ਯੁੱਧ ਨਸ਼ਿਆ ਵਿਰੁੱਧ ਪੜਾਅ-2 ਮੁਹਿੰ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ
ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਰਕਾਰ ਦੇ ਯੁੱਧ ਨਸ਼ਿਆ ਵਿਰੁੱਧ ਪੜਾਅ 2 ਵਿਚ ਲੋਕ ਵੱਧ ਚੜ੍ਹ ਕੇ ਹੁੰਗਾਰਾ ਦੇਣ
Publish Date: Sun, 11 Jan 2026 05:16 PM (IST)
Updated Date: Mon, 12 Jan 2026 04:07 AM (IST)

ਸਰਕਾਰ ਨੇ ਨੌਜਵਾਨਾਂ ਨੂੰ ਖੇਡਾਂ ਵੱਲ ਲਿਜਾਣ ਲਈ ਨਿਭਾਈ ਮਹੱਤਵਪੂਰਨ ਭੂਮਿਕਾ ਨਰਿੰਦਰ ਸੈਣੀ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ : ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਦੂਜੇ ਪੜਾਅ ਨੂੰ ਆਮ ਲੋਕਾਂ ਵੱਲੋਂ ਵੱਡਾ ਹੁੰਗਾਰਾ ਮਿਲ ਰਿਹਾ ਹੈ। ਇਸ ਮੁਹਿੰਮ ਤਹਿਤ ਪਿੰਡਾਂ ਤੇ ਵਾਰਡਾਂ ਦੇ ਪਹਿਰੇਦਾਰਾਂ ਵੱਲੋਂ ਲੋਕਾਂ ਨੂੰ ਨਸ਼ਿਆਂ ਦੇ ਖ਼ਿਲਾਫ਼ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਸਮਾਜ ਨੂੰ ਇਸ ਭਿਆਨਕ ਬੁਰਾਈ ਤੋਂ ਮੁਕਤ ਕੀਤਾ ਜਾ ਸਕੇ। ਇਸੇ ਕੜੀ ਤਹਿਤ ਅੱਜ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਕੀਰਤਪੁਰ ਸਾਹਿਬ ਦੇ ਵੱਖ-ਵੱਖ ਪਿੰਡਾਂ ਅਤੇ ਵਾਰਡਾਂ ਵਿਚ “ਪਿੰਡਾਂ ਦੇ ਪਹਿਰੇਦਾਰ” ਮੁਹਿੰਮ ਲਗਾਤਾਰ ਜਾਰੀ ਰਹੀ। ਇਸ ਦੌਰਾਨ ਕੀਰਤਪੁਰ ਸਾਹਿਬ ਵਾਰਡ ਨੰਬਰ 10, ਡੁਕਲੀ ਤੇ ਚਮਰੋਲੀ ਵਿਚ ਪਹਿਰੇਦਾਰਾਂ ਵੱਲੋਂ ਘਰ-ਘਰ ਸੰਪਰਕ ਕਰਕੇ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ, ਨਸ਼ਾ ਤਸਕਰੀ ਨਾਲ ਜੁੜੀਆਂ ਸਮੱਸਿਆਵਾਂ ਅਤੇ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ ਗਈ। ਹਰਪ੍ਰੀਤ ਸਿੰਘ ਜਿਲ੍ਹਾਂ ਕੋਆਰਡੀਨੇਟਰ ’ਤੇ ਮੋਹਿਤ ਦੀਵਾਨ ਉਪ ਕੋਆਰਡੀਨੇਟਰ ਯੁੱਧ ਨਸ਼ਿਆ ਵਿਰੁੱਧ ਜਿਲ੍ਹਾਂ ਰੂਪਨਗਰ ਨੇ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਬੇਝਿਜਕ ਆਵਾਜ਼ ਉਠਾਈ ਜਾਵੇ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਜਾਣਕਾਰੀ ਤੁਰੰਤ ਪ੍ਰਸ਼ਾਸਨ ਤੱਕ ਪਹੁੰਚਾਈ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਸਖ਼ਤ ਨੀਤੀ ਅਪਣਾ ਰਹੀ ਹੈ ਅਤੇ ਨਾਲ ਹੀ ਨੌਜਵਾਨਾਂ ਨੂੰ ਸਹੀ ਦਿਸ਼ਾ ਵੱਲ ਲੈ ਕੇ ਜਾਣ ਲਈ ਖੇਡਾਂ, ਸਿੱਖਿਆ ਤੇ ਰੋਜ਼ਗਾਰ ਦੇ ਮੌਕੇ ਵਧਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਖੇਡ ਮੈਦਾਨਾਂ, ਸਟੇਡੀਅਮਾਂ ਅਤੇ ਯੁਵਕ ਕੇਂਦਰਾਂ ਨੂੰ ਮੁੜ ਜੀਵੰਤ ਕੀਤਾ ਜਾ ਰਿਹਾ ਹੈ, ਤਾਂ ਜੋ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਵੱਲ ਵਧ ਸਕਣ। ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਪੜਾਅ–2 ਸਿਰਫ਼ ਕਾਰਵਾਈ ਤੱਕ ਸੀਮਤ ਨਹੀਂ, ਸਗੋਂ ਇਹ ਇਕ ਸਮਾਜਕ ਅੰਦੋਲਨ ਹੈ, ਜਿਸ ਵਿਚ ਹਰ ਵਰਗ ਦੀ ਭਾਗੀਦਾਰੀ ਜ਼ਰੂਰੀ ਹੈ। ਅੰਤ ’ਚ ਇਹ ਭਰੋਸਾ ਜਤਾਇਆ ਗਿਆ ਕਿ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਸੁਪਨਾ ਜ਼ਰੂਰ ਸਾਕਾਰ ਹੋਵੇਗਾ।