ਭਾਰਤੀ ਸੰਵਿਧਾਨ ਦਿਵਸ ਨੂੰ ਸਮਰਪਿਤ ਲੇਖ ਰਚਨਾ ਮੁਕਾਬਲਾ ਤੇ ਸਹੁੰ ਚੁੱਕ ਸਮਾਗਮ ਭਾਰਤੀ ਸੰਵਿਧਾਨ ਦਿਵਸ ਮੌਕੇ ਲੇਖ ਰਚਨਾ ਮੁਕਾਬਲਾ ਅਤੇ ਸੰਵਿਧਾਨ ਦੀ ਪ੍ਰਸਤਾਵਨਾ ਦੀ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ
Publish Date: Sat, 28 Nov 2026 04:41 PM (IST)
Updated Date: Sat, 28 Nov 2026 04:43 PM (IST)
ਪੰਜਾਬੀ ਜਾਗਰਣ ਟੀਮ, ਨੰਗਲ : ਸਰਕਾਰੀ ਸ਼ਿਵਾਲਿਕ ਕਾਲਜ ਨਯਾ ਨੰਗਲ ਵਿਖੇ ਭਾਰਤੀ ਸੰਵਿਧਾਨ ਦਿਵਸ ਦੇ ਸਬੰਧ ’ਚ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਡਾ. ਦਲਜੀਤ ਕੌਰ ਦੀ ਦੇਖ-ਰੇਖ ਹੇਠ ਆਯੋਜਿਤ ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ’ਚ ਸੰਵਿਧਾਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਲੇਖ ਰਚਨਾ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ’ਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲੈਂਦਿਆਂ ਭਾਰਤੀ ਸੰਵਿਧਾਨ ਦੀ ਮਹੱਤਤਾ, ਲੋਕਤੰਤਰੀ ਕਦਰਾਂ-ਕੀਮਤਾਂ, ਮੌਲਿਕ ਅਧਿਕਾਰਾਂ ਤੇ ਨਾਗਰਿਕ ਫਰਜ਼ਾਂ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਕਾਲਜ ਦੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਵੱਲੋਂ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਦਾ ਸਮੂਹਿਕ ਪਾਠ ਕੀਤਾ ਗਿਆ। ਸਭ ਨੇ ਸੰਵਿਧਾਨ ’ਚ ਦਰਜ ਨਿਆਂ, ਆਜ਼ਾਦੀ, ਸਮਾਨਤਾ ਤੇ ਭਾਈਚਾਰੇ ਦੇ ਸਿਧਾਂਤਾਂ ਨੂੰ ਅਪਣਾਉਣ ਤੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਕਾਇਮ ਰੱਖਣ ਦੀ ਸਹੁੰ ਚੁੱਕੀ। ਕਾਲਜ ਦੇ ਪ੍ਰਿੰਸੀਪਲ ਨਵਦੀਪ ਸਿੰਘ ਨੇ ਆਪਣੇ ਸੰਦੇਸ਼ ’ਚ ਕਿਹਾ ਕਿ ਭਾਰਤੀ ਸੰਵਿਧਾਨ ਸਾਡੇ ਦੇਸ਼ ਦੇ ਲੋਕਤੰਤਰ ਦੀ ਮਜ਼ਬੂਤ ਨੀਂਹ ਹੈ। ਉਨ੍ਹਾਂ ਕਿਹਾ ਕਿ ਹਰੇਕ ਨਾਗਰਿਕ ਦਾ ਫਰਜ਼ ਬਣਦਾ ਹੈ ਕਿ ਉਹ ਸੰਵਿਧਾਨਕ ਕਦਰਾਂ-ਕੀਮਤਾਂ ਦਾ ਸਤਿਕਾਰ ਕਰੇ ਤੇ ਆਪਣੇ ਅਧਿਕਾਰਾਂ ਦੇ ਨਾਲ-ਨਾਲ ਫਰਜ਼ਾਂ ਪ੍ਰਤੀ ਵੀ ਸੁਚੇਤ ਰਹੇ। ਪ੍ਰਬੰਧਕਾਂ ਅਨੁਸਾਰ ਇਸ ਸਮਾਗਮ ਦਾ ਮੁੱਖ ਮਕਸਦ ਨੌਜਵਾਨ ਪੀੜ੍ਹੀ ਨੂੰ ਸੰਵਿਧਾਨ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਤੇ ਉਨ੍ਹਾਂ ’ਚ ਜ਼ਿੰਮੇਵਾਰ ਨਾਗਰਿਕਤਾ ਦੀ ਭਾਵਨਾ ਪੈਦਾ ਕਰਨਾ ਸੀ। ਲੇਖ ਰਚਨਾ ਮੁਕਾਬਲੇ ਦਾ ਮੁਲਾਂਕਣ ਪ੍ਰੋ. ਬਿਕਰਮਜੀਤ ਸਿੰਘ ਵੱਲੋਂ ਕੀਤਾ ਗਿਆ। ਇਸ ਮੌਕੇ ਸੀਨੀਅਰ ਪ੍ਰੋ. ਦਰਸ਼ਨ ਕੌਰ, ਪ੍ਰੋ. ਗੁਰਮੀਤ ਕੌਰ, ਡਾ. ਦਲਜੀਤ ਕੌਰ, ਪ੍ਰੋ. ਤਜਿੰਦਰ ਕੌਰ, ਪ੍ਰੋ. ਰੇਨੂੰ, ਡਾ. ਸੁਖਵਿੰਦਰ ਕੌਰ, ਪ੍ਰੋ. ਦੀਕਸ਼ਾ ਤੇ ਡਾ. ਕਮਲ ਕੁਮਾਰ ਸਮੇਤ ਕਾਲਜ ਦਾ ਸਮੂਹ ਟੀਚਿੰਗ ਤੇ ਨਾਨ-ਟੀਚਿੰਗ ਸਟਾਫ਼ ਹਾਜ਼ਰ ਸੀ।