ਸਫ਼ਾਈ ਕਾਮਿਆਂ ਦੀ ਹੜਤਾਲ, ਥਾਂ-ਥਾਂ ਲੱਗੇ ਗੰਦਗੀ ਦੇ ਢੇਰ ਸਫਾਈ ਸੇਵਕਾਂ ਤੇ ਸੀਵਰਮੈਨਾਂ ਦੀ ਹੜਤਾਲ ਸ਼ੁਰੂ ਹੁੰਦਿਆਂ ਹੀ ਸ਼ਹਿਰ ਵਿਚ ਕੂੜੇ ਦੇ ਢੇਰ ਲੱਗਣੇ ਸ਼ੁਰੂ
Publish Date: Thu, 26 Nov 2026 06:06 PM (IST)
Updated Date: Thu, 26 Nov 2026 06:07 PM (IST)
113 ਕੱਚੇ ਕਾਮਿਆਂ ਨੇ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਵਿੱਢਿਆ ਸੰਘਰਸ਼, ਸਾਬਕਾ ਕੌਂਸਲਰ ਰੀਹਲ ਵੀ ਹੱਕ ’ਚ ਨਿੱਤਰੇ ਮੰਗਾਂ ਪੂਰੀਆਂ ਨਾ ਹੋਣ ਤੱਕ ਹੜ੍ਹਤਾਲ ਰਹੇਗੀ ਜਾਰੀ : ਪ੍ਰਧਾਨ ਲਖਵੀਰ ਖਾਬੜਾ, ਪੰਜਾਬੀ ਜਾਗਰਣ, ਰੂਪਨਗਰ: ਨਗਰ ਕੌਂਸਲ ਰੂਪਨਗਰ ਦੇ ਸਫ਼ਾਈ ਸੇਵਕਾਂ ਤੇ ਸੀਵਰਮੈਨਾਂ ਵੱਲੋਂ ਸਟਾਫ਼ਈ ਯੂਨੀਅਨ ਦੇ ਬੈਨਰ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਸ਼ੁਰੂ ਕਰ ਦਿੱਤੀ ਹੈ, ਹੜਤਾਲ ਵੀਰਵਾਰ ਸਵੇਰ ਤੋਂ ਸ਼ੁਰੂ ਹੋਣ ਕਾਰਨ ਸ਼ਹਿਰ ’ਚ ਕੂੜੇ ਦੇ ਢੇਰ ਲੱਗਣੇ ਸ਼ੁਰੂ ਹੋ ਗਏ ਹਨ। ਉੱਧਰ ਯੂਨੀਅਨ ਆਗੂਆ ਨੇ ਕਿਹਾ ਕਿ ਜਦੋਂ ਤੱਕ ਸਾਡੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਦੋਂ ਤੱਕ ਹੜਤਾਲ ਜਾਰੀ ਰਹੇਗੀ। ਹੜਤਾਲ ਹੋਣ ਨਾਲ ਸਭ ਤੋਂ ਵੱਧ ਦੁਕਾਨਦਾਰ ਪ੍ਰਭਾਵਿਤ ਹੁੰਦੇ ਹਨ ਕਿਉਕਿ ਗਾਹਕ ਕੂੜੇ ਤੋਂ ਮਾਰ ਰਹੀ ਬਦਬੂ ਤੋਂ ਪ੍ਰੇਸ਼ਾਨ ਉਨ੍ਹਾਂ ਦੀਆਂ ਦੁਕਾਨਾ ’ਤੇ ਖਰੀਦਦਾਰੀ ਕਰਨ ਲਈ ਨਹੀਂ ਆਉਂਦਾ। ਦੂਜੇ ਪਾਸੇ ਵਿਆਹਾਂ ਦਾ ਸੀਜ਼ਨ ਚੱਲ ਰਿਹਾ ਹੈ। ਇਸ ਕਾਰਨ ਸ਼ਹਿਰ ਦੇ ਦੁਕਾਨਦਾਰਾਂ, ਵਪਾਰੀਆਂ ਤੇ ਆਮ ਲੋਕਾਂ ਨੂੰ ਆਉਣ ਵਾਲੇ ਦਿਨਾਂ ’ਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜਾਣਕਾਰੀ ਅਨੁਸਾਰ ਨਗਰ ਕੌਂਸਲ ਰੂਪਨਗਰ ’ਚ ਕਰੀਬ 113 ਸਫ਼ਾਈ ਸੇਵਕ ਤੇ ਸੀਵਰਮੈਨ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਮੁਲਾਜ਼ਮਾਂ ਦੀ ਮੰਗ ਹੈ ਕਿ ਸਰਕਾਰ ਵੱਲੋਂ ਪਹਿਲਾਂ ਦਿੱਤੇ ਗਏ ਭਰੋਸੇ ਅਨੁਸਾਰ ਉਨ੍ਹਾਂ ਨੂੰ ਪੱਕਾ ਕਰਨ ਸਬੰਧੀ ਮਨਜ਼ੂਰੀ ਪੱਤਰ ਜਲਦੀ ਜਾਰੀ ਕੀਤੇ ਜਾਣ। ਉੱਧਰ ਯੂਨੀਅਨ ਦੇ ਪ੍ਰਘਾਨ ਅਜੈ ਕੁਮਾਰ ਨੇ ਕਿਹਾ ਕਿ ਸਰਕਾਰ ਆਪਣੇ ਕੀਤੇ ਵਾਅਦੇ ਅਨਸਾਰ ਕੱਚੇ ਕਾਮਿਆਂ ਨੂੰ ਰੈਗੂਲਰ ਹੋਣ ਦੇ ਨਿਯੁਕਤੀ ਪੱਤਰ ਦੇਵੇ ਤੇ ਆਊਟਸੋਰਸ ਤੇ ਪਿਛਲੇ 5 ਸਾਲਾਂ ਤੋਂ ਕੰਮ ਕਰਨ ਵਾਲੇ ਕਾਮਿਆਂ ਨੂੰ ਕੰਟਰੈਕਟ ’ਤੇ ਕਰੇ। ਉਨ੍ਹਾਂ ਕਿਹਾ ਕਿ ਜਦੋਂ ਸ਼ਹਿਰ ’ਚ ਸਫ਼ਾਈ ਨਹੀਂ ਹੋਵੇਗੀ ਤਾਂ ਗੰਦਗੀ ਫੈਲੇਗੀ ਪਰ ਅਸੀਂ ਮਜਬੂਰ ਹੋ ਕੇ ਹੜਤਾਲ ਕੀਤੀ ਹੈ ਜੇਕਰ ਸਰਕਾਰ ਸਾਡੀਆਂ ਮੰਗਾਂ ਪੂਰੀਆਂ ਨਹੀ ਕਰਦੀ ਤਾਂ ਹੜਤਾਲ ਜਾਰੀ ਰਹੇਗੀ ਤੇ ਸ਼ਹਿਰ ’ਚ ਲੱਗਣ ਵਾਲੇ ਕੂੜੇ ਦੇ ਢੇਰਾਂ ਦੀ ਜਿੰਮੇਵਾਰ ਸਰਕਾਰ ਹੋਵੇਗੀ। ਇਸ ਹੜਤਾਲ ਨੂੰ ਵਾਰਡ ਨੰਬਰ 4 ਦੇ ਸਾਬਕਾ ਕੌਂਸਲਰ ਅਮਰਿੰਦਰ ਸਿੰਘ ਰੀਹਲ ਨੇ ਸਮਰਥਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਿਛਲੀ ਵਾਰ ਵੀ ਸਫ਼ਾਈ ਸੇਵਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ ਗਈ ਸੀ, ਜਿਸ ਦੌਰਾਨ ਸਰਕਾਰ ਵੱਲੋਂ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪਰ ਅਜੇ ਤੱਕ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸਬੰਧੀ ਮਨਜ਼ੂਰੀ ਪੱਤਰ ਜਾਰੀ ਨਹੀਂ ਕੀਤੇ ਗਏ। ============= ਸਰਕਾਰ ਵਾਅਦੇ ਮੁਤਾਬਿਕ ਕਾਮਿਆਂ ਨੂੰ ਪੱਕਾ ਕਰੇ: ਰੀਹਲ ਵਾਰਡ ਨੰਬਰ 4 ਦੇ ਸਾਬਕਾ ਕੌਸਲਰ ਅਮਰਿੰਦਰ ਸਿੰਘ ਰੀਹਲ ਨੇ ਕਿਹਾ ਕਿ ਉਹ ਸਫ਼ਾਈ ਸੇਵਕਾਂ ਤੇ ਸੀਵਰਮੈਨਾਂ ਦੀਆਂ ਜਾਇਜ਼ ਮੰਗਾਂ ਦਾ ਸਮਰਥਨ ਕਰਦੇ ਹਨ ਤੇ ਉਨ੍ਹਾਂ ਦੇ ਸੰਘਰਸ਼ ’ਚ ਡਟ ਕੇ ਸਾਥ ਦੇਣਗੇ। ਉਨ੍ਹਾਂ ਕਿਹਾ ਕਿ ਹੜਤਾਲ ਕਾਰਨ ਸ਼ਹਿਰ ’ਚ ਕੂੜੇ ਦੇ ਢੇਰ ਵਧਣੇ ਸ਼ੁਰੂ ਹੋ ਗਏ ਹਨ, ਜਿਸ ਨਾਲ ਲੋਕਾਂ ਨੂੰ ਪਰੇਸ਼ਾਨੀ ਹੋ ਸਕਦੀ ਹੈ। ਇਸ ਲਈ ਸਰਕਾਰ ਦੇ ਨੁਮਾਇੰਦਿਆਂ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਸਰਕਾਰ ਤੱਕ ਪਹੁੰਚਾ ਕੇ ਜਲਦੀ ਹੱਲ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਸਰਕਾਰ ਨੇ ਪੱਕੇ ਕਰਨ ਦਾ ਵਾਅਦਾ ਕੀਤਾ ਹੈ ਉਸ ਨੂੰ ਪੂਰਾ ਕਰੇ। ============= ਜਲਦੀ ਹੀ ਮਨਜ਼ੂਰੀ ਪੱਤਰ ਜਾਰੀ ਹੋਣ ਦੀ ਉਮੀਦ : ਅਸ਼ੋਕ ਕੁਮਾਰ ਨਗਰ ਕੌਂਸਲ ਰੂਪਨਗਰ ਦੇ ਕਾਰਜ ਸਾਧਕ ਅਫਸਰ ਅਸ਼ੋਕ ਕੁਮਾਰ ਨੇ ਦੱਸਿਆ ਕਿ ਨਗਰ ਕੌਂਸਲ ’ਚ ਕੰਮ ਕਰ ਰਹੇ ਕਰੀਬ 113 ਸਫ਼ਾਈ ਸੇਵਕਾਂ ਤੇ ਸੀਵਰਮੈਨਾਂ ਨੂੰ ਰੈਗੂਲਰ ਕਰਨ ਸਬੰਧੀ ਮਨਜ਼ੂਰੀ ਪੱਤਰ ਜਲਦੀ ਮਿਲਣ ਦੀ ਉਮੀਦ ਹੈ। ਇਸ ਸਬੰਧੀ ਸਰਕਾਰ ਨੂੰ ਲਿਖਤੀ ਤੌਰ ’ਤੇ ਵੀ ਭੇਜਿਆ ਜਾ ਚੁੱਕਾ ਹੈ। ਉਨ੍ਹਾਂ ਉਮੀਦ ਜਤਾਈ ਕਿ ਜਲਦੀ ਹੀ ਇਸ ਮਾਮਲੇ ’ਚ ਕਾਰਵਾਈ ਅੱਗੇ ਵਧੇਗੀ।