‘ਖੇਡਾਂ ਵਤਨ ਪੰਜਾਬ ਦੀਆਂ’ ’ਚ ਸ੍ਰੀ ਦਸ਼ਮੇਸ਼ ਮਾਰਸ਼ਲ ਆਰਟ ਅਕੈਡਮੀ ਦੇ ਖਿਡਾਰੀਆਂ ਨੇ ਗੱਡੇ ਜਿੱਤ ਦੇ ਝੰਡੇ ਸੂਬਾ ਪੱਧਰੀ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਸ੍ਰੀ ਦਸ਼ਮੇਸ਼ ਮਾਰਸ਼ਲ ਆਰਟ ਅਕੈਡਮੀ ਦੇ ਖਿਡਾਰੀਆਂ ਨੇ ਗੱਡੇ ਜਿੱਤ ਦੇ ਝੰਡੇ
Publish Date: Thu, 26 Nov 2026 04:19 PM (IST)
Updated Date: Thu, 26 Nov 2026 04:22 PM (IST)
ਵੱਖ-ਵੱਖ ਉਮਰ ਵਰਗਾਂ ’ਚ ਸੋਨੇ, ਚਾਂਦੀ ਤੇ ਕਾਂਸੀ ਦੇ ਤਗਮੇ ਜਿੱਤ ਕੇ ਵਧਾਇਆ ਇਲਾਕੇ ਦਾ ਮਾਣ ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ : ਸੂਬਾ ਪੱਧਰੀ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਅਥਲੈਟਿਕਸ ਮੁਕਾਬਲਿਆਂ ’ਚ ਸ੍ਰੀ ਦਸ਼ਮੇਸ਼ ਮਾਰਸ਼ਲ ਆਰਟ ਅਕੈਡਮੀ ਦੇ ਖਿਡਾਰੀਆਂ ਨੇ ਆਪਣੀ ਮਿਹਨਤ, ਲਗਨ, ਅਨੁਸ਼ਾਸਨ ਤੇ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਉਮਰ ਵਰਗਾਂ ’ਚ ਸੋਨੇ, ਚਾਂਦੀ ਤੇ ਕਾਂਸੀ ਦੇ ਤਗਮੇ ਜਿੱਤ ਕੇ ਅਕੈਡਮੀ ਸਮੇਤ ਸਮੁੱਚੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਨ੍ਹਾਂ ਮੁਕਾਬਲਿਆਂ ’ਚ ਅਕੈਡਮੀ ਦੇ ਖਿਡਾਰੀਆਂ ਨੇ ਟਰੈਕ ਤੇ ਫੀਲਡ ਈਵੈਂਟਸ ’ਚ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ। ਖਿਡਾਰੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਅਕੈਡਮੀ ’ਚ ਖੁਸ਼ੀ ਤੇ ਉਤਸ਼ਾਹ ਦਾ ਮਾਹੌਲ ਬਣਿਆ ਹੋਇਆ ਹੈ। ਅਥਲੈਟਿਕਸ ਦੇ ਵੱਖ-ਵੱਖ ਮੁਕਾਬਲਿਆਂ ’ਚ ਖਿਡਾਰੀਆਂ ਵੱਲੋਂ ਮੁਕਾਬਲਿਆਂ ਦੌਰਾਨ ਜਸਦੀਪ ਸਿੰਘ ਨੇ ਅੰਡਰ-21 ਵਰਗ ਦੀ 800 ਮੀਟਰ ਦੌੜ ’ਚ ਤੀਜਾ ਸਥਾਨ ਹਾਸਲ ਕਰਦਿਆਂ ਕਾਂਸੀ ਦਾ ਤਗਮਾ ਆਪਣੇ ਨਾਮ ਕੀਤਾ। ਇਸੇ ਤਰ੍ਹਾਂ ਗੁਰਦੀਪ ਸਿੰਘ ਨੇ 21 ਤੋਂ 30 ਸਾਲ ਉਮਰ ਵਰਗ ਦੇ ਟ੍ਰਿਪਲ ਜੰਪ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਗਮਾ ਜਿੱਤਿਆ। ਲਵਪ੍ਰੀਤ ਸਿੰਘ ਨੇ ਅੰਡਰ-21 ਹਾਈ ਜੰਪ ਮੁਕਾਬਲੇ ’ਚ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਗਮਾ ਜਿੱਤਿਆ। ਅੰਡਰ-17 ਵਰਗ ਦੇ ਰਿਲੇਅ ਮੁਕਾਬਲੇ ’ਚ ਅਸੀਸ ਕੁਮਾਰ, ਬਿਕਰਮ ਚੌਧਰੀ, ਅਮਨਦੀਪ ਸਿੰਘ ਤੇ ਦੇਵ ਵਿਸ਼ਵ ਪ੍ਰਤਾਪ ਸਿੰਘ ਦੀ ਟੀਮ ਨੇ ਬਿਹਤਰੀਨ ਤਾਲਮੇਲ ਤੇ ਤੇਜ਼ ਰਫ਼ਤਾਰ ਦਾ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਗਮਾ ਜਿੱਤ ਕੇ ਅਕੈਡਮੀ ਦੀ ਝੋਲੀ ’ਚ ਇੱਕ ਹੋਰ ਵੱਡੀ ਪ੍ਰਾਪਤੀ ਪਾਈ। ਟੀਮ ਦੇ ਖਿਡਾਰੀਆਂ ਦੀ ਆਪਸੀ ਸਮਝ, ਲਗਾਤਾਰ ਅਭਿਆਸ ਤੇ ਜਿੱਤ ਪ੍ਰਤੀ ਜਜ਼ਬੇ ਨੇ ਉਨ੍ਹਾਂ ਨੂੰ ਇਸ ਮੁਕਾਬਲੇ ’ਚ ਪਹਿਲਾ ਸਥਾਨ ਦਿਵਾਉਣ ’ਚ ਅਹਿਮ ਭੂਮਿਕਾ ਨਿਭਾਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕੈਡਮੀ ਦੇ ਅਥਲੈਟਿਕਸ ਕੋਚ ਜਗਬੀਰ ਸਿੰਘ ਜੱਗਾ ਨੇ ਦੱਸਿਆ ਕਿ ਪੰਜਾਬ ਸਰਕਾਰ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੂਬੇ ’ਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ। ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੇ ਖੇਡ ਮੰਚ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ, ਆਪਣੀ ਖੇਡ ’ਚ ਸੁਧਾਰ ਕਰਨ ਤੇ ਉੱਚ ਪੱਧਰ ਤੱਕ ਪਹੁੰਚਣ ਦੇ ਮੌਕੇ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਸਿਰਫ਼ ਤਗਮੇ ਜਿੱਤਣ ਦਾ ਸਾਧਨ ਨਹੀਂ ਹਨ, ਸਗੋਂ ਇਹ ਨੌਜਵਾਨਾਂ ’ਚ ਅਨੁਸ਼ਾਸਨ, ਸਹਿਣਸ਼ੀਲਤਾ, ਮਿਹਨਤ, ਆਤਮ-ਵਿਸ਼ਵਾਸ ਤੇ ਟੀਮ ਭਾਵਨਾ ਵਰਗੇ ਗੁਣ ਵੀ ਪੈਦਾ ਕਰਦੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਅਕੈਡਮੀ ਦੇ ਖਿਡਾਰੀ ਨਿਯਮਤ ਤੌਰ ਤੇ ਅਭਿਆਸ ਕਰ ਰਹੇ ਹਨ ਤੇ ਉਨ੍ਹਾਂ ਦਾ ਮੁੱਖ ਟੀਚਾ ਖਿਡਾਰੀਆਂ ਨੂੰ ਖੇਡਾਂ ਦੇ ਖੇਤਰ ’ਚ ਬਿਹਤਰ ਮੌਕੇ ਪ੍ਰਦਾਨ ਕਰਨਾ ਹੈ। ਉਨ੍ਹਾਂ ਨੇ ਖਿਡਾਰੀਆਂ ਦੇ ਪ੍ਰਦਰਸ਼ਨ ਬਾਰੇ ਦੱਸਦਿਆਂ ਕਿਹਾ ਕਿ ਰੀਨਾ ਦੇਵੀ ਨੇ 31 ਤੋਂ 40 ਸਾਲ ਉਮਰ ਵਰਗ ਦੀਆਂ 100 ਮੀਟਰ ਤੇ 400 ਮੀਟਰ ਦੌੜਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋ ਕਾਂਸੀ ਦੇ ਤਗਮੇ ਜਿੱਤੇ। ਹਿਮਾਂਸ਼ੂ ਚੌਧਰੀ ਨੇ ਅੰਡਰ-21 ਟ੍ਰਿਪਲ ਜੰਪ ਮੁਕਾਬਲੇ ’ਚ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਗਮਾ ਜਿੱਤਿਆ। ਇਸੇ ਤਰ੍ਹਾਂ 31 ਤੋਂ 40 ਸਾਲ ਉਮਰ ਵਰਗ ਦੇ ਗੋਲਾ ਸੁੱਟਣ ਮੁਕਾਬਲੇ ’ਚ ਗਗਨਦੀਪ ਨੇ ਪਹਿਲਾ ਸਥਾਨ ਹਾਸਲ ਕਰਦਿਆਂ ਸੋਨੇ ਦਾ ਤਗਮਾ ਜਿੱਤਿਆ, ਜਦਕਿ 41 ਤੋਂ 50 ਸਾਲ ਉਮਰ ਵਰਗ ਦੇ ਗੋਲਾ ਸੁੱਟਣ ਮੁਕਾਬਲੇ ’ਚ ਬਲਵਿੰਦਰ ਸਿੰਘ ਲੋਦੀਪੁਰ ਨੇ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਗਮਾ ਆਪਣੇ ਨਾਮ ਕੀਤਾ। ਕੋਚ ਨੇ ਕਿਹਾ ਕਿ ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀਆਂ ਵੱਲੋਂ ਪ੍ਰਾਪਤ ਕੀਤੀਆਂ ਇਹ ਪ੍ਰਾਪਤੀਆਂ ਦਰਸਾਉਂਦੀਆਂ ਹਨ ਕਿ ਖੇਡਾਂ ਪ੍ਰਤੀ ਜਜ਼ਬਾ ਉਮਰ ਦਾ ਮੁਥਾਜ ਨਹੀਂ ਹੁੰਦਾ ਤੇ ਮਿਹਨਤ ਕਰਨ ਵਾਲੇ ਹਰ ਵਿਅਕਤੀ ਲਈ ਆਪਣੀ ਪ੍ਰਤਿਭਾ ਸਾਬਤ ਕਰਨ ਦੇ ਮੌਕੇ ਮੌਜੂਦ ਹਨ। ਇਨ੍ਹਾਂ ਪ੍ਰਾਪਤੀਆਂ ਨਾਲ ਸ੍ਰੀ ਦਸ਼ਮੇਸ਼ ਮਾਰਸ਼ਲ ਆਰਟ ਅਕੈਡਮੀ ਤੇ ਇਲਾਕੇ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਜ਼ਿਲ੍ਹਾ ਖੇਡ ਅਫਸਰ ਜਗਜੀਵਨ ਸਿੰਘ ਗਿੱਲ, ਜ਼ਿਲ੍ਹਾ ਅਥਲੈਟਿਕਸ ਐਸ਼ੋਸ਼ੀਏਸ਼ਨ ਦੇ ਪ੍ਰਧਾਨ ਤੇ ਸਾਬਕਾ ਡੀਆਈਜੀ ਦਲਜੀਤ ਸਿੰਘ ਰਾਣਾ, ਕੋਚ ਦਰਪਾਲ ਸਿੰਘ, ਅਮਰਜੀਤ ਸਿੰਘ ਤੇ ਹਰਵਿੰਦਰ ਸਿੰਘ ਸਮੇਤ ਹੋਰ ਪਤਵੰਤਿਆਂ ਨੇ ਜੇਤੂ ਖਿਡਾਰੀਆਂ, ਉਨ੍ਹਾਂ ਦੇ ਕੋਚਾਂ ਤੇ ਅਕੈਡਮੀ ਪ੍ਰਬੰਧਕਾਂ ਨੂੰ ਵਧਾਈ ਦਿੱਤੀ।