ਅਕਾਲੀ-ਭਾਜਪਾ ਗਠਜੋੜ ਨਾਲ ਸਿਆਸਤ ’ਚ ਨਵੀਂ ਹਲਚਲ, ਕੀਰਤਪੁਰ ਸਾਹਿਬ ’ਚ ਵੰਡੇ ਲੱਡੂ ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ਦੀ ਸਿਆਸਤ ਵਿੱਚ ਨਵੀਂ ਹਲਚਲ, ਕੀਰਤਪੁਰ ਸਾਹਿਬ ਵਿਖੇ ਦੋਵਾਂ ਪਾਰਟੀਆਂ ਦੇ ਵਰਕਰਾਂ ਨੇ ਵੰਡੇ ਲੱਡੂ
Publish Date: Thu, 26 Nov 2026 05:29 PM (IST)
Updated Date: Thu, 26 Nov 2026 05:31 PM (IST)
ਦੋਵੇਂ ਪਾਰਟੀਆਂ ਦਾ ਮੁੜ ਇਕਜੁੱਟ ਹੋਣਾ ਗੁਰੂ ਮਹਾਰਾਜ ਦੀ ਅਪਾਰ ਬਖ਼ਸ਼ਿਸ਼ : ਡਾ. ਸੁਭਾਸ਼ ਸ਼ਰਮਾ ਜੰਗ ਬਹਾਦਰ ਸਿੰਘ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ : ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਵੱਲੋਂ ਇੱਕ ਵਾਰ ਫਿਰ ਸਿਆਸੀ ਗੱਠਜੋੜ ਕਰਕੇ ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨ ਦੇ ਫ਼ੈਸਲੇ ਨਾਲ ਦੋਵਾਂ ਪਾਰਟੀਆਂ ਦੇ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ। ਗੱਠਜੋੜ ਦੇ ਐਲਾਨ ਤੋਂ ਬਾਅਦ ਕੀਰਤਪੁਰ ਸਾਹਿਬ ਵਿਖੇ ਅਕਾਲੀ ਦਲ ਤੇ ਭਾਜਪਾ ਦੇ ਵੱਡੀ ਗਿਣਤੀ ’ਚ ਆਗੂਆਂ ਤੇ ਵਰਕਰਾਂ ਨੇ ਇਕਜੁੱਟ ਹੋ ਕੇ ਲੱਡੂ ਵੰਡੇ ਤੇ ਇਸ ਫ਼ੈਸਲੇ ਦਾ ਜ਼ੋਰਦਾਰ ਸਵਾਗਤ ਕੀਤਾ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਪੰਜਾਬ ਭਾਜਪਾ ਦੇ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਤੇ ਦੋਵਾਂ ਪਾਰਟੀਆਂ ਦੇ ਆਗੂਆਂ ਨੇ ਇਸ ਨੂੰ ਪੰਜਾਬ ਦੀ ਸਿਆਸਤ ਲਈ ਇੱਕ ਅਹਿਮ ਕਦਮ ਦੱਸਦਿਆਂ ਆਉਣ ਵਾਲੇ ਸਮੇਂ ’ਚ ਮਿਲ ਕੇ ਕੰਮ ਕਰਨ ਦਾ ਅਹਿਦ ਲਿਆ। ਉਨ੍ਹਾਂ ਕਿਹਾ ਕਿ ਗੁਰਪੁਰਬ ਦੇ ਪਾਵਨ ਮੌਕੇ ’ਤੇ ਗੁਰੂ ਮਹਾਰਾਜ ਦੀ ਅਪਾਰ ਬਖ਼ਸ਼ਿਸ਼ ਸਦਕਾ ਦੋਵੇਂ ਪਾਰਟੀਆਂ ਇੱਕ ਵਾਰ ਫਿਰ ਇਕਜੁੱਟ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦੋ ਤੋਂ ਢਾਈ ਸਾਲਾਂ ਤੋਂ ਦੋਵਾਂ ਪਾਰਟੀਆਂ ਦੇ ਵਰਕਰ ਇਸ ਗੱਠਜੋੜ ਦੀ ਉਡੀਕ ਕਰ ਰਹੇ ਸਨ। ਪੰਜਾਬ ਦੇ ਲੋਕ ਵੀ ਚਾਹੁੰਦੇ ਸਨ ਕਿ ਅਕਾਲੀ ਦਲ ਤੇ ਭਾਜਪਾ ਮੁੜ ਇੱਕ ਮੰਚ ’ਤੇ ਆ ਕੇ ਸੂਬੇ ਦੀ ਬਿਹਤਰੀ ਲਈ ਮਿਲ ਕੇ ਕੰਮ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਇਸ ਵੇਲੇ ਕਈ ਗੰਭੀਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਦੋਸ਼ ਲਾਇਆ ਕਿ ਸੂਬੇ ’ਚ ਨਸ਼ਿਆਂ, ਕਤਲਾਂ, ਲੁੱਟ-ਖੋਹ, ਫਿਰੌਤੀ ਤੇ ਭ੍ਰਿਸ਼ਟਾਚਾਰ ਦੀਆਂ ਘਟਨਾਵਾਂ ’ਚ ਵਾਧਾ ਹੋ ਰਿਹਾ ਹੈ। ਵਿਕਾਸ ਕਾਰਜਾਂ ਦੀ ਰਫ਼ਤਾਰ ਪ੍ਰਭਾਵਿਤ ਹੋਈ ਹੈ ਤੇ ਬੇਰੁਜ਼ਗਾਰੀ ਤੇ ਕਰਜ਼ੇ ਦਾ ਬੋਝ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੌਜੂਦਾ ਹਾਲਾਤ ਵਿੱਚੋਂ ਬਾਹਰ ਕੱਢਣ ਲਈ ਦੋਵਾਂ ਪਾਰਟੀਆਂ ਨੇ ਇਕੱਠੇ ਚੱਲਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਗੱਠਜੋੜ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਤੇ ਪੰਜਾਬ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਡਾ. ਸ਼ਰਮਾ ਨੇ ਕਿਹਾ ਕਿ ਗੱਠਜੋੜ ਦੇ ਐਲਾਨ ਤੋਂ ਬਾਅਦ ਸੂਬੇ ਭਰ ’ਚ ਦੋਵਾਂ ਪਾਰਟੀਆਂ ਦੇ ਵਰਕਰਾਂ ’ਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਕੀਰਤਪੁਰ ਸਾਹਿਬ ਵਿਖੇ ਵੀ ਵਰਕਰਾਂ ਵੱਲੋਂ ਲੱਡੂ ਵੰਡ ਕੇ ਖ਼ੁਸ਼ੀ ਮਨਾਉਣਾ ਇਸ ਗੱਲ ਦਾ ਸਬੂਤ ਹੈ ਕਿ ਜ਼ਮੀਨੀ ਪੱਧਰ ਤੇ ਦੋਵਾਂ ਪਾਰਟੀਆਂ ਦੇ ਵਰਕਰ ਇਸ ਫ਼ੈਸਲੇ ਦਾ ਸਵਾਗਤ ਕਰ ਰਹੇ ਹਨ। ਇਸ ਮੌਕੇ ਸਾਬਕਾ ਮੰਡਲ ਪ੍ਰਧਾਨ ਰਜਨੀਸ਼ ਜੋਸ਼ੀ, ਸੀਨੀਅਰ ਭਾਜਪਾ ਆਗੂ ਗਿਰਜਾ ਸ਼ੰਕਰ ਦਿਵੇਦੀ, ਡਾ. ਲੋਕ ਬੰਧੂ ਗੌਤਮ, ਸ਼ਿਵ ਕੁਮਾਰ ਬੇਦੀ, ਵਿਸ਼ਾਲ ਬੇਦੀ, ਕੁਲਦੀਪ, ਰਣਜੀਤ ਸਿੰਘ, ਸੁਰਿੰਦਰ ਕਾਲੀਆ, ਨਰਿੰਦਰ ਬਰੂਵਾਲ, ਬਲਬੀਰ ਸਿੰਘ, ਸੁਬੇਗ ਸਿੰਘ ਸੂਬਾ, ਅਕਾਲੀ ਦਲ ਦੇ ਸਰਕਲ ਪ੍ਰਧਾਨ ਗੁਰਵਿੰਦਰ, ਸੀਨੀਅਰ ਅਕਾਲੀ ਆਗੂ ਹਾਕਮ ਸਿੰਘ ਗਿੱਲ, ਗੁਰਚਰਨ ਸਿੰਘ ਸ਼ਾਦੀ ਜਨਰਲ ਸਕੱਤਰ, ਅਵਤਾਰ ਸਿੰਘ, ਰਣਜੀਤ ਸਿੰਘ, ਗੁਰਮੀਤ ਸਿੰਘ, ਕਮਲਜੀਤ ਸਿੰਘ , ਹਰਸ਼ਿਤ ਜੋਸ਼ੀ,ਮਨਜੀਤ ਸਿੰਘ ਤੇ ਜਸਵਿੰਦਰ ਸਿੰਘ, ਸਮੇਤ ਦੋਵਾਂ ਪਾਰਟੀਆਂ ਦੇ ਅਨੇਕਾਂ ਵਰਕਰ ਮੌਜੂਦ ਰਹੇ।