ਹੋਟਲ 'ਚ ਚੱਲ ਰਿਹਾ ਸੀ ਦੇਹ-ਵਪਾਰ; ਸ੍ਰੀ ਅਨੰਦਪੁਰ ਸਾਹਿਬ 'ਚ ਕਾਰਵਾਈ ਕਰ ਕੇ ਪੁਲਿਸ ਨੇ ਤਿੰਨ ਔਰਤਾਂ ਸਣੇ ਚਾਰ ਨੂੰ ਫੜਿਆ
ਪੁਲਿਸ ਵੱਲੋਂ ਗੈਰ ਕਾਨੂੰਨੀ ਗਤਿਵਿਧੀਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਸ੍ਰੀ ਅਨੰਦਪੁਰ ਸਾਹਿਬ ਇਲਾਕੇ ਵਿਚ ਦੇਹ ਵਪਾਰ ਦੇ ਮਾਮਲੇ ਦਾ ਪਰਦਾਫਾਸ਼ ਕੀਤਾ ਗਿਆ ਹੈ। ਥਾਣਾ ਸ੍ਰੀ ਅਨੰਦਪੁਰ ਸਾਹਿਬ ਦੀ ਪੁਲਿਸ ਪਾਰਟੀ ਵੱਲੋਂ ਮਿਲੀ ਗੁਪਤ ਸੂਚਨਾ ਦੇ ਆਧਾਰ ’ਤੇ ਕੀਤੀ ਗਈ ਰੇਡ ਦੌਰਾਨ ਤਿੰਨ ਲੜਕੀਆਂ ਨੂੰ ਕਾਬੂ ਕੀਤਾ ਗਿਆ।
Publish Date: Wed, 18 Feb 2026 06:59 PM (IST)
Updated Date: Wed, 18 Feb 2026 07:03 PM (IST)
ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ, ਸ਼੍ਰੀ ਅਨੰਦਪੁਰ ਸਾਹਿਬ : ਪੁਲਿਸ ਵੱਲੋਂ ਗ਼ੈਰ ਕਾਨੂੰਨੀ ਗਤਿਵਿਧੀਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਸ੍ਰੀ ਅਨੰਦਪੁਰ ਸਾਹਿਬ ਇਲਾਕੇ ਵਿਚ ਦੇਹ ਵਪਾਰ ਦੇ ਮਾਮਲੇ ਦਾ ਪਰਦਾਫਾਸ਼ ਕੀਤਾ ਗਿਆ ਹੈ। ਥਾਣਾ ਸ੍ਰੀ ਅਨੰਦਪੁਰ ਸਾਹਿਬ ਦੀ ਪੁਲਿਸ ਪਾਰਟੀ ਵੱਲੋਂ ਮਿਲੀ ਗੁਪਤ ਸੂਚਨਾ ਦੇ ਆਧਾਰ ’ਤੇ ਕੀਤੀ ਗਈ ਰੇਡ ਦੌਰਾਨ ਤਿੰਨ ਲੜਕੀਆਂ ਨੂੰ ਕਾਬੂ ਕੀਤਾ ਗਿਆ।
ਇਹ ਕਾਰਵਾਈ ਸ਼ਹਿਰ ਦੇ ਇੱਕ ਢਾਬੇ ਦੇ ਪਿੱਛੇ ਬਣੇ ਕਮਰਿਆਂ ਵਿਚ ਕੀਤੀ ਗਈ, ਜਿੱਥੇ ਕਥਿਤ ਤੌਰ ’ਤੇ ਦੇਹ ਵਪਾਰ ਦਾ ਧੰਧਾ ਚੱਲ ਰਿਹਾ ਸੀ। ਇਸ ਸਬੰਧੀ ਮੈਨੇਜਰ ਗੁਰਸ਼ੇਖ ਸਿੰਘ ਵਾਸੀ ਪਿੰਡ ਚੇਤਾ ਮਾਜਰਾ ਖ਼ਿਲਾਫ਼ ਮੁਕੱਦਮਾ ਨੰਬਰ 32 ਮਿਤੀ 17.02.2026 ਅਧੀਨ ਧਾਰਾ 3, 4, 5 ਇਮੋਰਲ ਟ੍ਰੈਫਿਕ ਪ੍ਰਿਵੈਂਸ਼ਨ ਐਕਟ ਤਹਿਤ ਮਾਮਲਾ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੋਸ਼ੀ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ।
ਥਾਣਾ ਮੁੱਖੀ ਦਾਨਿਸ਼ਵੀਰ ਸਿੰਘ ਨੇ ਕਿਹਾ ਕਿ ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਰੂਪਨਗਰ ਮਨਦੀਪ ਸਿੰਘ ਆਈਪੀਐੱਸ ਦੇ ਦਿਸ਼ਾ-ਨਿਰਦੇਸ਼ ਤਹਿਤ ਉਪ ਕਪਤਾਨ ਪੁਲਿਸ ਸਬ ਡਿਵੀਜ਼ਨ ਸ੍ਰੀ ਅਨੰਦਪੁਰ ਸਾਹਿਬ ਜਸ਼ਨਦੀਪ ਸਿੰਘ ਮਾਨ ਪੀਪੀਐੱਸ ਦੀ ਅਗਵਾਈ ਵਿਚ ਮੁਹਿੰਮ ਚਲਈ ਜਾ ਰਹੀ ਹੈ ਉਹਨਾਂ ਕਿਹਾ ਸ੍ਰੀ ਅਨੰਦਪੁਰ ਸਾਹਿਬ ਦੇ ਸਮੁੱਚੇ ਏਰੀਏ ਵਿਚ ਕਿਸੇ ਵੀ ਤਰ੍ਹਾਂ ਦਾ ਗ਼ੈਰ ਕਾਨੂੰਨੀ ਕੰਮ ਨਹੀਂ ਹੋਣ ਦਿੱਤਾ ਜਾਵੇਗਾ।
ਉਨ੍ਹਾਂ ਤਾੜਨਾ ਕਰਦਿਆਂ ਕਿਹਾ ਕਿ ਗੈਰ ਕਾਨੂੰਨੀ ਕੰਮ ਕਰਨ ਵਾਲੇ ਆਪਣੀਆਂ ਹਰਕਤਾਂ ਤੋਂ ਬਾਜ਼ ਆ ਜਾਣ ਨਹੀਂ ਤਾਂ ਪੁਲਿਸ ਵੱਲੋਂ ਉਨ੍ਹਾਂ ਨਾਲ ਸਖਤੀ ਨਾਲ ਨਜਿੱਠਿਆ ਜਾਵੇਗਾ। ਉਨ੍ਹਾਂ ਇਲਾਕਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਜਿੱਥੇ ਵੀ ਕੋਈ ਗੈਰ ਕਾਨੂੰਨੀ ਗਤਿਵਿਧੀ ਦੀ ਜਾਣਕਾਰੀ ਮਿਲੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ ਅਤੇ ਜਾਣਕਾਰੀ ਦੇਣ ਵਾਲੇ ਦਾ ਨਾਮ ਪਤਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ।