- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਰਾਣੀ ਪੈਨਸ਼ਨ ਦੀ ਬਹਾਲੀ ਲਈ 29 ਨਵੰਬਰ ਨੂੰ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਹੋਵੇਗੀ ਵਿਸ਼ਾਲ ਰੋਸ ਰੈਲੀ

2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮ ਕਰਨਗੇ ਸ਼ਮੂਲੀਅਤ
ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ : ਪੁਰਾਣੀ ਪੈਨਸ਼ਨ ਸਕੀਮ ੳਪੀਐੱਸ ਦੀ ਮੁਕੰਮਲ ਬਹਾਲੀ ਦੀ ਮੰਗ ਨੂੰ ਲੈ ਕੇ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਪੰਜਾਬ ਵੱਲੋਂ 29 ਨਵੰਬਰ ਨੂੰ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ ਸੁਨਾਮ ਸਥਿਤ ਰਿਹਾਇਸ਼ ਅੱਗੇ ਵਿਸ਼ਾਲ ਰੋਸ ਰੈਲੀ ਕੀਤੀ ਜਾਵੇਗੀ। ਇਸ ’ਚ ਪੰਜਾਬ ਦੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸਾਲ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਘਰਸ਼ ਕਮੇਟੀ ਦੇ ਸੂਬਾ ਕਨਵੀਨਰ ਜਸਵੀਰ ਸਿੰਘ ਤਲਵਾੜਾ, ਜਨਰਲ ਸਕੱਤਰ ਜਰਨੈਲ ਸਿੰਘ ਪੱਟੀ, ਹਰਵਿੰਦਰ ਸਿੰਘ ਬਿਲਗਾ, ਪ੍ਰੇਮ ਸਿੰਘ ਠਾਕੁਰ, ਅਜੀਤਪਾਲ ਸਿੰਘ ਜੱਸੋਵਾਲ, ਵਿਕਰਮਜੀਤ ਸਿੰਘ ਕੱਦੋਂ, ਵਰਿੰਦਰ ਵਿੱਕੀ, ਗੁਰਦਿਆਲ ਸਿੰਘ ਮਾਨ, ਸੱਤ ਪ੍ਰਕਾਸ਼, ਦਰਸ਼ਨ ਅਲੀ ਸ਼ੇਰ, ਡਾ. ਸੰਤ ਸੇਵਕ ਸਿੰਘ ਸਰਕਾਰੀਆ, ਗੁਰਦੀਪ ਚੀਮਾ ਤੇ ਸੁਖਜੀਤ ਸਿੰਘ ਫਤਿਹਗੜ੍ਹ ਸਾਹਿਬ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ’ਚ ਆਉਣ ਤੋਂ ਪਹਿਲਾਂ ਪਹਿਲੀ ਕੈਬਨਿਟ ਮੀਟਿੰਗ ’ਚ ਪੁਰਾਣੀ ਪੈਨਸ਼ਨ ਲਾਗੂ ਕਰਨ ਦਾ ਵਾਅਦਾ ਕੀਤਾ ਸੀ, ਪਰ ਅੱਜ ਤੱਕ ਇਸ ਨੂੰ ਅਮਲੀ ਰੂਪ ਨਹੀਂ ਦਿੱਤਾ ਗਿਆ ਤੇ ਲੋੜੀਂਦੀ ਐੱਸਓਪੀ ਵੀ ਜਾਰੀ ਨਹੀਂ ਕੀਤੀ ਗਈ।
ਆਗੂਆਂ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਮੁਲਾਜ਼ਮਾਂ ਦੀ ਖੈਰਾਤ ਨਹੀਂ, ਸਗੋਂ ਉਨ੍ਹਾਂ ਦਾ ਜਾਇਜ਼ ਹੱਕ ਹੈ। ਨਵੀਂ ਪੈਨਸ਼ਨ ਪ੍ਰਣਾਲੀ ਕਾਰਨ ਮੁਲਾਜ਼ਮਾਂ ਦਾ ਸੇਵਾਮੁਕਤੀ ਤੋਂ ਬਾਅਦ ਦਾ ਭਵਿੱਖ ਅਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਾਅਦਾ ਪੂਰਾ ਨਾ ਕਰਨ ਕਾਰਨ ਮੁਲਾਜ਼ਮਾਂ ’ਚ ਭਾਰੀ ਰੋਸ ਹੈ ਤੇ ਮੰਗ ਪੂਰੀ ਹੋਣ ਤੱਕ ਸੰਘਰਸ਼ ਜਾਰੀ ਰਹੇਗਾ। ਸਾਂਝਾ ਮੰਚ ਨੇ ਸਮੂਹ ਮੁਲਾਜ਼ਮਾਂ, ਪੈਨਸ਼ਨਰਾਂ ਤੇ ਮੁਲਾਜ਼ਮ ਜਥੇਬੰਦੀਆਂ ਨੂੰ ਆਪਣੇ ਮਤਭੇਦ ਭੁਲਾ ਕੇ 29 ਨਵੰਬਰ ਨੂੰ ਸੁਨਾਮ ਵਿਖੇ ਵੱਡੇ ਜਥਿਆਂ ਸਮੇਤ ਪਹੁੰਚਣ ਦੀ ਅਪੀਲ ਕੀਤੀ ਹੈ।