ਔਰਤਾਂ ਸਮਾਜ ਦੀ ਮਜ਼ਬੂਤ ਨੀਂਹ : ਨੀਸ਼ਾ ਚੱਢਾ ਪੁਰਖਾਲੀ ਵਿਖੇ ਸਖੀਆਂ ਦੀ ਮੀਟਿੰਗ ਨੀਸ਼ਾ ਚੱਢਾ ਨੇ ਕੀਤੀ ਵਿਸ਼ੇਸ਼ ਸ਼ਮੂਲੀਅਤ
Publish Date: Fri, 20 Nov 2026 04:08 PM (IST)
Updated Date: Fri, 20 Nov 2026 04:10 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਪਿੰਡ ਪੁਰਖਾਲੀ ਵਿਖੇ ਸਖੀਆਂ ਦੀ ਇੱਕ ਵਿਸ਼ੇਸ਼ ਮੀਟਿੰਗ ਕਰਵਾਈ ਗਈ, ਜਿਸ ’ਚ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਧਰਮ ਪਤਨੀ ਨੀਸ਼ਾ ਚੱਢਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਮੌਜੂਦ ਸਖੀਆਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਭਲਾਈ, ਸਿੱਖਿਆ, ਸਿਹਤ ਸਹੂਲਤਾਂ ਤੇ ਲੋਕਾਂ ਦੀ ਬਿਹਤਰੀ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਨੀਸ਼ਾ ਚੱਢਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ। ਸਰਕਾਰ ਵੱਲੋਂ ਸਿੱਖਿਆ ਤੇ ਸਿਹਤ ਖੇਤਰ ’ਚ ਸੁਧਾਰ ਲਿਆਉਣ ਦੇ ਨਾਲ-ਨਾਲ ਆਮ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਔਰਤਾਂ ਸਮਾਜ ਦੀ ਮਜ਼ਬੂਤ ਨੀਂਹ ਹਨ ਤੇ ਉਨ੍ਹਾਂ ਦੀ ਸਮਾਜਿਕ, ਆਰਥਿਕ ਤੇ ਰਾਜਨੀਤਿਕ ਭਾਗੀਦਾਰੀ ਵਧਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਸਖੀਆਂ ਨੂੰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਲੈਣ ਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਇਨ੍ਹਾਂ ਪ੍ਰਤੀ ਜਾਗਰੂਕ ਕਰਨ ਦੀ ਅਪੀਲ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਹਲਕੇ ਦੇ ਪਿੰਡਾਂ ’ਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਪਿੰਡਾਂ ਵਿਚ ਸੜਕਾਂ, ਪੀਣ ਵਾਲੇ ਪਾਣੀ, ਸਿੱਖਿਆ, ਖੇਡ ਮੈਦਾਨਾਂ ਤੇ ਹੋਰ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਦਾ ਮੁੱਖ ਮਕਸਦ ਹਲਕੇ ਦੇ ਹਰ ਪਿੰਡ ਦਾ ਸਰਬਪੱਖੀ ਵਿਕਾਸ ਕਰਨਾ ਤੇ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਵਾਉਣਾ ਹੈ। ਮੀਟਿੰਗ ਦੌਰਾਨ ਸਖੀਆਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਤੇ ਸਮਾਜਿਕ ਤੇ ਵਿਕਾਸ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਚਰਚਾ ਕੀਤੀ। ਇਸ ਮੌਕੇ ਕੁਲਦੀਪ ਕੌਰ, ਸੀਮਾ, ਹਰਜੀਤ ਕੌਰ, ਨੀਲਮ ਰਾਣੀ ਸਮੇਤ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ’ਚ ਸਖੀਆਂ ਹਾਜ਼ਰ ਸਨ।