ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਸੰਵਿਧਾਨ ਦਿਵਸ ਮਨਾਇਆ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੰਵਿਧਾਨ ਦਿਵਸ ਸ਼ਰਧਾ ਅਤੇ ਸਨਮਾਨ ਨਾਲ ਮਨਾਇਆ
Publish Date: Thu, 26 Nov 2026 03:38 PM (IST)
Updated Date: Thu, 26 Nov 2026 03:40 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ,ਰੂਪਨਗਰ : ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੰਵਿਧਾਨ ਦਿਵਸ ਪੂਰੀ ਸ਼ਰਧਾ, ਸਤਿਕਾਰ ਤੇ ਗੌਰਵਮਈ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਬੀਆਰ. ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸੰਵਿਧਾਨ ’ਚ ਦਰਜ ਲੋਕਤੰਤਰੀ ਕਦਰਾਂ-ਕੀਮਤਾਂ, ਸਮਾਨਤਾ, ਨਿਆਂ ਤੇ ਭਾਈਚਾਰੇ ਦੇ ਸਿਧਾਂਤਾਂ ਨੂੰ ਅਪਣਾਉਣ ਦਾ ਸੰਦੇਸ਼ ਦਿੱਤਾ ਗਿਆ। ਸਮਾਗਮ ਦੌਰਾਨ ਸਹਾਇਕ ਕਮਿਸ਼ਨਰ (ਜ) ਰਮਨਦੀਪ ਕੌਰ ਤੇ ਹੋਰ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਡਾ. ਬੀਆਰ. ਅੰਬੇਡਕਰ ਦੇ ਬੁੱਤ ’ਤੇ ਫੁੱਲ ਭੇਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਉਪਰੰਤ ਸਹਾਇਕ ਕਮਿਸ਼ਨਰ (ਜ) ਰਮਨਦੀਪ ਕੌਰ ਨੇ ਹਾਜ਼ਰ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਦੇਸ਼ ਦੀ ਏਕਤਾ, ਅਖੰਡਤਾ ਤੇ ਅਨੁਸ਼ਾਸਨ ਨੂੰ ਕਾਇਮ ਰੱਖਣ ਦੀ ਸਹੁੰ ਚੁਕਾਈ। ਇਸ ਮੌਕੇ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਵੀ ਪੜ੍ਹੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਸਹਾਇਕ ਕਮਿਸ਼ਨਰ ਨੇ ਕਿਹਾ ਕਿ ਸੰਵਿਧਾਨ ਦਿਵਸ ਸਾਨੂੰ ਆਪਣੇ ਸੰਵਿਧਾਨ ਦੇ ਮੂਲ ਸਿਧਾਂਤਾਂ, ਲੋਕਤੰਤਰੀ ਕਦਰਾਂ-ਕੀਮਤਾਂ ਤੇ ਸੰਵਿਧਾਨਕ ਜ਼ਿੰਮੇਵਾਰੀਆਂ ਪ੍ਰਤੀ ਮੁੜ ਵਚਨਬੱਧ ਹੋਣ ਦਾ ਮੌਕਾ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦਾ ਯੋਗਦਾਨ ਬੇਮਿਸਾਲ ਹੈ, ਜਿਨ੍ਹਾਂ ਨੇ ਅਜਿਹਾ ਸੰਵਿਧਾਨ ਤਿਆਰ ਕਰਨ ’ਚ ਅਹਿਮ ਭੂਮਿਕਾ ਨਿਭਾਈ, ਜੋ ਦੇਸ਼ ਦੀ ਵਿਭਿੰਨਤਾ ਨੂੰ ਇੱਕਜੁੱਟ ਕਰਦਿਆਂ ਹਰ ਨਾਗਰਿਕ ਨੂੰ ਬਰਾਬਰੀ, ਨਿਆਂ ਤੇ ਮੌਲਿਕ ਅਧਿਕਾਰਾਂ ਦੀ ਗਾਰੰਟੀ ਦਿੰਦਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਸਾਡੇ ਦੇਸ਼ ਦੀ ਲੋਕਤੰਤਰੀ ਪ੍ਰਣਾਲੀ ਦੀ ਮਜ਼ਬੂਤ ਨੀਂਹ ਹੈ ਤੇ ਇਹ ਸਾਨੂੰ ਬਿਨਾਂ ਕਿਸੇ ਭੇਦਭਾਵ ਦੇ ਸਾਰੇ ਨਾਗਰਿਕਾਂ ਦੇ ਅਧਿਕਾਰਾਂ ਦਾ ਸਤਿਕਾਰ ਕਰਨ ਦੇ ਨਾਲ-ਨਾਲ ਆਪਣੇ ਫਰਜ਼ਾਂ ਦੀ ਪਾਲਣਾ ਕਰਨ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਸੰਵਿਧਾਨ ਦੀਆਂ ਮਾਨਤਾਵਾਂ ਤੇ ਆਦਰਸ਼ਾਂ ਨੂੰ ਆਪਣੇ ਜੀਵਨ ਤੇ ਸਰਕਾਰੀ ਸੇਵਾਵਾਂ ’ਚ ਅਮਲ ’ਚ ਲਿਆਉਣ। ਉਨ੍ਹਾਂ ਦੱਸਿਆ ਕਿ ਹਰ ਸਾਲ 26 ਨਵੰਬਰ ਨੂੰ ਦੇਸ਼ ਭਰ ’ਚ ਸੰਵਿਧਾਨ ਦਿਵਸ ਮਨਾਇਆ ਜਾਂਦਾ ਹੈ। ਇਸ ਦਿਨ 1949 ’ਚ ਸੰਵਿਧਾਨ ਸਭਾ ਵੱਲੋਂ ਭਾਰਤੀ ਸੰਵਿਧਾਨ ਨੂੰ ਰਸਮੀ ਤੌਰ ’ਤੇ ਅਪਣਾਇਆ ਗਿਆ ਸੀ, ਜਦਕਿ ਇਹ 26 ਜਨਵਰੀ 1950 ਨੂੰ ਲਾਗੂ ਹੋਇਆ ਤੇ ਭਾਰਤ ਇੱਕ ਗਣਰਾਜ ਬਣਿਆ। ਇਸ ਮੌਕੇ ਐਡਵੋਕੇਟ ਚਰਨਜੀਤ ਸਿੰਘ ਘਈ ਸਮੇਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।