ਦਿਨੇਸ਼ ਚੱਢਾ ਨੂੰ ਟਿਕਟ ਮਿਲਣ ’ਤੇ ਪੁਰਖਾਲੀ ਵਿਖੇ ਵਰਕਰਾਂ ਨੇ ਮਨਾਈ ਖੁਸ਼ੀ ਵਿਧਾਇਕ ਦਿਨੇਸ਼ ਚੱਢਾ ਨੂੰ ਦੂਜੀ ਵਾਰ ਪਾਰਟੀ ਟਿਕਟ ਮਿਲਣ ’ਤੇ ਪੁਰਖਾਲੀ ਵਿਖੇ ਵਰਕਰਾਂ ਨੇ ਲੱਡੂ ਵੰਡ ਕੇ ਮਨਾਈ ਖੁਸ਼ੀ
Publish Date: Mon, 02 Nov 2026 06:02 PM (IST)
Updated Date: Mon, 02 Nov 2026 06:05 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਰੂਪਨਗਰ ਤੋਂ ਮੌਜੂਦਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੂੰ ਦੂਜੀ ਵਾਰ ਪਾਰਟੀ ਉਮੀਦਵਾਰ ਬਣਾਏ ਜਾਣ ਦੀ ਖੁਸ਼ੀ ’ਚ ਪੁਰਖਾਲੀ ਵਿਖੇ ਪਾਰਟੀ ਵਰਕਰਾਂ ਵੱਲੋਂ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ। ਇਸ ਮੌਕੇ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਤੇ ਉਨ੍ਹਾਂ ਨੇ ਇਕ-ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਪਾਰਟੀ ਦੇ ਇਸ ਫੈਸਲੇ ਦਾ ਸਵਾਗਤ ਕੀਤਾ। ਇਸ ਮੌਕੇ ਮੌਜੂਦ ਪਾਰਟੀ ਵਰਕਰਾਂ ਨੇ ਕਿਹਾ ਕਿ ਦਿਨੇਸ਼ ਚੱਢਾ ਨੂੰ ਮੁੜ ਪਾਰਟੀ ਟਿਕਟ ਦੇ ਕੇ ਆਮ ਆਦਮੀ ਪਾਰਟੀ ਦੀ ਹਾਈਕਮਾਂਡ ਨੇ ਉਨ੍ਹਾਂ ਵੱਲੋਂ ਹਲਕੇ ’ਚ ਕੀਤੇ ਜਾ ਰਹੇ ਕੰਮਾਂ ਤੇ ਲੋਕਾਂ ਨਾਲ ਬਣੇ ਸਿੱਧੇ ਸੰਪਰਕ ’ਤੇ ਮੋਹਰ ਲਗਾਈ ਹੈ। ਉਨ੍ਹਾਂ ਕਿਹਾ ਕਿ ਦਿਨੇਸ਼ ਚੱਢਾ ਨੇ ਵਿਧਾਇਕ ਵਜੋਂ ਆਪਣੇ ਕਾਰਜਕਾਲ ਦੌਰਾਨ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ’ਚ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਲਈ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਦੂਜੀ ਵਾਰ ਭਰੋਸਾ ਜਤਾਏ ਜਾਣ ਨਾਲ ਜਿੱਥੇ ਦਿਨੇਸ਼ ਚੱਢਾ ਦੇ ਹੌਸਲੇ ਹੋਰ ਬੁਲੰਦ ਹੋਣਗੇ, ਉੱਥੇ ਹੀ ਪਾਰਟੀ ਦੇ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੇ ਆਗੂਆਂ ਅਤੇ ਵਰਕਰਾਂ ਵਿਚ ਵੀ ਨਵਾਂ ਜੋਸ਼ ਪੈਦਾ ਹੋਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਵਰਕਰ ਪੂਰੀ ਇਕਜੁੱਟਤਾ ਅਤੇ ਮਿਹਨਤ ਨਾਲ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣਗੇ।