ਅਕਾਲੀ-ਭਾਜਪਾ ਗਠਜੋੜ ਸਿਆਸਤ ’ਚ ਨਵਾਂ ਅਧਿਆਇ ਸਿਰਜੇਗਾ : ਸੁਖਬੀਰ ਕਲਵਾਂ ਅਕਾਲੀ-ਭਾਜਪਾ ਗਠਜੋੜ ਪੰਜਾਬ ਦੀ ਸਿਆਸਤ ਵਿੱਚ ਨਵਾਂ ਅਧਿਆਇ ਸਿਰਜੇਗਾ : ਸੁਖਬੀਰ ਸਿੰਘ ਕਲਵਾਂ
Publish Date: Thu, 26 Nov 2026 05:06 PM (IST)
Updated Date: Thu, 26 Nov 2026 05:07 PM (IST)
2027 ਦੀਆਂ ਵਿਧਾਨ ਸਭਾ ਚੋਣਾਂ ਮਿਲ ਕੇ ਲੜਨ ਦਾ ਫੈਸਲਾ ਪੰਜਾਬ ਦੇ ਹਿੱਤਾਂ ਲਈ ਅਹਿਮ ਕਦਮ ਜੰਗ ਬਹਾਦਰ ਸਿੰਘ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ : ਪੰਜਾਬ ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਕਾਲੀ ਦਲ ਤੇ ਭਾਜਪਾ ਵਿਚਕਾਰ ਮੁੜ ਹੋਏ ਗਠਜੋੜ ਨੂੰ ਲੈ ਕੇ ਸਿਆਸੀ ਹਲਕਿਆਂ ’ਚ ਚਰਚਾ ਤੇਜ਼ ਹੋ ਗਈ ਹੈ। ਇਸ ਸਬੰਧੀ ਸੁਖਬੀਰ ਸਿੰਘ ਕਲਵਾਂ ਕੋਰ ਕਮੇਟੀ ਮੈਂਬਰ ਸ਼੍ਰੋਮਣੀ ਅਕਾਲੀ ਦਲ ਨੇ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਵੱਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਇਕੱਠੇ ਲੜਨ ਦੇ ਕੀਤੇ ਗਏ ਐਲਾਨ ਦਾ ਸਵਾਗਤ ਕਰਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਦਾ ਮੁੜ ਇਕੱਠੇ ਹੋਣਾ ਪੰਜਾਬ ਦੀ ਸਿਆਸਤ ’ਚ ਇੱਕ ਨਵਾਂ ਅਧਿਆਇ ਸਿਰਜੇਗਾ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦਾ ਲੰਮਾ ਸਿਆਸੀ ਸਫ਼ਰ ਤੇ ਆਪਸੀ ਸਾਂਝ ਰਹੀ ਹੈ ਤੇ ਇਹ ਗਠਜੋੜ ਪੰਜਾਬ ਦੇ ਵਿਕਾਸ, ਖੁਸ਼ਹਾਲੀ ਤੇ ਭਾਈਚਾਰਕ ਏਕਤਾ ਲਈ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਸਵਰਗੀ ਪ੍ਰਕਾਸ਼ ਸਿੰਘ ਬਾਦਲ ਤੇ ਭਾਜਪਾ ਦੇ ਸੀਨੀਅਰ ਆਗੂਆਂ ਵੱਲੋਂ ਬਣਾਈ ਗਈ ਇਹ ਸਾਂਝ ਪੰਜਾਬ ਦੀ ਅਮਨ-ਸ਼ਾਂਤੀ ਤੇ ਹਿੰਦੂ-ਸਿੱਖ ਏਕਤਾ ਦੀ ਮਜ਼ਬੂਤ ਨੀਂਹ ਰਹੀ ਹੈ। ਦੋਵਾਂ ਪਾਰਟੀਆਂ ਦੇ ਮੁੜ ਇਕੱਠੇ ਹੋਣ ਨਾਲ ਵਰਕਰਾਂ ’ਚ ਨਵਾਂ ਉਤਸ਼ਾਹ ਪੈਦਾ ਹੋਵੇਗਾ ਤੇ ਪੰਜਾਬ ਦੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਸਾਂਝੇ ਤੌਰ ’ਤੇ ਉਠਾਉਣ ਦਾ ਮੌਕਾ ਮਿਲੇਗਾ। ਅਖੀਰ ’ਚ ਸੁਖਬੀਰ ਸਿੰਘ ਕਲਵਾਂ ਨੇ ਕਿਹਾ ਕਿ ਅਕਾਲੀ ਦਲ ਤੇ ਭਾਜਪਾ ਦਾ ਇਹ ਗਠਜੋੜ ਆਪਸੀ ਸਹਿਯੋਗ ਤੇ ਸਾਂਝੀ ਜ਼ਿੰਮੇਵਾਰੀ ਨਾਲ ਅੱਗੇ ਵਧੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਦੋਵਾਂ ਪਾਰਟੀਆਂ ਦੇ ਆਗੂ ਤੇ ਵਰਕਰ ਪੰਜਾਬ ਦੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਪਹਿਲ ਦੇਣਗੇ ਤੇ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਆਪਣੀ ਭੂਮਿਕਾ ਨਿਭਾਉਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਗਗਨਦੀਪ ਸਿੰਘ ਪ੍ਰਧਾਨ ਐੱਸਓਆਈ ਖਾਲਸਾ ਕਾਲਜ ਅਨੰਦਪੁਰ ਸਾਹਿਬ , ਭੁਪਿੰਦਰ ਸਿੰਘ ਯੂਥ ਅਕਾਲੀ ਆਗੂ, ਅਮਨਿੰਦਰ ਸਿੰਘ, ਰਾਹੁਲ, ਦਲਜੀਤ ਸਿੰਘ, ਇਮਨਜੋਤ ਸਿੰਘ, ਦੀਪਕ ਤੇ ਅਰਮਾਨ ਸ਼ਰਮਾ ਆਦਿ ਹਾਜ਼ਰ ਸਨ।