ਵਾਰਡਬੰਦੀ ਰਾਹੀਂ ਲੋਕਾਂ ਨਾਲ ਕੀਤਾ ਜਾ ਰਿਹਾ ਹੈ ਧੋਖਾ : ਮਿੱਤਲ
ਵੋਟਾਂ ਦੀ ਸ਼ਿਫਟਿੰਗ ਅਤੇ ਵਾਰਡਬੰਦੀ ਰਾਹੀਂ ਲੋਕਾਂ ਨਾਲ ਧੋਖਾ ਕੀਤਾ ਜਾ ਰਿਹਾ ਹੈ: ਅਰਵਿੰਦ ਮਿੱਤਲ
Publish Date: Thu, 30 Apr 2026 04:22 PM (IST)
Updated Date: Thu, 30 Apr 2026 04:25 PM (IST)

ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ, ਸ਼੍ਰੀ ਅਨੰਦਪੁਰ ਸਾਹਿਬ : ਸ਼੍ਰੀ ਅਨੰਦਪੁਰ ਸਾਹਿਬ ਵਿੱਚ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਵੋਟਾਂ ਦੀ ਸ਼ਿਫਟਿੰਗ ਅਤੇ ਵਾਰਡਬੰਦੀ ਨੂੰ ਲੈ ਕੇ ਵਿਵਾਦ ਗਹਿਰਾ ਹੋ ਰਿਹਾ ਹੈ। ਪੰਜਾਬ ਭਾਜਪਾ ਦੇ ਸਾਬਕਾ ਸਕੱਤਰ ਅਰਵਿੰਦ ਮਿੱਤਲ ਨੇ ਦੋਸ਼ ਲਗਾਇਆ ਹੈ ਕਿ ਇਸ ਪ੍ਰਕਿਰਿਆ ਰਾਹੀਂ ਆਮ ਲੋਕਾਂ ਨਾਲ ਧੋਖਾ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਆਪਣੇ ਹਿੱਤਾਂ ਲਈ ਵੋਟਰਾਂ ਦੇ ਅਧਿਕਾਰਾਂ ਨਾਲ ਖੇਡ ਰਹੀ ਹੈ। ਅਰਵਿੰਦ ਮਿੱਤਲ ਨੇ ਕਿਹਾ ਕਿ ਕਈ ਲੋਕਾਂ ਦੇ ਵਾਰਡ ਨੰਬਰ ਅਤੇ ਪਤੇ ਬਦਲੇ ਜਾ ਰਹੇ ਹਨ, ਜਿਸ ਕਾਰਨ ਵੋਟਰਾਂ ਨੂੰ ਆਪਣੇ ਮਤਾਧਿਕਾਰ ਦੀ ਵਰਤੋਂ ਕਰਨ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੇ ਵਾਰਡ ਬਦਲਣ ਨਾਲ ਉਨ੍ਹਾਂ ਦੇ ਸਾਰੇ ਪਤੇ ਸਬੰਧੀ ਦਸਤਾਵੇਜ਼ ਵੀ ਬਦਲਣਗੇ ਅਤੇ ਆਮ ਲੋਕਾਂ ਨੂੰ ਕਚਹਿਰੀਆਂ ਦੇ ਚੱਕਰ ਕੱਟਣੇ ਪੈਣਗੇ, ਜਿਸ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਜ਼ਿੰਮੇਵਾਰ ਹੋਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਕੁਝ ਵਾਰਡਾਂ ਵਿੱਚ ਵੋਟਾਂ ਦੀ ਗਿਣਤੀ ਬਹੁਤ ਘੱਟ ਰੱਖੀ ਜਾ ਰਹੀ ਹੈ, ਜਦਕਿ ਕੁਝ ਵਾਰਡਾਂ ਵਿੱਚ ਵੋਟਾਂ ਬੇਹੱਦ ਵਧਾਈਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਇਸ ਸਬੰਧੀ ਉਨ੍ਹਾਂ ਨੂੰ ਲਗਾਤਾਰ ਜਾਣਕਾਰੀਆਂ ਮਿਲ ਰਹੀਆਂ ਹਨ ਅਤੇ ਜੇਕਰ ਕਿਸੇ ਵੀ ਤਰ੍ਹਾਂ ਦੀ ਗੜਬੜ ਸਾਹਮਣੇ ਆਈ ਤਾਂ ਭਾਜਪਾ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ। ਮਿੱਤਲ ਨੇ ਦੋਸ਼ ਲਗਾਇਆ ਕਿ ਸਰਕਾਰ ਸੰਵਿਧਾਨ ਅਨੁਸਾਰ ਨਿਰਪੱਖ ਚੋਣਾਂ ਕਰਵਾਉਣ ਦੀ ਬਜਾਏ ਚੋਣ ਪ੍ਰਕਿਰਿਆ ਨੂੰ ਆਪਣੇ ਹੱਕ ਵਿੱਚ ਮੋੜਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਹੁਣ ਜਾਗਰੂਕ ਹਨ ਅਤੇ ਨਗਰ ਕੌਂਸਲ ਚੋਣਾਂ ਵਿੱਚ ਇਸ ਦਾ ਜਵਾਬ ਦੇਣਗੇ। ਉਹਨਾਂ ਕਿਹਾ ਕਿ ਜੇ ਪ੍ਰਸ਼ਾਸਨ ਵੱਲੋਂ ਕਿਸੇ ਤਰ੍ਹਾਂ ਦੀ ਜ਼ਿਆਦਤੀ ਕੀਤੀ ਗਈ ਤਾਂ ਉਸ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ ਅਤੇ ਭਾਜਪਾ ਹਮੇਸ਼ਾ ਲੋਕਾਂ ਦੇ ਨਾਲ ਖੜੀ ਰਹੇਗੀ। ਉਹਨਾਂ ਆਮ ਆਦਮੀ ਪਾਰਟੀ ਦੀ ਸਰਕਾਰ ਉੱਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਸਿਰਫ ਦਿਖਾਵੇ ਦੀ ਰਾਜਨੀਤੀ ਕਰ ਰਹੀ ਹੈ ਜਦਕਿ ਧਰਾਤਲ ਉੱਤੇ ਕੋਈ ਵਿਕਾਸ ਨਹੀਂ ਹੋ ਰਿਹਾ। ਲੋਕਾਂ ਨੂੰ ਭਰਮਿਤ ਕਰਕੇ ਵੋਟਾਂ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਲੋਕ ਹੁਣ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਅਤੇ ਸਹੀ ਸਮੇਂ ਦੀ ਉਡੀਕ ਕਰ ਰਹੇ ਹਨ।