‘ਸਾਡਾ ਐੱਮਐੱਲਏ ਸਾਡੇ ਵਿਚ’ ਤਹਿਤ ਹਰਜੋਤ ਬੈਂਸ ਨੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ ਸਾਡਾ ਐਮ.ਐਲ.ਏ. ਸਾਡੇ ਵਿੱਚ ਤਹਿਤ ਹਰਜੋਤ ਸਿੰਘ ਬੈਂਸ ਨੇ ਨੰਗਲ ਵਿਖੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ
Publish Date: Sun, 20 Sep 2026 06:29 PM (IST)
Updated Date: Sun, 20 Sep 2026 06:29 PM (IST)
ਪੰਜਾਬੀ ਜਾਗਰਣ ਟੀਮ, ਨੰਗਲ: ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਘਰਾਂ ਅਤੇ ਬਰੂਹਾਂ ਤੱਕ ਪਹੁੰਚ ਕੇ ਕਰਨ ਦੇ ਉਦੇਸ਼ ਨਾਲ ਚਲਾਏ ਜਾ ਰਹੇ ‘ਸਾਡਾ ਐੱਮਐੱਲਏ ਸਾਡੇ ਵਿਚ’ ਪ੍ਰੋਗਰਾਮ ਤਹਿਤ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੀ ਰਿਹਾਇਸ਼ ਨੰਗਲ ਦੇ 2 ਆਰਵੀਆਰ ਵਿਖੇ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਨੰਗਲ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਵੱਡੀ ਗਿਣਤੀ ’ਚ ਲੋਕ ਆਪਣੀਆਂ ਨਿੱਜੀ ਤੇ ਸਾਂਝੀਆਂ ਸਮੱਸਿਆਵਾਂ ਲੈ ਕੇ ਪਹੁੰਚੇ। ਕੈਬਨਿਟ ਮੰਤਰੀ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਈ ਮਾਮਲਿਆਂ ਦਾ ਮੌਕੇ ’ਤੇ ਹੀ ਨਿਪਟਾਰਾ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾਕਿ “ਜਨਤਾ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਸਾਡਾ ਫਰਜ਼ ਹੈ ਤੇ ਲੋਕਾਂ ਨੂੰ ਆਪਣੀਆਂ ਮੁਸ਼ਕਲਾਂ ਦੇ ਹੱਲ ਲਈ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ, ਇਸ ਲਈ ਅਸੀਂ ਖੁਦ ਲੋਕਾਂ ਦੇ ਵਿਚਕਾਰ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਾਂ।” ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਦਿੱਤੇ ਜਾਂਦੇ ਹਰ ਸੁਝਾਅ ਅਤੇ ਸਮੱਸਿਆ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਨਤਾ ਨਾਲ ਸਬੰਧਤ ਮਾਮਲਿਆਂ ਨੂੰ ਬੇਲੋੜਾ ਲਟਕਾਇਆ ਨਾ ਜਾਵੇ ਅਤੇ ਨਿਯਮਾਂ ਅਨੁਸਾਰ ਸਮੇਂ ਸਿਰ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਬਿਹਤਰ ਅਤੇ ਸੁਚਾਰੂ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾਕਿ ਨੰਗਲ ਸ਼ਹਿਰ ’ਚ ਮਿਸ਼ਨ ਕਲੀਨ ਤਹਿਤ ਸਫਾਈ ਮੁਹਿੰਮ ਲਗਾਤਾਰ ਜਾਰੀ ਹੈ ਤੇ ਸ਼ਹਿਰ ਦੇ ਕੋਨੇ-ਕੋਨੇ ਨੂੰ ਸਾਫ-ਸੁਥਰਾ ਬਣਾਉਣ ਲਈ ਜ਼ਮੀਨੀ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਫਾਈ ਪ੍ਰਬੰਧਾਂ ਦੀ ਨਿਯਮਤ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਵੀ ਗੰਦਗੀ ਜਾਂ ਕੂੜੇ ਦੀ ਸਮੱਸਿਆ ਸਾਹਮਣੇ ਆ ਰਹੀ ਹੈ, ਉੱਥੇ ਤੁਰੰਤ ਸਫਾਈ ਕਰਵਾਈ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਦੇ ਇਲਾਕਿਆਂ ਨੂੰ ਸਾਫ ਰੱਖਣ ਅਤੇ ਕੂੜਾ ਨਿਰਧਾਰਤ ਸਥਾਨਾਂ ’ਤੇ ਹੀ ਸੁੱਟਣ ਤਾਂ ਜੋ ਸਾਂਝੇ ਯਤਨਾਂ ਨਾਲ ਨੰਗਲ ਨੂੰ ਹੋਰ ਸੁੰਦਰ ਅਤੇ ਸਾਫ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸ਼ਹਿਰ ’ਚ ਸਫਾਈ ਦੇ ਨਾਲ-ਨਾਲ ਸੜਕਾਂ, ਪੀਣ ਵਾਲੇ ਪਾਣੀ, ਸੀਵਰੇਜ, ਨਾਲੀਆਂ ਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਜੁੜੇ ਕੰਮਾਂ ਨੂੰ ਵੀ ਤਰਜੀਹ ਦਿੱਤੀ ਜਾ ਰਹੀ ਹੈ। ਲੋਕ ਮਿਲਣੀ ਦੌਰਾਨ ਲੋਕਾਂ ਵੱਲੋਂ ਆਪਣੇ ਇਲਾਕਿਆਂ ਨਾਲ ਸਬੰਧਤ ਵਿਕਾਸ ਕਾਰਜਾਂ ਤੇ ਹੋਰ ਜਨਤਕ ਮੁੱਦੇ ਵੀ ਕੈਬਨਿਟ ਮੰਤਰੀ ਦੇ ਧਿਆਨ ’ਚ ਲਿਆਂਦੇ ਗਏ। ਬੈਂਸ ਨੇ ਕਿਹਾ ਕਿ ਹਲਕੇ ਦੇ ਵਿਕਾਸ ਲਈ ਸਰਕਾਰ ਵੱਲੋਂ ਦਿੱਤੇ ਸਰੋਤਾਂ ਦੀ ਸੁਚੱਜੀ ਵਰਤੋਂ ਕਰਦਿਆਂ ਜ਼ਰੂਰੀ ਕੰਮਾਂ ਨੂੰ ਤਰਜ਼ੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਭਲਾਈ ਤੇ ਹਲਕੇ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀਆਂ ਮੁੱਖ ਤਰਜ਼ੀਹਾਂ ’ਚ ਸ਼ਾਮਲ ਹੈ। ਲੋਕਾਂ ਨੇ ਕੈਬਨਿਟ ਮੰਤਰੀ ਵੱਲੋਂ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਿੱਧੇ ਤੌਰ ’ਤੇ ਸੁਣਨ ਅਤੇ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਲਈ ਹਦਾਇਤਾਂ ਦੇਣ ਲਈ ਧੰਨਵਾਦ ਕੀਤਾ।