ਖ਼ਾਲਸਾ ਕਾਲਜ ਵੱਲੋਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਦਾ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
Publish Date: Thu, 15 Oct 2026 03:20 PM (IST)
Updated Date: Thu, 15 Oct 2026 03:24 PM (IST)
ਰਾਜਵੀਰ ਸਿੰਘ ਚੌਂਤਾ, ਪੰਜਾਬੀ ਜਾਗਰਣ, ਸ੍ਰੀ ਚਮਕੌਰ ਸਾਹਿਬ: ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਦੇ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਂ ਰੌਸ਼ਨ ਕੀਤਾ। ਕਾਲਜ ਪਹੁੰਚਣ ’ਤੇ ਪ੍ਰਿੰਸੀਪਲ ਡਾ. ਬਲਜੀਤ ਸਿੰਘ ਨੇ ਜੇਤੂ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਅਤੇ ਰਾਜ ਪੱਧਰੀ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ. ਮਧੂ ਡਡਵਾਲ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਗੱਤਕਾ ਮੁਕਾਬਲਿਆਂ ’ਚ ਕਾਲਜ ਦੇ ਵਿਦਿਆਰਥੀ ਅਕਾਸ਼ਪ੍ਰੀਤ ਸਿੰਘ, ਬੀਏ. ਭਾਗ ਪਹਿਲਾ ਨੇ ਗੱਤਕਾ ਪ੍ਰਦਰਸ਼ਨੀ ’ਚ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਜਸਕਰਨ ਸਿੰਘ, ਬੀਏ. ਭਾਗ ਦੂਜਾ, ਨੈਨਦੀਪ ਸਿੰਘ, ਬੀਐੱਸਸੀ ਭਾਗ ਪਹਿਲਾ ਅਤੇ ਨਵਦੀਪ ਸਿੰਘ, ਬੀਏ ਭਾਗ ਪਹਿਲਾ ਦੀ ਟੀਮ ਨੇ ਸਿੰਗਲ ਸੋਟੀ ਮੁਕਾਬਲੇ ’ਚ ਤੀਜਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਡਾ. ਬਲਜੀਤ ਸਿੰਘ ਨੇ ਵਿਦਿਆਰਥੀਆਂ ਦੀ ਪ੍ਰਾਪਤੀ ’ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ’ਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਟੀਮ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ ’ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ’ਚ ਵੀ ਮਿਹਨਤ ਅਤੇ ਲਗਨ ਨਾਲ ਖੇਡਾਂ ’ਚ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਗੱਤਕਾ ਕੋਚ ਪਰਦੀਪ ਰਾਮ ਸਿੰਘ, ਕਾਲਜ ਦਾ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।