ਆਊਟਸੋਰਸ ਮੁਲਾਜ਼ਮਾਂ ਨੇ ਦਿੱਤੀ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ
ਆਊਟਸੋਰਸ ਮੁਲਾਜ਼ਮਾਂ ਨੇ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ
Publish Date: Mon, 15 Jun 2026 04:20 PM (IST)
Updated Date: Mon, 15 Jun 2026 04:21 PM (IST)

ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ ਸ੍ਰੀ ਅਨੰਦਪੁਰ ਸਾਹਿਬ : ਜਲ ਸਪਲਾਈ ਅਤੇ ਸੈਨੀਟੇਸ਼ਨ ਠੇਕਾ ਕਾਮੇ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਸਥਾਨਕ ਜਲ ਸਪਲਾਈ ਵਿਭਾਗ ਦੇ ਡਵੀਜ਼ਨ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਧਾਨ ਕਪਿਲ ਮਹਿੰਦਲੀ ਦੇ ਸੱਦੇ ’ਤੇ ਸਥਾਨਕ ਪ੍ਰਧਾਨ ਮੱਖਣ ਕਾਲਸ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਪਟਿਆਲਾ ਵਿਖੇ ਚੱਲ ਰਹੇ ਪੱਕੇ ਮੋਰਚੇ ਅਤੇ ਅਗਲੀ ਸੰਘਰਸ਼ਕਾਰੀ ਰਣਨੀਤੀ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਗੁਰਮੁੱਖ ਸਿੰਘ ਕਲੋਤਾ ਨੇ ਕਿਹਾ ਕਿ ਜਲ ਸਪਲਾਈ ਕਾਮੇ ਪਿਛਲੇ 18 ਦਿਨਾਂ ਤੋਂ ਪਟਿਆਲਾ ਵਿੱਚ ਪੱਕੇ ਰੁਜ਼ਗਾਰ ਦੀ ਮੰਗ ਲਈ ਮੋਰਚਾ ਲਗਾ ਕੇ ਬੈਠੇ ਹਨ, ਪਰ ਸਰਕਾਰ ਵੱਲੋਂ ਅਜੇ ਤੱਕ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪੰਜਾਬ ਸਟੇਟ ਆਊਟਸੋਰਸਡ ਪਰਸਨਲ ਬਿੱਲ-2026 ਦਾ ਐਲਾਨ ਤਾਂ ਕੀਤਾ ਗਿਆ ਹੈ, ਪਰ ਇਸ ਦਾ ਖਰੜਾ ਹਾਲੇ ਤੱਕ ਜਨਤਕ ਨਹੀਂ ਕੀਤਾ ਗਿਆ ਅਤੇ ਵੱਡੀ ਗਿਣਤੀ ਵਿੱਚ ਇਨਲਿਸਟਮੈਂਟ ਮੁਲਾਜ਼ਮਾਂ ਨੂੰ ਵੀ ਇਸ ਦੇ ਦਾਇਰੇ ਤੋਂ ਬਾਹਰ ਰੱਖਿਆ ਗਿਆ ਹੈ। ਕਪਿਲ ਮਹਿੰਦਲੀ ਨੇ ਕਿਹਾ ਕਿ ਯੂਨੀਅਨ ਦੀ ਮੰਗ ਹੈ ਕਿ ਬਿੱਲ ਦਾ ਖਰੜਾ ਜਨਤਕ ਕੀਤਾ ਜਾਵੇ, ਇਸ ਨੂੰ ਤੁਰੰਤ ਲਾਗੂ ਕੀਤਾ ਜਾਵੇ ਅਤੇ ਇਨਲਿਸਟਮੈਂਟ ਮੁਲਾਜ਼ਮਾਂ ਨੂੰ ਵੀ ਇਸ ਵਿੱਚ ਸ਼ਾਮਲ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ 16 ਜੂਨ ਨੂੰ ਵਿੱਤ ਮੰਤਰੀ ਪੰਜਾਬ ਵੱਲੋਂ ਯੂਨੀਅਨ ਨੂੰ ਮੀਟਿੰਗ ਲਈ ਸੱਦਿਆ ਗਿਆ ਹੈ। ਜੇਕਰ ਮੀਟਿੰਗ ਵਿੱਚ ਮੰਗਾਂ ਦਾ ਹੱਲ ਨਾ ਹੋਇਆ ਜਾਂ ਕੋਈ ਟਾਲਮਟੋਲ ਕੀਤੀ ਗਈ ਤਾਂ 18 ਜੂਨ ਨੂੰ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿੱਚ ਸੂਬਾ ਪੱਧਰੀ ਵੱਡਾ ਇਕੱਠ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਮੱਖਣ ਕਾਲਸ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਇਕਾਈ ਦੇ ਸਮੂਹ ਕਾਮੇ ਹਰ ਤਰ੍ਹਾਂ ਦੇ ਸੰਘਰਸ਼ ਲਈ ਤਿਆਰ ਹਨ। ਇਸੇ ਮਕਸਦ ਨਾਲ ਵਿਸ਼ੇਸ਼ ਮੀਟਿੰਗ ਕਰਕੇ ਕਾਮਿਆਂ ਨੂੰ ਆਉਣ ਵਾਲੇ ਦਿਨਾਂ ਦੀਆਂ ਗਤੀਵਿਧੀਆਂ ਲਈ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੂਪਨਗਰ ਵਿੱਚ ਮੁੱਖ ਮੰਤਰੀ ਦੇ ਦੌਰਿਆਂ ਦੌਰਾਨ ਉਨ੍ਹਾਂ ਨੂੰ ਮਿਲ ਕੇ ਮੰਗ ਪੱਤਰ ਸੌਂਪਿਆ ਜਾਵੇਗਾ। ਮੀਟਿੰਗ ਵਿੱਚ ਭੁਪਿੰਦਰ ਸਿੰਘ ਕਾਕੂ, ਜੱਸੀ ਕੀਰਤਪੁਰ, ਇੰਦਰ ਪ੍ਰਤਾਪ ਰਾਣਾ, ਨਵੀਨ ਪੰਡਿਤ, ਪਵਨ ਬਰੋਟਾ, ਅਰਜੁਨ ਸਿੰਘ, ਪੱਪੂ ਸਹੋਤਾ, ਰਘੂਬੀਰ ਸਿੰਘ ਅਤੇ ਹੋਰ ਆਗੂ ਹਾਜ਼ਰ ਸਨ।