ਮੁਲਾਜ਼ਮ ਬਿਜਲੀ ਮੰਤਰੀ ਦੇ ਘਰ ਅੱਗੇ ਰੋਸ ਰੈਲੀ ਲਈ ਰਵਾਨਾ
ਪੈਨਸ਼ਨਰ ਐਸ਼ੋਸ਼ੀਏਸ਼ਨ ਵੱਲੋਂ ਬਿਜਲੀ ਮੰਤਰੀ ਦੇ ਘਰ ਅੱਗੇ ਰੋਸ ਰੈਲੀ ਲਈ ਰਵਾਨਾ ਬਿਜਲੀ ਮੁਲਾਜ਼ਮ
Publish Date: Sat, 18 Apr 2026 05:21 PM (IST)
Updated Date: Sun, 19 Apr 2026 04:07 AM (IST)

ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ : ਪੰਜਾਬ ਦੇ ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਰੋਸ ਵਧਦਾ ਜਾ ਰਿਹਾ ਹੈ। ਇਸ ਸਬੰਧ ਵਿੱਚ ਅੱਜ ਪਾਵਰਕਾਮ ਪੈਨਸ਼ਨਰ ਐਸ਼ੋਸ਼ੀਏਸ਼ਨ ਦੇ ਸੱਦੇ ’ਤੇ ਵੱਡੀ ਗਿਣਤੀ ਵਿੱਚ ਰਿਟਾਇਰਡ ਮੁਲਾਜ਼ਮ ਲੁਧਿਆਣਾ ਵਿਖੇ ਬਿਜਲੀ ਮੰਤਰੀ ਸੰਜੀਵ ਅਰੋੜਾ ਦੇ ਨਿਵਾਸ ਸਥਾਨ ਅੱਗੇ ਹੋਣ ਵਾਲੀ ਵਿਸ਼ਾਲ ਰੋਸ ਰੈਲੀ ’ਚ ਸ਼ਮੂਲੀਅਤ ਲਈ ਰਵਾਨਾ ਹੋਏ। ਸ਼੍ਰੀ ਅਨੰਦਪੁਰ ਸਾਹਿਬ ਡਵੀਜ਼ਨ ਤੋਂ ਇਹ ਕਾਫਲਾ ਭਾਗ ਸਿੰਘ ਭਉਵਾਲ ਦੀ ਪ੍ਰਧਾਨਗੀ ਹੇਠ ਲੁਧਿਆਣਾ ਵੱਲ ਰਵਾਨਾ ਕੀਤਾ ਗਿਆ। ਇਸ ਮੌਕੇ ਬਲਵੰਤ ਸਿੰਘ, ਰਕੇਸ਼ ਬਾਲੀ, ਤੇਲੂ ਰਾਮ, ਪ੍ਰੀਤਮ ਸਿੰਘ, ਪ੍ਰੇਮ ਕੁਮਾਰ, ਜਗੀਰ ਸਿੰਘ ਸਮੇਤ ਹੋਰ ਕਈ ਪੈਨਸ਼ਨਰ ਸਾਥੀ ਮੌਜੂਦ ਸਨ। ਕਾਫਲੇ ਵਿੱਚ ਸ਼ਾਮਲ ਪੈਨਸ਼ਨਰਾਂ ਨੇ ਨਾਅਰੇਬਾਜ਼ੀ ਕਰਦਿਆਂ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਖ਼ਿਲਾਫ਼ ਆਪਣਾ ਰੋਸ ਪ੍ਰਗਟਾਇਆ। ਪੈਨਸ਼ਨਰਾਂ ਦਾ ਕਹਿਣਾ ਹੈ ਕਿ ਉਹ ਲੰਬੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਸਬੰਧੀ ਮੰਗ ਪੱਤਰ ਸਰਕਾਰ ਅਤੇ ਮੈਨੇਜਮੈਂਟ ਨੂੰ ਭੇਜ ਰਹੇ ਹਨ ਪਰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਕੋਈ ਢੁੱਕਵਾਂ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਸਿਰਫ਼ ਲਾਰਿਆਂ ਨਾਲ ਹੀ ਗੱਲ ਟਾਲੀ ਜਾ ਰਹੀ ਹੈ, ਜਿਸ ਕਾਰਨ ਮੁਲਾਜ਼ਮ ਵਰਗ ਵਿੱਚ ਨਿਰਾਸ਼ਾ ਵਧ ਰਹੀ ਹੈ। ਪੈਨਸ਼ਨਰ ਯੂਨੀਅਨ ਦੀਆਂ ਮੁੱਖ ਮੰਗਾਂ ਵਿੱਚ ਪੈਨਸ਼ਨਰਾਂ ਦੇ ਸਕੇਲ 2.59 ਗੁਣਾ ਦੇ ਅਧਾਰ ’ਤੇ ਤੁਰੰਤ ਸੋਧ ਕਰਨਾ, 1 ਜਨਵਰੀ 2016 ਤੋਂ ਬਕਾਇਆ ਪੈਨਸ਼ਨ ਇੱਕ ਮੁਸ਼ਤ ਜਾਰੀ ਕਰਨਾ ਅਤੇ ਡੀਏ ਦੀਆਂ ਬਕਾਇਆ ਕਿਸ਼ਤਾਂ ਹਾਈਕੋਰਟ ਦੇ ਫ਼ੈਸਲੇ ਅਨੁਸਾਰ ਅਦਾ ਕਰਨਾ ਸ਼ਾਮਲ ਹਨ। ਪੈਨਸ਼ਨਰ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਉਨ੍ਹਾਂ ਦੀਆਂ ਮੰਗਾਂ ’ਤੇ ਗੌਰ ਨਾ ਕੀਤਾ ਤਾਂ ਆਉਣ ਵਾਲੇ ਸਮੇਂ ’ਚ ਸੰਘਰਸ਼ ਹੋਰ ਤੀਬਰ ਕੀਤਾ ਜਾਵੇਗਾ।