ਪ੍ਰਕਾਸ਼ ਪੁਰਬ ਮੌਕੇ ਹਰਜੋਤ ਬੈਂਸ ਬਾਬਾ ਜਮਨਾ ਦਾਸ ਕੁਟੀਆ ਵਿਖੇ ਨਤਮਸਤਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਰਜੋਤ ਸਿੰਘ ਬੈਂਸ ਬਾਬਾ ਜਮਨਾ ਦਾਸ ਕੁਟੀਆ ਵਿਖੇ ਹੋਏ ਨਤਮਸਤਕ
Publish Date: Thu, 26 Nov 2026 04:34 PM (IST)
Updated Date: Thu, 26 Nov 2026 04:37 PM (IST)
ਗੁਰੂ ਸਾਹਿਬ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਚਾਨਣ ਮੁਨਾਰਾ ਸ੍ਰੀ ਅਨੰਦਪੁਰ ਸਾਹਿਬ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਤੇ ਇਤਿਹਾਸਕ ਦਿਹਾੜੇ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਤੇ ਹਲਕਾ ਵਿਧਾਇਕ ਸ. ਹਰਜੋਤ ਸਿੰਘ ਬੈਂਸ ਬੀਤੇ ਕੱਲ ਬਾਬਾ ਜਮਨਾ ਦਾਸ ਕੁਟੀਆ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਗੁਰੂ ਸਾਹਿਬ ਅੱਗੇ ਸਰਬੱਤ ਦੇ ਭਲੇ, ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਉਨ੍ਹਾਂ ਨੇ ਕੁਟੀਆ ਵਿਖੇ ਮੌਜੂਦ ਸੰਗਤਾਂ ਨਾਲ ਮਿਲ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਤੇ ਸਮੂਹ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਸਮੁੱਚੀ ਮਾਨਵਤਾ ਨੂੰ ਦਿੱਤਾ ਗਿਆ ਸਰਬਸਾਂਝੀਵਾਲਤਾ, ਆਪਸੀ ਭਾਈਚਾਰੇ, ਬਰਾਬਰਤਾ ਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਅੱਜ ਵੀ ਪੂਰੀ ਦੁਨੀਆ ਲਈ ਪ੍ਰੇਰਨਾਂ ਸ੍ਰੋਤ ਹੈ। ਗੁਰੂ ਸਾਹਿਬ ਨੇ ਸਮਾਜ ’ਚ ਫੈਲੀਆਂ ਕੁਰੀਤੀਆਂ, ਵਹਿਮਾਂ-ਭਰਮਾਂ ਤੇ ਊਚ-ਨੀਚ ਦੇ ਭੇਦਭਾਵ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਲੋਕਾਂ ਨੂੰ ਸੱਚਾਈ ਤੇ ਨੇਕੀ ਦੇ ਰਸਤੇ ’ਤੇ ਚੱਲਣ ਦੀ ਪ੍ਰੇਰਣਾ ਦਿੱਤੀ। ਬੈਂਸ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀ ਪਵਿੱਤਰ ਬਾਣੀ ਤੇ ਉਨ੍ਹਾਂ ਦੀਆਂ ਸਿੱਖਿਆਵਾਂ ਮਨੁੱਖ ਨੂੰ ਚੰਗਾ ਜੀਵਨ ਜਿਊਣ, ਦੂਜਿਆਂ ਦੀ ਮਦਦ ਕਰਨ ਤੇ ਸਮਾਜ ’ਚ ਪਿਆਰ ਤੇ ਸਦਭਾਵਨਾ ਕਾਇਮ ਰੱਖਣ ਦਾ ਰਾਹ ਦਿਖਾਉਂਦੀਆਂ ਹਨ। ਗੁਰੂ ਸਾਹਿਬ ਵੱਲੋਂ ਦਿੱਤਾ ਗਿਆ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦਾ ਸਿਧਾਂਤ ਮਨੁੱਖੀ ਜੀਵਨ ਨੂੰ ਸਹੀ ਦਿਸ਼ਾ ਦੇਣ ਦੇ ਨਾਲ-ਨਾਲ ਇੱਕ ਆਦਰਸ਼ ਸਮਾਜ ਦੀ ਸਿਰਜਣਾ ਕਰਨ ਲਈ ਵੀ ਪ੍ਰੇਰਿਤ ਕਰਦਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਣਾਉਣਾ ਹੀ ਉਨ੍ਹਾਂ ਪ੍ਰਤੀ ਸੱਚੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਹੈ। ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇ ਸਮੂਹ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਹਮੇਸ਼ਾ ਪ੍ਰੇਰਨਾ ਸਰੋਤ ਬਣੀਆਂ ਰਹਿਣਗੀਆਂ। ਉਨ੍ਹਾਂ ਕਾਮਨਾ ਕੀਤੀ ਕਿ ਗੁਰੂ ਸਾਹਿਬ ਦੀ ਕਿਰਪਾ ਨਾਲ ਪੰਜਾਬ ’ਚ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਤੇ ਖੁਸ਼ਹਾਲੀ ਬਣੀ ਰਹੇ। ਇਸ ਮੌਕੇ ਬਾਬਾ ਜਗਤਾਰ ਸਿੰਘ , ਗੋਬਿੰਦ ਸਿੰਘ , ਤਿਲਕ ਰਾਜ ਸਰਪੰਚ , ਧਰਮ ਦਾਸ , ਗਿਆਨ ਚੰਦ ਹਾਜ਼ਰ ਸਨ।