ਐੱਨਐੱਚਐੱਮ ਮੁਲਾਜ਼ਮ ਮਨਾਉਣਗੇ ਰੋਸ ਵਜੋਂ ਕਾਲੀ ਦੀਵਾਲੀ ਐਨਐਚਐਮ ਮੁਲਾਜ਼ਮ ਮਨਾਉਣਗੇ ਰੋਸ ਵਜੋਂ ਕਾਲੀ ਦਿਵਾਲੀ
Publish Date: Fri, 06 Nov 2026 08:29 PM (IST)
Updated Date: Fri, 06 Nov 2026 08:32 PM (IST)
11 ਨਵੰਬਰ ਨੂੰ ਚੰਡੀਗੜ੍ਹ ਐੱਨਐੱਚਐੱਮ ਮੁੱਖ ਦਫ਼ਤਰ ਵਿਖੇ ਕੀਤੀ ਜਾਵੇਗੀ ਸੂਬਾ ਪੱਧਰੀ ਵਿਸ਼ਾਲ ਰੋਸ ਰੈਲੀ ਲਖਵੀਰ ਖਾਬੜਾ, ਪੰਜਾਬੀ ਜਾਗਰਣ ਰੂਪਨਗਰ: ਐੱਨਐੱਚਐੱਮ ਇੰਪਲਾਈਜ਼ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਹੱਕੀ ਮੰਗਾਂ ਦੀ ਪੂਰਤੀ ਨਾ ਹੋਣ ਦੇ ਰੋਸ ਵਜੋਂ ਇਸ ਵਾਰ ਨੂੰ ਰੋਸ ਵਜੋਂ ਕਾਲੀ ਦੀਵਾਲੀ ਮਨਾਈ ਜਾਵੇਗੀ। ਯੂਨੀਅਨ ਆਗੂਆਂ ਵੱਲੋਂ ਸਰਕਾਰ ਤੇ ਸਿਹਤ ਵਿਭਾਗ ਵਿਰੁੱਧ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਵੱਲੋਂ 6 ਨਵੰਬਰ ਤੋਂ ਸੰਪੂਰਨ ਤੌਰ ਤੇ ਕੰਮ ਬੰਦ ਕਰਦਿਆਂ 11 ਤਰੀਕ ਨੂੰ ਐੱਨਐੱਚਐੱਮ ਮੁੱਖ ਦਫ਼ਤਰ ਵਿਖੇ ਰੋਸ ਰੈਲੀ ਕਰਦਿਆਂ ਅਣਮਿੱਥੇ ਸਮੇਂ ਲਈ ਪੱਕਾ ਧਰਨਾ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਐੱਨਐੱਚਐੱਮ ਮੁਲਾਜ਼ਮਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਸਬੰਧੀ ਸੰਘਰਸ਼ ਕੀਤਾ ਜਾ ਰਿਹਾ ਹੈ। ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਸਰਕਾਰ ਵੱਲੋਂ ਇਕ ਵਿਸ਼ੇਸ਼ ਕਮੇਟੀ ਦਾ ਗਠਨ ਵੀ ਕੀਤਾ ਗਿਆ ਸੀ ਤੇ ਨੋਟੀਫਿਕੇਸ਼ਨ ਉਪਰੰਤ ਹਫ਼ਤੇ ਦੇ ਅੰਦਰ ਇਸ ਕਮੇਟੀ ਦੀ ਮੀਟਿੰਗ ਕਰਨ ਦਾ ਵਾਅਦਾ ਅਧਿਕਾਰੀਆਂ ਵੱਲੋਂ ਕੀਤਾ ਗਿਆ ਸੀ ਪਰ ਅਜੇ ਤੱਕ ਇਸ ਕਮੇਟੀ ਦੀ ਕੋਈ ਮੀਟਿੰਗ ਨਹੀਂ ਕੀਤੀ ਗਈ। ਇਸ ਕਾਰਨ ਮੁਲਾਜ਼ਮਾਂ ’ਚ ਸਰਕਾਰ ਤੇ ਸਿਹਤ ਵਿਭਾਗ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਐੱਨਐੱਚਐੱਮ ਅਧੀਨ ਕੰਮ ਕਰਦੇ ਮੁਲਾਜ਼ਮ ਸਿਹਤ ਵਿਭਾਗ ਦੀਆਂ ਵੱਖ-ਵੱਖ ਰਾਸ਼ਟਰੀ ਸਿਹਤ ਯੋਜਨਾਵਾਂ ਤੇ ਸਿਹਤ ਸੇਵਾਵਾਂ ਨੂੰ ਜ਼ਮੀਨੀ ਪੱਧਰ ’ਤੇ ਸਫਲ ਬਣਾਉਣ ’ਚ ਅਹਿਮ ਭੂਮਿਕਾ ਨਿਭਾ ਰਹੇ ਹਨ। ਇਸ ਦੇ ਬਾਵਜੂਦ ਸਰਕਾਰ ਵੱਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ, ਸਰਕਾਰ ਵੱਲੋਂ ਵਾਰ-ਵਾਰ ਤਕਰੀਬਨ 54 ਮੀਟਿੰਗਾਂ ਕਰਨ ਤੋਂ ਬਾਅਦ ਤੇ ਮੰਗਾਂ ਦੇ ਹੱਲ ਦਾ ਭਰੋਸਾ ਦੇਣ ਦੇ ਬਾਵਜੂਦ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ, ਪਿਛਲੇ ਸਾਢੇ ਚਾਰ ਸਾਲਾਂ ਦੇ ਦੌਰਾਨ ਇਸ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਕਿਸੇ ਤਰ੍ਹਾਂ ਦਾ ਕੋਈ ਵਿੱਤੀ ਲਾਭ ਨਹੀਂ ਦਿੱਤਾ ਗਿਆ। =============== ਯੂਨੀਅਨ ਵੱਲੋਂ ਐਲਾਨੇ ਗਏ ਸੰਘਰਸ਼ ਦੇ ਪ੍ਰੋਗਰਾਮ 1: 10 ਨਵੰਬਰ ਤੋਂ ਸਮੂਹ ਐੱਨਐੱਚਐਮ ਮੁਲਾਜ਼ਮਾਂ ਵੱਲੋਂ ਵੱਖ-ਵੱਖ ਸਿਹਤ ਸੰਸਥਾਵਾਂ ਦੇ ਬਾਹਰ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਦੌਰਾਨ ਸਰਕਾਰ ਦੇ ਰੋਸ ਵਜੋਂ ਪੁਤਲੇ ਵੀ ਸਾੜੇ ਜਾਣਗੇ। 2: 11 ਨਵੰਬਰ: ਸਮੂਹ ਕਰਮਚਾਰੀਆਂ ਵੱਲੋਂ ਸਾਂਝਾ ਲੀਡ ਲੈ ਕੇ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਦੇ ਮੁੱਖ ਦਫ਼ਤਰ ’ਚ ਸੂਬਾ ਪੱਧਰੀ ਰੋਸ ਧਰਨਾ ਲਗਾਇਆ ਜਾਵੇਗਾ, ਜਿਸ ਵਿਚ ਪੰਜਾਬ ਭਰ ਤੋਂ ਲਗਭਗ 5000 ਕਰਮਚਾਰੀ ਹਿੱਸਾ ਲੈਣਗੇ। 3: ਪੰਜਾਬ ਭਰ ਦੇ ਐੱਨਐੱਚਐੱਮ. ਮੁਲਾਜ਼ਮਾਂ ਵੱਲੋਂ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੀ ਰਿਹਾਇਸ਼ ਪਟਿਆਲਾ ’ਚ ਪੱਕਾ ਧਰਨਾ ਲਗਾਇਆ ਜਾਵੇਗਾ। ਇਸ ਵਿਚ ਲੜੀਵਾਰ ਅਨੁਸਾਰ ਜ਼ਿਲ੍ਹੇ ਸ਼ਮੂਲੀਅਤ ਕਰਨਗੇ ਤੇ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਦੇ ਵਿਰੁੱਧ ਆਮ ਲੋਕਾਂ ਨੂੰ ਜਾਗਰੂਕ ਕਰਨਗੇ। ============= ਯੂਨੀਅਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਇਹ ਰੋਸ ਪ੍ਰਦਰਸ਼ਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਸਰਕਾਰ ਤੇ ਸਿਹਤ ਵਿਭਾਗ ਵੱਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਲਿਖਤੀ ਨੋਟੀਫਿਕੇਸ਼ਨ ਰਾਹੀਂ ਪੂਰਾ ਨਹੀਂ ਕੀਤਾ ਜਾਂਦਾ। ਜੇਕਰ ਵਿਭਾਗ ਵੱਲੋਂ ਫਿਰ ਵੀ ਟਾਲਮਟੋਲ ਦੀ ਨੀਤੀ ਅਪਣਾਈ ਜਾਂਦੀ ਹੈ ਤਾਂ ਸਮੂਹ ਮੁਲਾਜ਼ਮਾਂ ਨੂੰ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰਦੇ ਹੋਏ ਅਣਮਿੱਥੇ ਸਮੇਂ ਲਈ ਕੰਮ ਬੰਦ ਕਰਨ ਲਈ ਮਜਬੂਰ ਹੋਣਾ ਪਵੇਗਾ, ਜਿਸ ਦੀ ਸਮੁੱਚੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਦੀ ਹੋਵੇਗੀ। ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਨੂੰ ਚੇਤਾਇਆ ਕਿ ਜੇਕਰ ਤੁਰੰਤ ਭਲਾਈ ਕਮੇਟੀ ਦੀ ਮੀਟਿੰਗ ਕਰਕੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਸਾਰਥਕ ਹੱਲ ਨਹੀਂ ਕੀਤਾ ਜਾਂਦਾ ਤਾਂ ਉਹ ਸੰਘਰਸ਼ ਨੂੰ ਕਿਸੇ ਵੀ ਪੜਾਅ ਤੱਕ ਲਿਜਾਣ ਲਈ ਨਹੀਂ ਹਿਚਕਚਾਉਣਗੇ। ਇਸ ਮੌਕੇ ਯੂਨੀਅਨ ਆਗੂ ਸੁਖਜੀਤ ਕੰਬੋਜ, ਮਨਜਿੰਦਰ ਸਿੰਘ, ਲਖਵੀਰ ਸਿੰਘ, ਰਜਿੰਦਰ ਸਿੰਘ, ਖੁਸ਼ਹਾਲ, ਕਿਰਨਦੀਪ ਕੌਰ, ਸੁਖਵਿੰਦਰ ਕੌਰ,ਨੇਹਾ ਸੈਣੀ, ਪਰਵਿੰਦਰ ਸਿੰਘ, ਇੰਦਰਜੀਤ ਸਿੰਘ, ਜਤਿੰਦਰ ਕੁਮਾਰ, ਪ੍ਰਦੀਪ ਸਿੰਘ ਹਾਜ਼ਰ ਸਨ।