ਐਨਐੱਸਕਿਊਐੱਫ ਅਧਿਆਪਕਾਂ ਦਾ ਸਿੱਖਿਆ ਮੰਤਰੀ ਹਲਕੇ ’ਚ ਰੋਸ
ਐਨਐੱਸਕਿਊਐੱਫ ਅਧਿਆਪਕਾਂ ਦਾ ਸਿੱਖਿਆ ਮੰਤਰੀ ਹਲਕੇ ਵਿੱਚ ਰੋਸ
Publish Date: Mon, 01 Jun 2026 04:13 PM (IST)
Updated Date: Mon, 01 Jun 2026 04:14 PM (IST)

ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ: ਐਨਐੱਸਕਿਊਐੱਫ ਵੋਕੇਸ਼ਨਲ ਟੀਚਰਜ਼ ਫਰੰਟ ਪੰਜਾਬ ਵੱਲੋਂ ਐਤਵਾਰ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹਲਕੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪੁੱਜੇ ਅਧਿਆਪਕਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਕ ਵਿੱਚ ਨਾਅਰੇਬਾਜ਼ੀ ਕਰਦਿਆਂ ਸਰਕਾਰ ਖ਼ਿਲਾਫ਼ ਰੋਸ ਜਤਾਇਆ। ਅਧਿਆਪਕਾਂ ਦਾ ਰੋਸ ਮਾਰਚ ਪੰਜ ਪਿਆਰਾ ਪਾਰਕ ਤੋਂ ਨੈਣਾ ਦੇਵੀ ਮੋੜ ਤੱਕ ਕੱਢਿਆ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਸਰਕਾਰ ਅਤੇ ਸਿੱਖਿਆ ਵਿਭਾਗ ਨਾਲ ਕਈ ਮੀਟਿੰਗਾਂ ਕਰਨ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਦੇ ਉਲਟ ਅਜੇ ਤੱਕ ਵੋਕੇਸ਼ਨਲ ਅਧਿਆਪਕਾਂ ਲਈ ਕੋਈ ਠੋਸ ਨੀਤੀ ਨਹੀਂ ਬਣਾਈ ਗਈ। ਫਰੰਟ ਦੇ ਆਗੂਆਂ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਕਰੀਬ 3670 ਐਨਐੱਸਕਿਊਐੱਫ ਵੋਕੇਸ਼ਨਲ ਅਧਿਆਪਕ ਕੰਮ ਕਰ ਰਹੇ ਹਨ, ਜਿਨ੍ਹਾਂ ਨੂੰ ਆਊਟਸੋਰਸ ਪ੍ਰਣਾਲੀ ਰਾਹੀਂ ਨਿੱਜੀ ਕੰਪਨੀਆਂ ਦੇ ਅਧੀਨ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ 12 ਸਾਲਾਂ ਤੋਂ ਇਹ ਅਧਿਆਪਕ ਵੱਖ-ਵੱਖ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ ਅਤੇ ਨਿੱਜੀ ਕੰਪਨੀਆਂ ਵੱਲੋਂ ਉਨ੍ਹਾਂ ਦਾ ਆਰਥਿਕ ਅਤੇ ਪ੍ਰਸ਼ਾਸਨਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਹਰਿਆਣਾ ਅਤੇ ਦਿੱਲੀ ਵਰਗੇ ਸੂਬਿਆਂ ਵਿੱਚ ਵੋਕੇਸ਼ਨਲ ਅਧਿਆਪਕਾਂ ਨੂੰ ਵੱਧ ਤਨਖ਼ਾਹ ਅਤੇ ਰੁਜ਼ਗਾਰ ਸੁਰੱਖਿਆ ਮਿਲ ਰਹੀ ਹੈ, ਜਦਕਿ ਪੰਜਾਬ ਵਿੱਚ ਅਜੇ ਵੀ ਉਨ੍ਹਾਂ ਦੀਆਂ ਮੰਗਾਂ ਅਣਸੁਣੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਨਿੱਜੀ ਕੰਪਨੀਆਂ ਦੀ ਪ੍ਰਣਾਲੀ ਖਤਮ ਕਰਕੇ ਐਨਐੱਸਕਿਊਐੱਫ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਸਿੱਧੇ ਤੌਰ ਤੇ ਸ਼ਾਮਲ ਕੀਤਾ ਜਾਵੇ। ਫਰੰਟ ਦੇ ਆਗੂਆਂ ਨੇ ਐਲਾਨ ਕੀਤਾ ਕਿ ਇਹ ਰੋਸ ਪ੍ਰਦਰਸ਼ਨ ਸਿਰਫ਼ ਚੇਤਾਵਨੀ ਵਜੋਂ ਕੀਤਾ ਗਿਆ ਹੈ। ਅੱਜ ਤੋਂ ਤਿੰਨ ਦਿਨਾਂ ਦੀ ਸੰਕੇਤਿਕ ਭੁੱਖ ਹੜਤਾਲ ਸ਼ੁਰੂ ਕੀਤੀ ਜਾ ਰਹੀ ਹੈ। ਜੇਕਰ ਇਸ ਦੌਰਾਨ ਸਰਕਾਰ ਵੱਲੋਂ ਕੋਈ ਸਕਾਰਾਤਮਕ ਕਦਮ ਨਾ ਚੁੱਕਿਆ ਗਿਆ ਤਾਂ ਸੂਬਾ ਪੱਧਰ ਤੇ ਪੱਕੇ ਧਰਨਿਆਂ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਮੌਕੇ ਰਣਜੀਤ ਸਿੰਘ, ਭੁਪਿੰਦਰ ਸਿੰਘ, ਗੁਰਜੀਤ ਸਿੰਘ, ਸੁਖਰਾਜ ਸਿੰਘ, ਮਹਿਤਾਬ ਸਿੰਘ ਅਤੇ ਮਨਪ੍ਰੀਤ ਸਿੰਘ ਸਮੇਤ ਹੋਰ ਆਗੂ ਅਤੇ ਅਧਿਆਪਕ ਹਾਜ਼ਰ ਸਨ।