ਮਥੁਰਾ ਵਰਿੰਦਾਵਨ ਲਈ ਤੀਰਥ ਯਾਤਰਾ ਬੱਸ ਰਵਾਨਾ ਵਾਰਡ ਨੰਬਰ 15 ਤੋਂ ਮਥੁਰਾ ਵਰਿੰਦਾਵਨ ਲਈ ਤੀਰਥ ਯਾਤਰਾ ਬੱਸ ਰਵਾਨਾ
Publish Date: Sun, 15 Nov 2026 03:53 PM (IST)
Updated Date: Sun, 15 Nov 2026 03:54 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਐਤਵਾਰ ਨੂੰ ਸ਼ਹਿਰ ਦੇ ਵਾਰਡ ਨੰਬਰ 15 ਤੋਂ ਸ਼ਰਧਾਲੂਆਂ ਦੀ ਇੱਕ ਬੱਸ ਮਥੁਰਾ ਵਰਿੰਦਾਵਨ ਦੀ ਯਾਤਰਾ ਲਈ ਰਵਾਨਾ ਕੀਤੀ ਗਈ। ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰਵਾਨਾ ਕੀਤੀ ਗਈ ਇਸ ਬੱਸ ਨੂੰ ਚੇਅਰਮੈਨ ਸ਼ਿਵ ਕੁਮਾਰ ਲਾਲਪੁਰਾ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਸ਼ਰਧਾਲੂਆਂ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਯਾਤਰਾ ’ਤੇ ਰਵਾਨਾ ਹੋਣ ਵਾਲੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਸਕੀਮ ਨਾਲ ਆਮ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਮਿਲ ਰਿਹਾ ਹੈ। ਇਸ ਮੌਕੇ ਚੇਅਰਮੈਨ ਸ਼ਿਵ ਕੁਮਾਰ ਲਾਲਪੁਰਾ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸਰਕਾਰ ਦਾ ਇੱਕ ਸ਼ਲਾਘਾਯੋਗ ਉਪਰਾਲਾ ਹੈ, ਜਿਸ ਰਾਹੀਂ ਆਰਥਿਕ ਤੌਰ ’ਤੇ ਕਮਜ਼ੋਰ ਤੇ ਆਮ ਪਰਿਵਾਰਾਂ ਦੇ ਲੋਕ ਵੀ ਬਿਨਾਂ ਕਿਸੇ ਆਰਥਿਕ ਬੋਝ ਦੇ ਦੇਸ਼ ਦੇ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਦਿਨੇਸ਼ ਚੱਢਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਲਕੇ ਦੇ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਯਾਤਰੀਆਂ ਨੇ ਯਾਤਰਾ ਦੇ ਸੁਚੱਜੇ ਪ੍ਰਬੰਧਾਂ ਲਈ ਸਰਕਾਰ ਅਤੇ ਸਬੰਧਤ ਆਗੂਆਂ ਦਾ ਧੰਨਵਾਦ ਕੀਤਾ।