- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਇਓਡੀਨ ਦੀ ਘਾਟ ਕਾਰਨ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ: ਸਿਵਲ ਸਰਜਨ ਰੂਪਨਗਰ ਡਾ. ਵਿਵੇਕ ਕਟਾਰੀਆ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਵੱਲੋਂ ਆਇਓਡੀਨ ਦੀ ਘਾਟ ਕਾਰਨ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਜਾਗਰੂਕਤਾ ਸੈਸ਼ਨ ਕਰਵਾਏ ਗਏ। ਇਹ ਸੈਸ਼ਨ ਐੱਸਡੀਐੱਚ. ਸ੍ਰੀ ਅਨੰਦਪੁਰ ਸਾਹਿਬ ਜ਼ਿਲ੍ਹਾ ਰੂਪਨਗਰ ਵਿਖੇ ਆਯੋਜਿਤ ਕੀਤੇ ਗਏ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸਾਰਿਕਾ ਨੇ ਲੋਕਾਂ ਨੂੰ ਆਇਓਡੀਨ ਦੀ ਮਹੱਤਤਾ ਅਤੇ ਇਸ ਦੀ ਘਾਟ ਕਾਰਨ ਸਿਹਤ ਉੱਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਡਾ. ਸਾਰਿਕਾ ਨੇ ਦੱਸਿਆ ਕਿ ਆਇਓਡੀਨ ਸਾਡੇ ਸਰੀਰ ਲਈ ਇੱਕ ਜ਼ਰੂਰੀ ਪੋਸ਼ਕ ਤੱਤ ਹੈ, ਜੋ ਥਾਇਰਾਇਡ ਗਲੈਂਡ ਨੂੰ ਸਹੀ ਢੰਗ ਨਾਲ ਕੰਮ ਕਰਨ ਅਤੇ ਸਰੀਰ ਦੇ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ। ਆਇਓਡੀਨ ਦੀ ਘਾਟ ਕਾਰਨ ਗਲਗੰਡ, ਥਾਇਰਾਇਡ ਨਾਲ ਸਬੰਧਤ ਸਮੱਸਿਆਵਾਂ ਅਤੇ ਬੱਚਿਆਂ ਦੇ ਸਰੀਰਕ ਤੇ ਮਾਨਸਿਕ ਵਿਕਾਸ ਉੱਤੇ ਮਾੜਾ ਅਸਰ ਪੈ ਸਕਦਾ ਹੈ। ਗਰਭਵਤੀ ਔਰਤਾਂ ਵਿਚ ਇਸ ਦੀ ਘਾਟ ਹੋਣ ਨਾਲ ਗਰਭ ’ਚ ਪਲ ਰਹੇ ਬੱਚੇ ਦੇ ਵਿਕਾਸ ਉੱਤੇ ਵੀ ਪ੍ਰਭਾਵ ਪੈ ਸਕਦਾ ਹੈ।
ਉਨ੍ਹਾਂ ਕਿਹਾ ਕਿ ਆਇਓਡੀਨ ਦੀ ਘਾਟ ਤੋਂ ਬਚਾਅ ਲਈ ਰੋਜ਼ਾਨਾ ਭੋਜਨ ਵਿਚ ਆਇਓਡੀਨ ਯੁਕਤ ਨਮਕ ਦੀ ਵਰਤੋਂ ਕਰਨੀ ਚਾਹੀਦੀ ਹੈ। ਨਮਕ ਨੂੰ ਸੁੱਕੀ ਅਤੇ ਢੱਕਣ ਵਾਲੀ ਡੱਬੀ ਵਿਚ ਰੱਖਣਾ ਚਾਹੀਦਾ ਹੈ ਅਤੇ ਇਸ ਨੂੰ ਨਮੀ ਤੇ ਗਰਮੀ ਤੋਂ ਬਚਾਉਣਾ ਚਾਹੀਦਾ ਹੈ। ਇਸ ਦੇ ਨਾਲ ਹੀ ਸੰਤੁਲਿਤ ਅਤੇ ਪੌਸ਼ਟਿਕ ਖੁਰਾਕ ਲੈਣੀ ਵੀ ਬਹੁਤ ਜ਼ਰੂਰੀ ਹੈ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਇਓਡੀਨ ਦੀ ਘਾਟ ਸਬੰਧੀ ਜਾਗਰੂਕ ਰਹਿਣ ਅਤੇ ਆਪਣੇ ਪਰਿਵਾਰ ਦੇ ਸਾਰੇ ਮੈਂਬਰਾਂ ਦੀ ਸਿਹਤ ਦਾ ਧਿਆਨ ਰੱਖਣ।
ਉਨ੍ਹਾਂ ਕਿਹਾ ਕਿ ਸਹੀ ਜਾਣਕਾਰੀ ਅਤੇ ਸਿਹਤਮੰਦ ਖੁਰਾਕੀ ਆਦਤਾਂ ਅਪਣਾ ਕੇ ਆਇਓਡੀਨ ਦੀ ਘਾਟ ਕਾਰਨ ਹੋਣ ਵਾਲੀਆਂ ਕਈ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਸਿਹਤ ਵਿਭਾਗ ਵੱਲੋਂ ਅਜਿਹੇ ਜਾਗਰੂਕਤਾ ਸੈਸ਼ਨਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਬਿਮਾਰੀਆਂ ਦੀ ਰੋਕਥਾਮ, ਪੌਸ਼ਟਿਕ ਖੁਰਾਕ ਅਤੇ ਸਿਹਤਮੰਦ ਜੀਵਨ ਸ਼ੈਲੀ ਪ੍ਰਤੀ ਜਾਗਰੂਕ ਕਰਨਾ ਹੈ। ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀ ਦੇ ਕਰਮਚਾਰੀਆਂ ਹਾਜ਼ਰ ਸਨ।