‘ਮੇਰਾ ਘਰ ਮੇਰੇ ਨਾਮ’ ਤਹਿਤ ਲਾਭਪਾਤਰੀਆਂ ਨੂੰ ਸੌਂਪੇ ਮਾਲਕੀ ਹੱਕ ਦੇ ਦਸਤਾਵੇਜ਼ ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਲਾਭਪਾਤਰੀਆਂ ਨੂੰ ਮਾਲਕੀ ਹੱਕ ਦੀਆਂ ਰਜਿਸਟਰੀਆਂ ਵੰਡੀਆਂ
Publish Date: Sat, 28 Nov 2026 05:08 PM (IST)
Updated Date: Sat, 28 Nov 2026 05:10 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦਾ ਕਾਨੂੰਨੀ ਮਾਲਕੀ ਹੱਕ ਦਿਵਾਉਣ ਦੇ ਮਕਸਦ ਨਾਲ ਚਲਾਈ ਜਾ ਰਹੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਬਲਾਵਲਪੁਰ ਵਿਖੇ ਲਾਭਪਾਤਰੀਆਂ ਨੂੰ ਮਾਲਕੀ ਹੱਕ ਦੀਆਂ ਰਜਿਸਟਰੀਆਂ ਵੰਡੀਆਂ ਗਈਆਂ। ਇਹ ਕਾਰਜ ਹਲਕਾ ਵਿਧਾਇਕ ਦਿਨੇਸ਼ ਚੱਢਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉਨ੍ਹਾਂ ਦੀ ਟੀਮ ਵੱਲੋਂ ਨੇਪਰੇ ਚਾੜ੍ਹਿਆ ਗਿਆ। ਇਸ ਮੌਕੇ ਬਲਾਕ ਸੰਮਤੀ ਰੂਪਨਗਰ ਦੇ ਚੇਅਰਮੈਨ ਮਲਕੀਤ ਸਿੰਘ ਭੰਗੂ ਨੇ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਸਕੀਮ ਆਮ ਲੋਕਾਂ ਲਈ ਬੇਹੱਦ ਲਾਹੇਵੰਦ ਸਾਬਤ ਹੋ ਰਹੀ ਹੈ। ਇਸ ਸਕੀਮ ਰਾਹੀਂ ਲੰਮੇ ਸਮੇਂ ਤੋਂ ਆਪਣੇ ਘਰਾਂ ’ਚ ਰਹਿ ਰਹੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦਾ ਕਾਨੂੰਨੀ ਮਾਲਕੀ ਹੱਕ ਮਿਲ ਰਿਹਾ ਹੈ, ਜਿਸ ਨਾਲ ਉਨ੍ਹਾਂ ਦੀ ਸੁਰੱਖਿਆ ਤੇ ਭਵਿੱਖ ਨੂੰ ਨਵੀਂ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਦਿਨੇਸ਼ ਚੱਢਾ ਦੀ ਅਗਵਾਈ ਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਬਿਨਾਂ ਕਿਸੇ ਖੱਜਲ-ਖੁਆਰੀ ਦੇ ਦਿਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਬਲਾਕ ਪ੍ਰਧਾਨ ਪਰਮਿੰਦਰ ਸਿੰਘ ਬਾਲਾ ਨੇ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਮਾਲਕੀ ਹੱਕ ਦੀਆਂ ਰਜਿਸਟਰੀਆਂ ਮਿਲਣ ਨਾਲ ਲਾਭਪਾਤਰੀਆਂ ਦੇ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੀ ਹੈ ਤੇ ਲੋਕਾਂ ਦਾ ਆਪਣੇ ਘਰਾਂ ਪ੍ਰਤੀ ਹੱਕ ਹੋਰ ਮਜ਼ਬੂਤ ਹੋਇਆ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ’ਚ ਵੀ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਤੇ ਸਰਕਾਰੀ ਸਕੀਮਾਂ ਦਾ ਲਾਭ ਦਿਵਾਉਣ ਲਈ ਯਤਨ ਜਾਰੀ ਰਹਿਣਗੇ। ਇਸ ਮੌਕੇ ਲਲਿਤ ਡਕਾਲਾ ਮੈਂਬਰ ਬਲਾਕ ਸੰਮਤੀ, ਸਰਪੰਚ ਕਰਮਜੀਤ ਕੌਰ, ਪਟਵਾਰੀ ਇੰਦਰਜੀਤ ਸਿੰਘ, ਰਾਜਿੰਦਰ ਕੌਰ, ਪਟਵਾਰੀ ਗੁਰਪ੍ਰੀਤ ਕੌਰ, ਮਨਜੀਤ ਸਿੰਘ, ਦਰਸ਼ਨ ਸਿੰਘ, ਸਰਵਨ ਸਿੰਘ, ਕਮਿੰਦਰ ਸਿੰਘ ਸਮੇਤ ਹੋਰ ਪਤਵੰਤੇ ਸੱਜਣ ਤੇ ਪਿੰਡ ਵਾਸੀ ਹਾਜ਼ਰ ਸਨ।