ਬੱਚਿਆਂ ਦੀ ਸਫਲਤਾ ’ਚ ਅਧਿਆਪਕਾਂ ਦੇ ਨਾਲ ਮਾਪਿਆਂ ਦੀ ਵੀ ਭੂਮਿਕਾ ਅਹਿਮ
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਕਾਂਗੜ ਸਮਾਰਟ ਸਕੂਲ ਵਿੱਚ ਮਾਪੇ-ਅਧਿਆਪਕ ਮਿਲਣੀ
Publish Date: Sun, 08 Feb 2026 03:55 PM (IST)
Updated Date: Mon, 09 Feb 2026 03:59 AM (IST)

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਕਾਂਗੜ ਸਮਾਰਟ ਸਕੂਲ ਵਿੱਚ ਮਾਪੇ-ਅਧਿਆਪਕ ਮਿਲਣੀ ਮਾਪਿਆਂ ਨੇ ਵੱਡੀ ਗਿਣਤੀ ਵਿੱਚ ਲਿਆ ਭਾਗ ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ : ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸ਼ੁਰੂ ਕੀਤੀ ਗਈ ਪੰਜਾਬ ਸਿੱਖਿਆ ਕ੍ਰਾਂਤੀ ਦੇ ਤਹਿਤ ਮਾਪਿਆਂ ਦੀ ਵਰਕਸ਼ਾਪ ਦੇ ਦੂਜੇ ਗੇੜ ਅੰਦਰ ਅੱਜ ਖੇਤਰ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀਆਂ (ਪੀਟੀਐੱਮ) ਦਾ ਆਯੋਜਨ ਕੀਤਾ ਗਿਆ। ਇਸ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਾਂਗੜ ਵਿਖੇ ਸਕੂਲ ਮੁਖੀ ਸ੍ਰੀ ਪਾਖਰ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਪੀਟੀਐੱਮ ਕਰਵਾਈ ਗਈ, ਜਿਸ ਵਿੱਚ ਵਿਦਿਆਰਥੀਆਂ ਦੇ ਮਾਪਿਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਅਧਿਆਪਕਾਂ ਵੱਲੋਂ ਮਾਪਿਆਂ ਨੂੰ ਵਿਦਿਆਰਥੀਆਂ ਦੀ ਪੜ੍ਹਾਈ ਸੰਬੰਧੀ ਪ੍ਰਗਤੀ, ਵਿਹਾਰ, ਹਾਜ਼ਰੀ ਅਤੇ ਅਨੁਸ਼ਾਸਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਮਿਲਣੀ ਦੌਰਾਨ ਅਧਿਆਪਕਾਂ ਨੇ ਮਾਪਿਆਂ ਨਾਲ ਬੱਚਿਆਂ ਦੀ ਸਿੱਖਿਆ ਨਾਲ ਜੁੜੀਆਂ ਆਧੁਨਿਕ ਤਕਨੀਕਾਂ, ਡਿਜੀਟਲ ਸਿੱਖਿਆ, ਘਰੇਲੂ ਮਾਹੌਲ ਦੀ ਮਹੱਤਤਾ, ਸਮੇਂ ਦੀ ਸਹੀ ਵਰਤੋਂ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਸਬੰਧੀ ਅਹਿਮ ਸੁਝਾਅ ਵੀ ਸਾਂਝੇ ਕੀਤੇ, ਤਾਂ ਜੋ ਮਾਪੇ ਆਪਣੇ ਬੱਚਿਆਂ ਦੀ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਦੇ ਨਿੱਜੀ ਜੀਵਨ ’ਚ ਵੀ ਸੁਚੱਜੇ ਢੰਗ ਨਾਲ ਸੁਧਾਰ ਕਰ ਸਕਣ। ਇਸ ਮੌਕੇ ਸਕੂਲ ਮੁਖੀ ਪਾਖਰ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਪੰਜਾਬ ਸਿੱਖਿਆ ਕ੍ਰਾਂਤੀ ਦਾ ਮੁੱਖ ਉਦੇਸ਼ ਸਰਕਾਰੀ ਸਕੂਲਾਂ ਦੀ ਗੁਣਵੱਤਾ ਨੂੰ ਨਵੇਂ ਆਯਾਮ ਦੇਣਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸਫਲਤਾ ਵਿੱਚ ਅਧਿਆਪਕਾਂ ਦੇ ਨਾਲ-ਨਾਲ ਮਾਪਿਆਂ ਦੀ ਭੂਮਿਕਾ ਵੀ ਬਹੁਤ ਅਹਿਮ ਹੈ। ਮਾਪੇ ਜੇਕਰ ਸਕੂਲ ਨਾਲ ਨਿਰੰਤਰ ਸੰਪਰਕ ’ਚ ਰਹਿਣ, ਤਾਂ ਬੱਚਿਆਂ ਦੀ ਸਿੱਖਿਆ ਵਿੱਚ ਹੋਰ ਸੁਧਾਰ ਸੰਭਵ ਹੈ। ਉਨ੍ਹਾਂ ਅੱਗੇ ਕਿਹਾ ਕਿ ਅਜਿਹੀਆਂ ਪੀਟੀਐਮਾਂ ਮਾਪਿਆਂ ਅਤੇ ਅਧਿਆਪਕਾਂ ਦਰਮਿਆਨ ਭਰੋਸੇ ਦਾ ਸੇਤੂ ਬਣਦੀਆਂ ਹਨ, ਜੋ ਵਿਦਿਆਰਥੀਆਂ ਦੇ ਭਵਿੱਖ ਨੂੰ ਮਜ਼ਬੂਤ ਕਰਨ ਵਿੱਚ ਸਹਾਇਕ ਸਾਬਤ ਹੁੰਦੀਆਂ ਹਨ। ਇਸ ਮੌਕੇ ਦੀ ਦਿਪੰਕਰ ਕੌਸ਼ਲ, ਸੁਖਦੇਵ ਸਿੰਘ, ਮਮਤਾ ਰਾਣੀ, ਸੁਮਨ ਦੇਵੀ , ਮਨਪ੍ਰੀਤ ਸਿੰਘ, ਬਲਵਿੰਦਰ ਸਿੰਘ, ਬਲਵੰਤ ਸਿੰਘ, ਦਵਿੰਦਰ ਕੁਮਾਰ, ਵਿਪਨ ਕੁਮਾਰ , ਕਲਰਕ ਦਵਿੰਦਰ ਕੁਮਾਰ , ਹੀਨਾ ਰਾਣੀ ਤੇ ਐਸ ਐਮ ਸੀ ਚੇਅਰਮੈਨ ਮੋਹਨ ਲਾਲ ਅਤੇ ਸਮੂਹ ਮੈਂਬਰ ਹਾਜ਼ਰ ਸਨ।