ਨਗਰ ਕੀਰਤਨ ਦੇ ਸਵਾਗਤ ਲਈ ਤਿਆਰੀਆਂ ਜ਼ੋਰਾਂ ’ਤੇ
ਨਗਰ ਕੀਰਤਨ ਦੇ ਸਵਾਗਤ ਲਈ ਡੇਰਾ ਡੁਮੇਲੀ ਵਿਖੇ ਤਿਆਰੀਆਂ ਜ਼ੋਰਾਂ ’ਤੇ
Publish Date: Mon, 23 Feb 2026 04:45 PM (IST)
Updated Date: Mon, 23 Feb 2026 04:49 PM (IST)

ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ ਸ਼੍ਰੀ ਅਨੰਦਪੁਰ ਸਾਹਿਬ : ਖ਼ਾਲਸੇ ਦੀ ਪਾਵਨ ਧਰਤੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਖਾਲਸੇ ਦੇ ਪਾਵਨ ਤਿਉਹਾਰ ਹੋਲੇ ਮਹੱਲੇ ਮੌਕੇ ਆਰੰਭ ਹੋ ਰਹੇ ਮਹਾਨ ਨਗਰ ਕੀਰਤਨ ਦੇ ਸਵਾਗਤ ਲਈ ਡੇਰਾ ਗੁਰਦੁਆਰਾ ਡੂਮੇਲੀ ਚੱਕ ਹੋਲਗੜ੍ਹ ਅਗੰਮਪੁਰ ਵਿਖੇ ਤਿਆਰੀਆਂ ਜ਼ੋਰਾਂ ‘ਤੇ ਚੱਲ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੌਜੂਦਾ ਮੁੱਖ ਪ੍ਰਬੰਧਕ ਸੰਤ ਬਾਬਾ ਪ੍ਰੀਤਮ ਸਿੰਘ ਡੂਮੇਲੀ ਵਾਲਿਆਂ ਨੇ ਦੱਸਿਆ ਕਿ ਸੰਗਤਾਂ ਦੇ ਸਹਿਯੋਗ ਨਾਲ ਨਵੀਂ ਇਮਾਰਤ ਦਾ ਨਿਰਮਾਣ ਕਾਰਜ ਬਹੁਤ ਜ਼ੋਰ-ਸ਼ੋਰ ਨਾਲ ਜਾਰੀ ਹੈ। ਉਨ੍ਹਾਂ ਦੱਸਿਆ ਕਿ ਸਚਖੰਡ ਸ਼੍ਰੀ ਦਰਬਾਰ ਸਾਹਿਬ ਜੀ ਦੇ ਵਿਸ਼ਾਲ ਮੁੱਖ ਹਾਲ ਵਿਚ ਜੁਗੋ ਜੁਗ ਅਟੱਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਪ੍ਰਕਾਸ਼ ਕਰਕੇ ਲਗਾਤਾਰ ਧਾਰਮਿਕ ਦੀਵਾਨ ਸਜਾਏ ਜਾਣਗੇ। ਇਸ ਤੋਂ ਇਲਾਵਾ ਸੰਗਤਾਂ ਦੀ ਸੁਵਿਧਾ ਲਈ ਵਿਸ਼ਾਲ ਲੰਗਰ ਹਾਲ, ਰਹਾਇਸ਼ ਲਈ ਨਵੇਂ ਡੀਲਕਸ ਕਮਰੇ ਅਤੇ ਆਧੁਨਿਕ ਸਹੂਲਤਾਂ ਨਾਲ ਲੈਸ ਬਾਥਰੂਮ ਆਦਿ ਦੀ ਤਿਆਰੀ ਵੱਡੇ ਪੱਧਰ ‘ਤੇ ਕੀਤੀ ਜਾ ਰਹੀ ਹੈ। ਸੰਤ ਬਾਬਾ ਪ੍ਰੀਤਮ ਸਿੰਘ ਡੂਮੇਲੀ ਨੇ ਦੱਸਿਆ ਕਿ ਹੋਲੇ ਮਹੱਲੇ ਮੌਕੇ ਗੁਰਦੁਆਰਾ ਡੇਰਾ ਟਿੱਬਾ ਸਾਹਿਬ ਤੋਂ ਆਰੰਭ ਹੋ ਰਹੇ ਨਗਰ ਕੀਰਤਨ ਦਾ ਸਵਾਗਤ ਡੇਰਾ ਡੂਮੇਲੀ ਵਿਖੇ ਬੜੀ ਸੱਜ-ਧੱਜ, ਸ਼ਰਧਾ ਅਤੇ ਉਤਸ਼ਾਹ ਨਾਲ ਕੀਤਾ ਜਾਵੇਗਾ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਸਮੂਹ ਸੰਗਤਾਂ ‘ਤੇ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਸਵਾਗਤ ਕੀਤਾ ਜਾਵੇਗਾ। ਇਸ ਮੌਕੇ ਸ਼੍ਰੀ ਅਕਾਲ ਤਖਤ ਸਾਹਿਬ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਹੈਡ ਗ੍ਰੰਥੀ ਗਿਆਨੀ ਜੁਗਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਐਗਜ਼ਿਕਟਿਵ ਮੈਂਬਰ ਦਲਜੀਤ ਸਿੰਘ ਭਿੰਡਰ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ ਨਿਰਮਲ ਭੇਖ ਦੁਆਬਾ ਮੰਡਲ, ਸੰਤਾ ਮਹਾਂਪੁਰਸ਼ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨਗਰ ਕੀਰਤਨ ਵਿਚ ਸ਼ਮੂਲੀਅਤ ਕਰਨਗੀਆਂ। ਅੰਤ ਵਿਚ ਸੰਤ ਬਾਬਾ ਪ੍ਰੀਤਮ ਸਿੰਘ ਡਮੇਲੀ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਹੋਲੇ ਮਹੱਲੇ ਦੀ ਆਰੰਭਤਾ ਦੇ ਇਸ ਮਹਾਨ ਨਗਰ ਕੀਰਤਨ ਵਿਚ ਆਪਣੇ ਪਰਿਵਾਰਾਂ ਸਮੇਤ ਹਾਜ਼ਰੀਆਂ ਭਰ ਕੇ ਗੁਰੂ ਕੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਜਾਣ।