ਚੋਰਾਂ ਦੇ ਹੌਸਲੇ ਬੁਲੰਦ: ਨੂਰਪੁਰਬੇਦੀ ਬੱਸ ਸਟੈਂਡ ਤੋਂ ਦਿਨ-ਦਿਹਾੜੇ ਮੋਟਰਸਾਈਕਲ ਚੋਰੀ ਬੱਸ ਅੱਡਾ ਨੂਰਪੁਰਬੇਦੀ ਤੋਂ ਦਿਨ-ਦਿਹਾੜੇ ਮੋਟਰਸਾਈਕਲ ਚੋਰੀ, ਚੋਰਾਂ ਦੇ ਹੌਸਲੇ ਬੁਲੰਦ
Publish Date: Sat, 28 Nov 2026 04:37 PM (IST)
Updated Date: Sat, 28 Nov 2026 04:40 PM (IST)
ਮਾਲਕ ਨੇ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਚੋਰਾਂ ਨੂੰ ਕਾਬੂ ਕਰਨ ਦੀ ਲਾਈ ਗੁਹਾਰ ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ : ਇਲਾਕੇ ’ਚ ਚੋਰੀ ਦੀਆਂ ਵਾਰਦਾਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਇਸੇ ਤਹਿਤ ਸਥਾਨਕ ਬੱਸ ਅੱਡੇ ਤੋਂ ਬੀਤੇ ਦਿਨ ਦਿਨ-ਦਿਹਾੜੇ ਇੱਕ ਮੋਟਰਸਾਈਕਲ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਬੱਸ ਅੱਡਾ ਨੂਰਪੁਰਬੇਦੀ ਪੁਲਿਸ ਥਾਣੇ ਦੇ ਬਿਲਕੁਲ ਨਜ਼ਦੀਕ ਸਥਿਤ ਹੈ, ਪਰ ਇਸ ਦੇ ਬਾਵਜੂਦ ਚੋਰਾਂ ਵੱਲੋਂ ਬੇਖ਼ੌਫ਼ ਹੋ ਕੇ ਵਾਰਦਾਤ ਨੂੰ ਅੰਜਾਮ ਦੇਣਾ ਸੁਰੱਖਿਆ ਪ੍ਰਬੰਧਾਂ ’ਤੇ ਕਈ ਸਵਾਲ ਖੜ੍ਹੇ ਕਰਦਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੱਖਣ ਸਿੰਘ ਪੁੱਤਰ ਜਗਤ ਸਿੰਘ ਵਾਸੀ ਪਿੰਡ ਲਸਾੜੀ ਨੇ ਆਪਣਾ ਹੀਰੋ ਸਪਲੈਂਡਰ ਮੋਟਰਸਾਈਕਲ (ਨੰਬਰ ਪੀ.ਬੀ.-16-ਈ-5061, ਮਾਡਲ 2018) ਬੱਸ ਅੱਡਾ ਨੂਰਪੁਰਬੇਦੀ ਵਿਖੇ ਖੜ੍ਹਾ ਕੀਤਾ ਸੀ। ਜਦੋਂ ਉਹ ਕੁਝ ਸਮੇਂ ਬਾਅਦ ਵਾਪਸ ਪਰਤਿਆ ਤਾਂ ਮੋਟਰਸਾਈਕਲ ਆਪਣੀ ਜਗ੍ਹਾ ਤੋਂ ਗਾਇਬ ਸੀ। ਆਲੇ-ਦੁਆਲੇ ਕਾਫੀ ਭਾਲ ਕਰਨ ਦੇ ਬਾਵਜੂਦ ਜਦੋਂ ਕੋਈ ਸੁਰਾਗ ਨਾ ਲੱਗਾ ਤਾਂ ਪਤਾ ਲੱਗਾ ਕਿ ਕੋਈ ਅਣਪਛਾਤਾ ਚੋਰ ਮੋਟਰਸਾਈਕਲ ਚੋਰੀ ਕਰਕੇ ਫ਼ਰਾਰ ਹੋ ਗਿਆ ਹੈ। ਇਸ ਘਟਨਾ ਕਾਰਨ ਇਲਾਕਾ ਨਿਵਾਸੀਆਂ ’ਚ ਭਾਰੀ ਚਿੰਤਾ ਤੇ ਰੋਸ ਪਾਇਆ ਜਾ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਪੁਲਿਸ ਥਾਣੇ ਦੇ ਬਿਲਕੁਲ ਨੇੜੇ ਦਿਨ ਦੇ ਸਮੇਂ ਹੀ ਵਾਹਨ ਸੁਰੱਖਿਅਤ ਨਹੀਂ ਹਨ, ਤਾਂ ਆਮ ਲੋਕ ਆਪਣੇ ਆਪ ਨੂੰ ਕਿਵੇਂ ਸੁਰੱਖਿਅਤ ਮਹਿਸੂਸ ਕਰਨਗੇ। ਇਲਾਕਾ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸ਼ਹਿਰ ਤੇ ਜਨਤਕ ਥਾਵਾਂ ’ਤੇ ਪੁਲਿਸ ਗਸ਼ਤ ਵਧਾਈ ਜਾਵੇ ਤਾਂ ਜੋ ਚੋਰ ਗਿਰੋਹਾਂ ਨੂੰ ਨੱਥ ਪਾਈ ਜਾ ਸਕੇ। ਦੂਜੇ ਪਾਸੇ, ਪੀੜਤ ਮਾਲਕ ਮੱਖਣ ਸਿੰਘ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਬੱਸ ਅੱਡੇ ਤੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇ ਤਾਂ ਜੋ ਚੋਰ ਦੀ ਪਛਾਣ ਹੋ ਸਕੇ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਮੋਟਰਸਾਈਕਲ ਜਲਦ ਬਰਾਮਦ ਕਰਕੇ ਮੁਲਜ਼ਮ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।