ਸ਼ਿਵਾਂਸ਼ ਰਾਠੀ ਵੱਲੋਂ ਬਾਬਾ ਸਾਹਿਬ ਡਾ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਂਟ ਸੰਵਿਧਾਨ ਦਿਵਸ ਮੌਕੇ ਐੱਸਡੀਐੱਮ ਸ਼ਿਵਾਂਸ਼ ਰਾਠੀ ਨੇ ਬਾਬਾ ਸਾਹਿਬ ਡਾ. ਅੰਬੇਡਕਰ ਨੂੰ ਭੇਂਟ ਕੀਤੇ ਸ਼ਰਧਾ ਦੇ ਫੁੱਲ
Publish Date: Thu, 26 Nov 2026 05:50 PM (IST)
Updated Date: Thu, 26 Nov 2026 05:52 PM (IST)
ਪੰਜਾਬੀ ਜਾਗਰਣ ਟੀਮ, ਨੰਗਲ : ਸੰਵਿਧਾਨ ਦਿਵਸ ਦੇ ਮੌਕੇ ’ਤੇ ਅੱਜ ਨੰਗਲ ਵਿਖੇ ਉਪ ਮੰਡਲ ਮੈਜਿਸਟ੍ਰੇਟ ਸ਼ਿਵਾਂਸ਼ ਰਾਠੀ, ਆਈ.ਏ.ਐੱਸ. ਵੱਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਕੇ ਉਨ੍ਹਾਂ ਨੂੰ ਨਮਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਤਹਿਸੀਲਦਾਰ ਨੰਗਲ ਸੁਮਿਤ ਢਿੱਲੋਂ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਅਧਿਕਾਰੀਆਂ ਨੇ ਬਾਬਾ ਸਾਹਿਬ ਦੇ ਦੇਸ਼ ਪ੍ਰਤੀ ਯੋਗਦਾਨ ਤੇ ਉਨ੍ਹਾਂ ਵੱਲੋਂ ਸਮਾਜਿਕ ਬਰਾਬਰੀ ਲਈ ਕੀਤੇ ਗਏ ਯਤਨਾਂ ਨੂੰ ਯਾਦ ਕੀਤਾ। ਇਸ ਮੌਕੇ ਐੱਸ.ਡੀ.ਐੱਮ. ਸ਼ਿਵਾਂਸ਼ ਰਾਠੀ ਨੇ ਕਿਹਾ ਕਿ 26 ਨਵੰਬਰ 1949 ਨੂੰ ਸੰਵਿਧਾਨ ਸਭਾ ਵੱਲੋਂ ਭਾਰਤ ਦੇ ਸੰਵਿਧਾਨ ਨੂੰ ਅਪਣਾਇਆ ਗਿਆ ਸੀ, ਜਦਕਿ 26 ਜਨਵਰੀ 1950 ਨੂੰ ਇਸ ਨੂੰ ਪੂਰੇ ਦੇਸ਼ ’ਚ ਲਾਗੂ ਕੀਤਾ ਗਿਆ। ਇਸੇ ਇਤਿਹਾਸਕ ਦਿਨ ਦੀ ਯਾਦ ’ਚ ਹਰ ਸਾਲ 26 ਨਵੰਬਰ ਨੂੰ ਸੰਵਿਧਾਨ ਦਿਵਸ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਦਿਨ ਸਾਨੂੰ ਆਪਣੇ ਸੰਵਿਧਾਨਕ ਫਰਜ਼ਾਂ ਤੇ ਅਧਿਕਾਰਾਂ ਪ੍ਰਤੀ ਜਾਗਰੂਕ ਹੋਣ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਸਿਰਫ਼ ਇੱਕ ਕਿਤਾਬ ਨਹੀਂ, ਸਗੋਂ ਸਾਡੇ ਜਿਊਣ ਦਾ ਢੰਗ ਹੈ। ਇਹ ਸਾਨੂੰ ਆਜ਼ਾਦੀ, ਬਰਾਬਰੀ ਤੇ ਨਿਆਂ ਦੇ ਸਿਧਾਂਤਾਂ `ਤੇ ਚੱਲਣ ਦੀ ਪ੍ਰੇਰਣਾ ਦਿੰਦਾ ਹੈ। ਸੰਵਿਧਾਨ ਨੇ ਦੇਸ਼ ਦੇ ਹਰ ਨਾਗਰਿਕ ਨੂੰ ਬਿਨਾਂ ਕਿਸੇ ਭੇਦਭਾਵ ਦੇ ਬਰਾਬਰ ਅਧਿਕਾਰ ਪ੍ਰਦਾਨ ਕੀਤੇ ਹਨ ਤੇ ਲੋਕਤੰਤਰ ਦੀਆਂ ਮਜ਼ਬੂਤ ਨੀਂਹਾਂ ਰੱਖੀਆਂ ਹਨ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਵੱਲੋਂ ਸੰਵਿਧਾਨ ਦੇ ਨਿਰਮਾਣ ’ਚ ਪਾਇਆ ਗਿਆ ਯੋਗਦਾਨ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਦੀ ਸੋਚ ਤੇ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਸਮਾਨਤਾ, ਭਾਈਚਾਰੇ ਤੇ ਨਿਆਂ ਦੇ ਰਾਹ `ਤੇ ਅੱਗੇ ਵਧਣ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੰਵਿਧਾਨ ’ਚ ਦਰਜ ਮੂਲ ਸਿਧਾਂਤਾਂ ਤੇ ਆਪਣੇ ਫਰਜ਼ਾਂ ਦੀ ਪਾਲਣਾ ਕਰਦਿਆਂ ਦੇਸ਼ ਦੀ ਏਕਤਾ, ਅਖੰਡਤਾ ਤੇ ਤਰੱਕੀ ’ਚ ਆਪਣਾ ਯੋਗਦਾਨ ਪਾਉਣ।