ਹੋਲਾ ਮਹੱਲਾ ਦੀਆਂ ਤਿਆਰੀਆਂ ਨੇ ਫੜੀ ਤੇਜ਼ੀ, ਕੰਮ ਨੂੰ ਅੰਤਿਮ ਛੋਹਾਂ
ਹੋਲਾ ਮਹੱਲਾ ਤੋਂ ਪਹਿਲਾਂ ਤਿਆਰੀਆਂ ਨੇ ਫੜੀ ਤੇਜ਼ੀ, ਵਿਭਾਗਾਂ ਵੱਲੋਂ ਕੰਮਾਂ ਨੂੰ ਅੰਤਿਮ ਛੋਹਾਂ
Publish Date: Thu, 26 Feb 2026 05:19 PM (IST)
Updated Date: Thu, 26 Feb 2026 05:22 PM (IST)

ਪੰਜਾਬੀ ਜਾਗਰਣ ਟੀਮ, ਸ੍ਰੀ ਅਨੰਦਪੁਰ ਸਾਹਿਬ : ਸ੍ਰੀ ਅਨੰਦਪੁਰ ਸਾਹਿਬ ਵਿੱਚ ਆਉਣ ਵਾਲੇ ਪਵਿੱਤਰ ਤਿਉਹਾਰ ਹੋਲਾ ਮਹੱਲਾ ਤੋਂ ਪਹਿਲਾਂ ਪ੍ਰਸ਼ਾਸਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਵਿਭਾਗਾਂ ਨੇ ਆਪਣੀਆਂ ਤਿਆਰੀਆਂ ਨੂੰ ਤੇਜ਼ ਕਰ ਦਿੱਤਾ ਹੈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਡਿਪਟੀ ਕਮਿਸ਼ਨਰ ਰੂਪਨਗਰ ਅਦਿਤਿਆ ਡੇਚਲਵਾਲ ਦੀ ਅਗਵਾਈ ਹੇਠ ਸ਼ਹਿਰ ਦੇ ਮੁੱਖ ਮਾਰਗਾਂ, ਧਾਰਮਿਕ ਅਸਥਾਨਾਂ ਵਿੱਚ ਵਿਕਾਸ ਅਤੇ ਸਹੂਲਤਾਂ ਦੇ ਕੰਮ ਜ਼ੋਰਾਂ ’ਤੇ ਚੱਲ ਰਹੇ ਹਨ। ਨਗਰ ਕੌਂਸਲ ਵੱਲੋਂ ਸਫ਼ਾਈ ਅਭਿਆਨ, ਨਾਲੀਆਂ ਦੀ ਸਫ਼ਾਈ, ਕੂੜਾ ਪ੍ਰਬੰਧਨ ਅਤੇ ਫੌਗਿੰਗ ਰਾਹੀਂ ਮੱਛਰ ਰੋਕਥਾਮ ਦੇ ਕੰਮ ਕਰਵਾਏ ਜਾ ਰਹੇ ਹਨ। ਲੋਕ ਨਿਰਮਾਣ ਵਿਭਾਗ ਵੱਲੋਂ ਸੜਕਾਂ ਦੀ ਮੁਰੰਮਤ, ਖੱਡਿਆਂ ਦੀ ਭਰਾਈ ਅਤੇ ਰੌਸ਼ਨੀ ਪ੍ਰਬੰਧ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਸੰਗਤਾਂ ਨੂੰ ਆਵਾਜਾਈ ਵਿੱਚ ਕੋਈ ਦਿੱਕਤ ਨਾ ਆਵੇ। ਬਿਜਲੀ ਵਿਭਾਗ ਵੱਲੋਂ ਅਸਥਾਈ ਲਾਈਟਿੰਗ ਅਤੇ ਖਰਾਬ ਤਾਰਾਂ ਦੀ ਮੁਰੰਮਤ ਕੀਤੀ ਜਾ ਰਹੀ ਹੈ। ਸਿਹਤ ਵਿਭਾਗ ਵੱਲੋਂ ਅਸਥਾਈ ਮੈਡੀਕਲ ਕੈਂਪ, ਐਂਬੂਲੈਂਸ ਸੇਵਾਵਾਂ ਅਤੇ ਪੀਣ ਵਾਲੇ ਪਾਣੀ ਦੀ ਜਾਂਚ ਲਈ ਟੀਮਾਂ ਤਾਇਨਾਤ ਕੀਤੀਆਂ ਜਾ ਰਹੀਆਂ ਹਨ। ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਟ੍ਰੈਫਿਕ ਮੈਨੇਜਮੈਂਟ ਪਲਾਨ ਤਿਆਰ ਕੀਤਾ ਗਿਆ ਹੈ, ਜਿਸ ਤਹਿਤ ਪਾਰਕਿੰਗ ਸਥਾਨ ਨਿਰਧਾਰਤ ਕੀਤੇ ਗਏ ਹਨ ਅਤੇ ਭੀੜ ਨੂੰ ਸੰਭਾਲਣ ਲਈ ਵਾਧੂ ਬਲ ਤਾਇਨਾਤ ਕੀਤਾ ਜਾਵੇਗਾ। ਅੱਗ-ਬੁਝਾਉ ਸੇਵਾਵਾਂ ਨੂੰ ਵੀ ਤਿਆਰ ਹਾਲਤ ਵਿੱਚ ਰੱਖਿਆ ਗਿਆ ਹੈ। ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰ ਰਹੇ ਹਨ ਤਾਂ ਜੋ ਹੋਲਾ ਮਹੱਲਾ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਆਉਣ ਵਾਲੀਆਂ ਸੰਗਤਾਂ ਨੂੰ ਸੁਚੱਜੀਆਂ, ਸੁਰੱਖਿਅਤ ਅਤੇ ਸੁਖਦਾਇਕ ਸਹੂਲਤਾਂ ਮਿਲ ਸਕਣ।