ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਅੰਤਰ-ਯੂਨੀਵਰਸਿਟੀ ਮੁਕਾਬਲਿਆਂ ’ਚ ਮਾਰੀਆਂ ਮੱਲਾਂ ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਅੰਤਰ-ਯੂਨੀਵਰਸਿਟੀ ਮੁਕਾਬਲਿਆਂ ਵਿੱਚ ਮਾਰੀਆਂ ਮੱਲਾਂ
Publish Date: Thu, 26 Nov 2026 04:10 PM (IST)
Updated Date: Thu, 26 Nov 2026 04:13 PM (IST)
ਭੰਗੜੇ ਤੇ ਗਾਇਨ ਮੁਕਾਬਲਿਆਂ ’ਚ ਮਨਵਾਇਆ ਲੋਹਾ ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ: ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਵਾਏ ਗਏ ਚਾਰ ਰੋਜ਼ਾ ਪੰਜਾਬ ਸਟੇਟ ਅੰਤਰ-ਯੂਨੀਵਰਸਿਟੀ ਮੁਕਾਬਲਿਆਂ ’ਚ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਸ੍ਰੀ ਅਨੰਦਪੁਰ ਸਾਹਿਬ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਪ੍ਰਤੀਨਿਧਤਾ ਕਰਦਿਆਂ ਪੰਜਾਬ ਦੀਆਂ 24 ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨਾਲ ਮੁਕਾਬਲਾ ਕੀਤਾ। ਇਨ੍ਹਾਂ ਮੁਕਾਬਲਿਆਂ ਦੌਰਾਨ ਕਾਲਜ ਦੇ ਵਿਦਿਆਰਥੀਆਂ ਨੇ ਕਲੀ ਗਾਇਨ ਤੇ ਵਾਰ ਗਾਇਨ ’ਚ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਭਾਰਤੀ ਸਮੂਹ ਗੀਤ ਤੇ ਭੰਗੜੇ ’ਚ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਵਿਰਾਸਤੀ ਕਲਾਵਾਂ ਦੇ ਮੁਕਾਬਲਿਆਂ ’ਚ ਕਰੋਸ਼ੀਏ ਦੀ ਬੁਣਤੀ ’ਚ ਦੂਜਾ ਤੇ ਪੱਖੀ, ਖਿੱਦੋ ਤੇ ਪੀੜ੍ਹੀ ਬਣਾਉਣ ਦੇ ਮੁਕਾਬਲਿਆਂ ’ਚ ਤੀਜਾ ਸਥਾਨ ਹਾਸਲ ਕਰਕੇ ਆਪਣੀ ਕਲਾ ਦਾ ਲੋਹਾ ਮਨਵਾਇਆ। ਜ਼ਿਕਰਯੋਗ ਹੈ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਸਮੁੱਚੇ ਮੁਕਾਬਲਿਆਂ ’ਚ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਜਸਵੀਰ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਯੁਵਕ ਸੇਵਾਵਾਂ ਵਿਭਾਗ, ਪੰਜਾਬ ਵੱਲੋਂ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਵਿਦਿਆਰਥੀਆਂ ਦੀ ਇਸ ਪ੍ਰਾਪਤੀ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਗਵਰਨਿੰਗ ਬਾਡੀ ਦੇ ਆਨਰੇਰੀ ਸਕੱਤਰ ਡਾ. ਦਲਜੀਤ ਸਿੰਘ ਚੀਮਾ, ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ ਤੇ ਅਜਮੇਰ ਸਿੰਘ ਖੇੜਾ ਤੇ ਸਕੱਤਰ ਵਿੱਦਿਆ ਇੰਜ. ਸੁਖਮਿੰਦਰ ਸਿੰਘ ਨੇ ਪ੍ਰਿੰਸੀਪਲ, ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਜਸਵੀਰ ਸਿੰਘ ਨੇ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਤੇ ਉਨ੍ਹਾਂ ਨੂੰ ਸੱਭਿਆਚਾਰਕ ਵਿਰਸੇ ਨਾਲ ਜੋੜਨ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਡੀਨ ਕਲਚਰਲ ਡਾ. ਜਗਪਿੰਦਰਪਾਲ ਸਿੰਘ ਤੇ ਤਿਆਰੀ ਕਰਵਾਉਣ ਵਾਲੇ ਸਮੂਹ ਅਧਿਆਪਕਾਂ ਦੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ।