ਸ਼ਹਿਰ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਮਲਵਿੰਦਰ ਸਿੰਘ ਕੰਗ ਰੂਪਨਗਰ ਸ਼ਹਿਰ ਦੇ ਵਿਕਾਸ ਅਤੇ ਸੁੰਦਰੀਕਰਨ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਮਲਵਿੰਦਰ ਸਿੰਘ ਕੰਗ
Publish Date: Fri, 14 Aug 2026 06:10 PM (IST)
Updated Date: Fri, 14 Aug 2026 06:11 PM (IST)
ਨਗਰ ਕੌਂਸਲ ਰੂਪਨਗਰ ਦੇ ਨਵ-ਨਿਯੁਕਤ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ ਨੇ ਅਹੁਦਾ ਸੰਭਾਲਿਆ ਲਖਵੀਰ ਖਾਬੜਾ, ਪੰਜਾਬੀ ਜਾਰਗਣ ਰੂਪਨਗਰ: ਨਗਰ ਕੌਂਸਲ ਰੂਪਨਗਰ ਦੇ ਨਵ-ਨਿਯੁਕਤ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ ਨੇ ਸ਼ੁੱਕਰਵਾਰ ਨੂੰ ਨਗਰ ਕੌਂਸਲ ਦਫ਼ਤਰ ਵਿਖੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ। ਇਸ ਮੌਕੇ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਮਲਵਿੰਦਰ ਸਿੰਘ ਕੰਗ, ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਚੱਢਾ ਸਮੇਤ ਆਮ ਆਦਮੀ ਪਾਰਟੀ ਦੇ ਆਗੂਆਂ, ਵਰਕਰਾਂ, ਨਗਰ ਕੌਂਸਲ ਦੇ ਮੈਂਬਰਾਂ ਅਤੇ ਸ਼ਹਿਰ ਦੇ ਪਤਵੰਤੇ ਸੱਜਣਾਂ ਵੱਲੋਂ ਨਵ-ਨਿਯੁਕਤ ਪ੍ਰਧਾਨ ਨੂੰ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੇ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਸਮਾਗਮ ਦੌਰਾਨ ਇੰਦਰ ਦੇਵਤਾਂ ਨੇ ਵੀ ਖੁਸ਼ ਹੋ ਕੇ ਸਤਿਆਲ ਦੇ ਤਾਜਪੋਸ਼ੀ ਸਮਾਗਮ ਦੌਰਾਨ ਮੀਂਹ ਪਾ ਕੇ ਸਮਾਗਮ ਖੁਸ਼ਗਵਾਰ ਬਣਾ ਦਿੱਤਾ। ਇਸ ਮੌਕੇ ਸੰਬੋਧਨ ਕਰਦਿਆਂ ਮੈਂਬਰ ਪਾਰਲੀਮੈਂਟ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਰੂਪਨਗਰ ਸ਼ਹਿਰ ਦੇ ਸਰਵਪੱਖੀ ਵਿਕਾਸ ਨੂੰ ਹੋਰ ਗਤੀ ਦੇਣ ਲਈ ਸੂਬਾ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਤਰਜੀਹ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਨਗਰ ਕੌਂਸਲ ਦੇ ਨਵ-ਨਿਯੁਕਤ ਪ੍ਰਧਾਨ ਨੂੰ ਅਪੀਲ ਕੀਤੀ ਕਿ ਉਹ ਸਮੂਹ ਕੌਂਸਲਰਾਂ ਅਤੇ ਸ਼ਹਿਰ ਵਾਸੀਆਂ ਨਾਲ ਤਾਲਮੇਲ ਕਰਕੇ ਵਿਕਾਸ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ। ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਨਵ-ਨਿਯੁਕਤ ਪ੍ਰਧਾਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਰੂਪਨਗਰ ਸ਼ਹਿਰ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਆਧੁਨਿਕ ਸ਼ਹਿਰ ਬਣਾਉਣ ਲਈ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਦਿਆਂ ਸੜਕਾਂ, ਸਫ਼ਾਈ, ਪੀਣ ਵਾਲੇ ਪਾਣੀ, ਸਟਰੀਟ ਲਾਈਟਾਂ, ਨਿਕਾਸੀ ਪ੍ਰਬੰਧਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਕਾਰਜਾਂ ਨੂੰ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਅਤੇ ਰੂਪਨਗਰ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ’ਤੇ ਲੈ ਕੇ ਜਾਣਾ ਹੈ। ਨਗਰ ਕੌਂਸਲ ਦੇ ਨਵ-ਨਿਯੁਕਤ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ ਨੇ ਇਸ ਮੌਕੇ ਸਮੂਹ ਆਗੂਆਂ, ਕੌਂਸਲਰਾਂ ਅਤੇ ਸ਼ਹਿਰ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਸਮਰਪਣ ਅਤੇ ਪਾਰਦਰਸ਼ਤਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੇ ਸਮੂਹ ਮੈਂਬਰਾਂ ਨੂੰ ਨਾਲ ਲੈ ਕੇ ਸ਼ਹਿਰ ਦੇ ਵਿਕਾਸ, ਸੁੰਦਰੀਕਰਨ ਅਤੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾਣਗੇ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਰੂਪਨਗਰ ਦੀ ਚੇਅਰਪਰਸਨ ਸਤਿੰਦਰ ਕੌਰ, ਬਲਾਕ ਸੰਮਤੀ ਰੂਪਨਗਰ ਦੇ ਚੇਅਰਮੈਨ ਮਲਕੀਤ ਸਿੰਘ ਭੰਗੂ, ਜ਼ਿਲ੍ਹਾ ਯੂਥ ਪ੍ਰਧਾਨ ਚੇਤਨ ਕਾਲੀਆ, ਚੇਅਰਮੈਨ ਭਾਗ ਸਿੰਘ ਮਦਾਨ, ਚੇਅਰਮੈਨ ਸ਼ਿਵ ਕੁਮਾਰ ਲਾਲਪੁਰਾ, ਪਰਮਿੰਦਰ ਸਿੰਘ ਬਾਲਾ, ਸੀਨੀਅਰ ਮੀਤ ਪ੍ਰਧਾਨ ਸੰਗੀਤਾ ਕਾਲੀਆ, ਮੀਤ ਪ੍ਰਧਾਨ ਸੁਰਜੀਤ ਕੌਰ, ਕੌਸਲਰ ਪ੍ਰਵੀਨ ਸਿੰਘ,ਕੌਸਲਰ ਅੰਮ੍ਰਿਤਪਾਲ ਸਿੰਘ ਸੋਨੂ, ਕੌਸਲਰ ਸੰਤੋਸ਼ ਕੁਮਾਰੀ, ਕੌਸਲਰ ਸੁਖਜਿੰਦਰ ਫੌਜੀ, ਕੌਸਲਰ ਕਿਰਨ ਸੋਨੀ, ਕੌਸਲਰ ਗੁਰਵਿੰਦਰ ਸਿੰਘ ਜੱਗੀ,ਕੌਸਲਰ ਅਵਤਾਰ ਸਿੰਘ ,ਕੌਸਲਰ ਸੁਰਿੰਦਰ ਕੌਰ , ਕੌਸਲਰ ਜਗਮੋਣ ਕੌਰ , ਕੌਸਲਰ ਤਰਨਜੀਤ ਕੌਰ ਸਤਿਆਲ , ਖੱਤਰੀ ਵੈਲਫੇਅਰ ਬੋਰਡ ਦੇ ਚੇਅਰਮੈਨ ਤੇ ਵਪਾਰ ਮੰਡਲ ਦੇ ਪ੍ਰਧਾਨ ਪਰਮਿੰਦਰਪਾਲ ਸਿੰਘ ਬਿੰਟਾਂ,ਬਨਵਾਰੀ ਲਾਲ ਮੱਟੂ, ਦੇਸ ਰਾਜ ਸੈਣੀ, ਚੌਧਰੀ ਹੁਸਨ ਲਾਲ, ਲਲਿਤ ਡਕਾਲਾ ਸਮੇਤ ਨਗਰ ਕੌਂਸਲ ਦੇ ਸਮੂਹ ਮੈਂਬਰ, ਪਾਰਟੀ ਆਗੂ ਤੇ ਵਰਕਰ ਅਤੇ ਸ਼ਹਿਰ ਦੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।