾਹਮਣੇ ਆ ਰਹੀਆਂ ਅਜਿਹੀਆਂ ਘਟਨਾਵਾਂ ਨੇ ਇਲਾਕੇ ਦੇ ਲੋਕਾਂ ਦੀ ਨੀਂਦ ਉਡਾ ਦਿੱਤੀ ਹੈ।
ਬਾਕਸ ਇੰਨ : ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਨੂਰਪੁਰ ਬੇਦੀ ਤੋਂ ਜਾਂਚ ਅਧਿਕਾਰੀ ਪ੍ਰਦੀਪ ਸ਼ਰਮਾ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਆਸ-ਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਫੁਟੇਜ ਦੇ ਆਧਾਰ ’ਤੇ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਬੂ ਕਰਨ ਦੇ ਯਤਨ ਕੀਤੇ ਜਾਣਗੇ।
ਉੱਧਰ ਇਲਾਕਾ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪਿੰਡਾਂ ’ਚ ਰਾਤ ਸਮੇਂ ਪੁਲਿਸ ਗਸ਼ਤ ਤੇਜ਼ ਕੀਤੀ ਜਾਵੇ ਤੇ ਸ਼ੱਕੀ ਵਿਅਕਤੀਆਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖੀ ਜਾਵੇ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਚੋਰੀ ਦੀਆਂ ਵਾਰਦਾਤਾਂ ਨੂੰ ਠੱਲ੍ਹ ਨਾ ਪਾਈ ਗਈ ਤਾਂ ਲੋਕਾਂ ਲਈ ਆਪਣੇ ਘਰਾਂ ’ਚ ਵੀ ਸੁਰੱਖਿਅਤ ਮਹਿਸੂਸ ਕਰਨਾ ਮੁਸ਼ਕਲ ਹੋ ਜਾਵੇਗਾ।