ਅਕਾਲ ਅਕਾਦਮੀ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਪ੍ਰਕਾਸ਼ ਪੁਰਬ ਅਕਾਲ ਅਕਾਦਮੀ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਪ੍ਰਕਾਸ਼ ਪੁਰਬ
Publish Date: Mon, 23 Nov 2026 03:41 PM (IST)
Updated Date: Mon, 23 Nov 2026 03:43 PM (IST)
ਅਸ਼ੋਕ ਚੇਤਲ, ਪੰਜਾਬੀ ਜਾਗਰਣ, ਸ੍ਰੀ ਚਮਕੌਰ ਸਾਹਿਬ : ਅਕਾਲ ਅਕਾਦਮੀ ਕਮਾਲਪੁਰ ਵਿਖੇ ਅੱਜ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਹੀ ਸ਼ਰਧਾ ਭਾਵਨਾ, ਉਤਸ਼ਾਹ ਅਤੇ ਧਾਰਮਿਕ ਰਹੁ-ਰੀਤਾਂ ਅਨੁਸਾਰ ਮਨਾਇਆ ਗਿਆ। ਇਸ ਪਾਵਨ ਦਿਹਾੜੇ ਸਬੰਧੀ ਅਕਾਦਮੀ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੀ ਆਰੰਭਤਾ ਸ੍ਰੀ ਸਹਿਜ ਪਾਠ ਜੀ ਦੇ ਭੋਗ ਨਾਲ ਹੋਈ, ਜਿਸ ਉਪਰੰਤ ਸਮੁੱਚਾ ਮਾਹੌਲ ਗੁਰੂ ਜੀ ਦੀ ਬਾਣੀ ਦੇ ਰੰਗ ’ਚ ਰੰਗਿਆ ਗਿਆ। ਸਮਾਗਮ ਦੌਰਾਨ ਅਕਾਦਮੀ ਦੇ ਵਿਦਿਆਰਥੀਆਂ ਨੇ ਬੜੇ ਹੀ ਰਸਭਿੰਨੇ ਅੰਦਾਜ਼ ’ਚ ਇਲਾਹੀ ਬਾਣੀ ਦਾ ਸ਼ਬਦ ਕੀਰਤਨ ਕੀਤਾ। ਇਸ ਤੋਂ ਇਲਾਵਾ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਗਈਆਂ ਕਵੀਸ਼ਰੀਆਂ, ਕਵਿਤਾਵਾਂ ਤੇ ਬੀਰ-ਰਸੀ ਵਾਰਾਂ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਫਲਸਫੇ, ਉਦਾਸੀਆਂ ਤੇ ਉਨ੍ਹਾਂ ਦੀਆਂ ਅਨਮੋਲ ਸਿੱਖਿਆਵਾਂ ’ਤੇ ਵਿਸਥਾਰਪੂਰਵਕ ਚਾਨਣਾ ਪਾਇਆ ਗਿਆ। ਸਮਾਗਮ ਦਾ ਮੁੱਖ ਆਕਰਸ਼ਣ ਅਕਾਦਮੀ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀ ਗਈ ਸਿੱਖ ਮਾਰਸ਼ਲ ਆਰਟ ‘ਗਤਕੇ’ ਦੀ ਕਲਾ ਰਹੀ, ਜਿਸ ’ਚ ਵਿਦਿਆਰਥੀਆਂ ਨੇ ਆਪਣੀ ਬਹਾਦਰੀ ਤੇ ਜੌਹਰ ਦਿਖਾ ਕੇ ਹਾਜ਼ਰ ਸੰਗਤ ਦਾ ਦਿਲ ਜਿੱਤ ਲਿਆ। ਇਸ ਮੌਕੇ ਅਕਾਦਮੀ ਦੇ ਵੱਖ-ਵੱਖ ਵਿਭਾਗਾਂ ਜਿਵੇਂ ਕਿ ਵਿਗਿਆਨ, ਸਮਾਜਿਕ ਸਿੱਖਿਆ, ਹਿਸਾਬ ਤੇ ਗੁਰਮਤਿ ਸਿੱਖਿਆ ਵਿਭਾਗ ਵੱਲੋਂ ਵਿਸ਼ੇਸ਼ ਵਿੱਦਿਅਕ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ। ਵਿਦਿਆਰਥੀਆਂ ਵੱਲੋਂ ਤਿਆਰ ਕੀਤੇ ਗਏ ਮਾਡਲ ਤੇ ਚਾਰਟ ਆਏ ਹੋਏ ਮਹਿਮਾਨਾਂ ਤੇ ਮਾਪਿਆਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣੇ ਰਹੇ। ਇਸ ਧਾਰਮਿਕ ਤੇ ਵਿੱਦਿਅਕ ਸਮਾਗਮ ’ਚ ਅਰਵਿੰਦਰ ਪਾਲ ਕੌਰ ਮੈਗਾ ਕਲੱਸਟਰ ਹੈੱਡ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਧਾਰਮਿਕ ਪ੍ਰੋਗਰਾਮ ਅਤੇ ਪ੍ਰਦਰਸ਼ਨੀਆਂ ਦੀ ਭਰਪੂਰ ਸ਼ਲਾਘਾ ਕਰਦਿਆਂ ਬੱਚਿਆਂ ਦੀ ਹੌਸਲਾ ਅਫਜ਼ਾਈ ਕੀਤੀ। ਪ੍ਰੋਗਰਾਮ ਦੇ ਅਖੀਰ ’ਚ ਅਕਾਦਮੀ ਦੇ ਪ੍ਰਿੰਸੀਪਲ ਅਮਨਦੀਪ ਕੌਰ ਨੇ ਆਏ ਹੋਏ ਮੁੱਖ ਮਹਿਮਾਨ, ਮਾਪਿਆਂ ਤੇ ਸਮੂਹ ਸਾਧ ਸੰਗਤ ਦਾ ਤਹਿ ਦਿਲੋਂ ਧੰਨਵਾਦ ਕੀਤਾ। ਸੰਗਤ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਅਕਾਲ ਅਕਾਦਮੀ ਦੀ ਵਿਲੱਖਣ ਸਿੱਖਿਆ ਪ੍ਰਣਾਲੀ ਬਾਰੇ ਜਾਣਕਾਰੀ ਦਿੱਤੀ, ਜਿੱਥੇ ਆਧੁਨਿਕ ਵਿੱਦਿਆ ਦੇ ਨਾਲ-ਨਾਲ ਬੱਚਿਆਂ ਨੂੰ ਨੈਤਿਕ ਅਤੇ ਗੁਰਮਤਿ ਕਦਰਾਂ-ਕੀਮਤਾਂ ਨਾਲ ਜੋੜਿਆ ਜਾਂਦਾ ਹੈ। ਉਨ੍ਹਾਂ ਸਮੂਹ ਵਿਦਿਆਰਥੀਆਂ ਤੇ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦੇ ਉਪਦੇਸ਼ਾਂ ਨੂੰ ਆਪਣੇ ਅਮਲੀ ਜੀਵਨ ’ਚ ਅਪਣਾਉਣ ਲਈ ਪ੍ਰੇਰਿਤ ਕੀਤਾ। ਸਮਾਗਮ ਦੇ ਅੰਤ ’ਚ ਗੁਰੂ ਕਾ ਲੰਗਰ ਅਤੁੱਟ ਵਰਤਿਆ।