ਗੁਰਮਤਿ ਮੁਕਾਬਲਿਆਂ ’ਚ ਸਾਹਿਬਜ਼ਾਦਾ ਜੁਝਾਰ ਸਿੰਘ ਅਕੈਡਮੀ ਦਾ ਸ਼ਾਨਦਾਰ ਪ੍ਰਦਰਸ਼ਨ ਤੀਜੇ ਵਿਰਸਾ ਸੰਭਾਲ ਗੁਰਮਤਿ ਮੁਕਾਬਲਿਆਂ ਵਿਚ ਸਾਹਿਬਜ਼ਾਦਾ ਜੁਝਾਰ ਸਿੰਘ ਅਕੈਡਮੀ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
Publish Date: Tue, 17 Nov 2026 03:43 PM (IST)
Updated Date: Tue, 17 Nov 2026 03:45 PM (IST)
ਅਸ਼ੋਕ ਚੇਤਲ, ਪੰਜਾਬੀ ਜਾਗਰਣ, ਬੇਲਾ : ਸੰਤ ਬਾਬਾ ਕਰਤਾਰ ਸਿੰਘ ਜੀ ਦੇ ਪਵਿੱਤਰ ਬਚਨਾਂ ਅਨੁਸਾਰ ਤੇ ਸੰਤ ਬਾਬਾ ਅਮਰ ਸਿੰਘ ਜੀ ਦੇ ਕਰ-ਕਮਲਾਂ ਨਾਲ ਆਰੰਭ ਕੀਤੀ ਗਈ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸਾਹਿਬਜ਼ਾਦਾ ਜੁਝਾਰ ਸਿੰਘ ਅਕੈਡਮੀ ਦੇ ਵਿਦਿਆਰਥੀਆਂ ਨੇ ਧਾਰਮਿਕ ਖੇਤਰ ’ਚ ਇੱਕ ਵਾਰ ਫਿਰ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ। ਗੁਰਦੁਆਰਾ ਸਿੰਘ ਸਭਾ, ਕਿਸ਼ਨਪੁਰਾ ਵਿਖੇ ਕਰਵਾਏ ਗਏ ਤੀਜੇ ਵਿਰਸਾ ਸੰਭਾਲ ਗੁਰਮਤਿ ਮੁਕਾਬਲਿਆਂ ’ਚ ਅਕੈਡਮੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੋਹਰੀ ਪੁਜ਼ੀਸ਼ਨਾਂ ਹਾਸਲ ਕਰਕੇ ਸੰਸਥਾ ਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਇਨ੍ਹਾਂ ਮੁਕਾਬਲਿਆਂ ’ਚ ਵੱਖ-ਵੱਖ ਸਕੂਲਾਂ ਤੇ ਅਕੈਡਮੀਆਂ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਸਖ਼ਤ ਮੁਕਾਬਲਿਆਂ ਦੌਰਾਨ ਸਾਹਿਬਜ਼ਾਦਾ ਜੁਝਾਰ ਸਿੰਘ ਅਕੈਡਮੀ ਦੀ ਪੰਜਵੀਂ ਜਮਾਤ ਦੀ ਵਿਦਿਆਰਥਣ ਅਵਨੀਤ ਕੌਰ ਨੇ ਆਪਣੀ ਵਿਲੱਖਣ ਪ੍ਰਤਿਭਾ ਸਦਕਾ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਸੱਤਵੀਂ ਜਮਾਤ ਦੇ ਵਿਦਿਆਰਥੀ ਜਸਕਰਨ ਸਿੰਘ ਨੇ ਗੁਰਬਾਣੀ ਕੰਠ ਮੁਕਾਬਲੇ ’ਚ ਬਾਖੂਬੀ ਹਿੱਸਾ ਲੈਂਦਿਆਂ ਦੂਜਾ ਸਥਾਨ ਹਾਸਲ ਕਰਕੇ ਸਭ ਦਾ ਮਨ ਮੋਹ ਲਿਆ। ਜ਼ਿਕਰਯੋਗ ਹੈ ਕਿ ਵਿਦਿਆਰਥੀਆਂ ਦੀ ਇਸ ਵੱਡੀ ਪ੍ਰਾਪਤੀ ਪਿੱਛੇ ਅਕੈਡਮੀ ਦੀ ਉਸਾਰੂ ਸੋਚ ਤੇ ਧਾਰਮਿਕ ਸਿੱਖਿਆ ਪ੍ਰਤੀ ਸਮਰਪਣ ਦਾ ਵਿਸ਼ੇਸ਼ ਯੋਗਦਾਨ ਹੈ। ਅਕੈਡਮੀ ’ਚ ਆਧੁਨਿਕ ਵਿੱਦਿਆ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਰੋਜ਼ਾਨਾ ਪੰਜ ਬਾਣੀਆਂ ਦਾ ਨਿਯਮਿਤ ਪਾਠ ਕਰਵਾਇਆ ਜਾਂਦਾ ਹੈ ਤੇ ਉਨ੍ਹਾਂ ਨੂੰ ਗੁਰਬਾਣੀ, ਸਿੱਖ ਇਤਿਹਾਸ ਤੇ ਵਿਰਸੇ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਂਦੇ ਹਨ। ਸੰਸਥਾ ਦਾ ਮੁੱਖ ਉਦੇਸ਼ ਬੱਚਿਆਂ ਦੇ ਮਨਾਂ ’ਚ ਗੁਰਬਾਣੀ ਪ੍ਰਤੀ ਅਥਾਹ ਸ਼ਰਧਾ, ਸਿੱਖੀ ਸਿਧਾਂਤਾਂ ਦੀ ਸੂਝ ਤੇ ਚੰਗੇ ਨੈਤਿਕ ਸੰਸਕਾਰਾਂ ਦੀ ਭਾਵਨਾ ਪੈਦਾ ਕਰਨਾ ਹੈ, ਤਾਂ ਜੋ ਉਹ ਸਮਾਜ ਦੇ ਚੰਗੇ ਨਾਗਰਿਕ ਬਣ ਸਕਣ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਜਿੱਤ ’ਤੇ ਅਕੈਡਮੀ ਦੇ ਸਮੂਹ ਪ੍ਰਬੰਧਕਾਂ, ਪ੍ਰਿੰਸੀਪਲ ਤੇ ਸਟਾਫ਼ ਵੱਲੋਂ ਜੇਤੂ ਵਿਦਿਆਰਥੀਆਂ ਅਵਨੀਤ ਕੌਰ ਤੇ ਜਸਕਰਨ ਸਿੰਘ, ਉਨ੍ਹਾਂ ਦੇ ਮਾਪਿਆਂ ਤੇ ਤਿਆਰੀ ਕਰਵਾਉਣ ਵਾਲੇ ਅਧਿਆਪਕਾਂ ਨੂੰ ਹਾਰਦਿਕ ਵਧਾਈ ਦਿੱਤੀ ਗਈ। ਪ੍ਰਬੰਧਕਾਂ ਨੇ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ ਤੇ ਅੱਗੇ ਤੋਂ ਵੀ ਅਜਿਹੇ ਮੁਕਾਬਲਿਆਂ ’ਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।