- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰੈਲੀ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ਵਿੱਚ ਠੇਕੇਦਾਰੀ ਸਿਸਟਮ ਨੂੰ ਮੁਕੰਮਲ ਤੌਰ 'ਤੇ ਬੰਦ ਕਰਕੇ ਸਾਰੇ ਸਾਥੀਆਂ ਨੂੰ ਸਿੱਧਾ ਮਹਿਕਮੇ ਵਿੱਚ ਸ਼ਾਮਲ ਕਰਨਾ, ਕੰਟਰੈਕਟ 'ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਸਰਵਿਸ ਰੂਲਾਂ ਤਹਿਤ ਪੱਕਾ ਕਰਨਾ ਅਤੇ ਸੰਘਰਸ਼ ਦੌਰਾਨ ਜੇਲ੍ਹਾਂ ਵਿੱਚ ਬੰਦ ਕੀਤੇ ਗਏ ਸਾਥੀਆਂ 'ਤੇ ਦਰਜ ਕੀਤੇ ਗਏ ਨਜਾਇਜ਼ ਪਰਚੇ ਰੱਦ ਕਰਨਾ ਸ਼ਾਮਲ ਹੈ।

ਕੁਲਵਿੰਦਰ ਭਾਟੀਆ, ਪੰਜਾਬੀ ਜਾਗਰਣ, ਨੰਗਲ: ਆਪਣੀਆਂ ਚਿਰਾਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਵੱਲੋਂ ਅੱਜ ਨੰਗਲ ਬੱਸ ਸਟੈਂਡ ਵਿਖੇ ਵਿਸ਼ਾਲ ਗੇਟ ਰੈਲੀ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਕਾਮਿਆਂ ਨੇ ਸਰਕਾਰ 'ਤੇ ਵਾਅਦਾਖਿਲਾਫ਼ੀ ਅਤੇ ਟਾਲ-ਮਟੋਲ ਦੀ ਨੀਤੀ ਅਪਣਾਉਣ ਦਾ ਦੋਸ਼ ਲਾਉਂਦਿਆਂ ਐਲਾਨ ਕੀਤਾ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ, ਤਾਂ 21 ਤਰੀਕ ਤੋਂ ਸ਼ੁਰੂ ਹੋ ਰਹੇ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਘਿਰਾਓ ਕੀਤਾ ਜਾਵੇਗਾ ਅਤੇ ਸੂਬੇ ਭਰ ਵਿੱਚ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ ਕੀਤੀ ਜਾਵੇਗੀ।
ਰੈਲੀ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ਵਿੱਚ ਠੇਕੇਦਾਰੀ ਸਿਸਟਮ ਨੂੰ ਮੁਕੰਮਲ ਤੌਰ 'ਤੇ ਬੰਦ ਕਰਕੇ ਸਾਰੇ ਸਾਥੀਆਂ ਨੂੰ ਸਿੱਧਾ ਮਹਿਕਮੇ ਵਿੱਚ ਸ਼ਾਮਲ ਕਰਨਾ, ਕੰਟਰੈਕਟ 'ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਸਰਵਿਸ ਰੂਲਾਂ ਤਹਿਤ ਪੱਕਾ ਕਰਨਾ ਅਤੇ ਸੰਘਰਸ਼ ਦੌਰਾਨ ਜੇਲ੍ਹਾਂ ਵਿੱਚ ਬੰਦ ਕੀਤੇ ਗਏ ਸਾਥੀਆਂ 'ਤੇ ਦਰਜ ਕੀਤੇ ਗਏ ਨਜਾਇਜ਼ ਪਰਚੇ ਰੱਦ ਕਰਨਾ ਸ਼ਾਮਲ ਹੈ। ਆਗੂਆਂ ਨੇ ਕਿਹਾ ਕਿ ਹੁਣ ਤੱਕ ਸਰਕਾਰ ਨਾਲ ਉਨ੍ਹਾਂ ਦੀਆਂ 70 ਤੋਂ 75 ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਸਰਕਾਰ ਵੱਲੋਂ ਕੋਈ ਠੋਸ ਹੱਲ ਕੱਢਣ ਦੀ ਬਜਾਏ ਸਿਰਫ਼ ਲਾਰੇ ਹੀ ਲਗਾਏ ਜਾ ਰਹੇ ਹਨ।
ਉਨ੍ਹਾਂ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਪਿਛਲੀ ਮੀਟਿੰਗ ਵਿੱਚ ਅਧਿਕਾਰੀਆਂ ਨੇ 7 ਤੋਂ 10 ਦਿਨਾਂ ਦਾ ਸਮਾਂ ਮੰਗਦਿਆਂ ਭਰੋਸਾ ਦਿੱਤਾ ਸੀ ਕਿ 15 ਤਰੀਕ ਨੂੰ ਸਰਵਿਸ ਰੂਲਾਂ ਤਹਿਤ ਕੰਟਰੈਕਟ ਕਾਮਿਆਂ ਨੂੰ ਪੱਕਾ ਕਰਨ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ 'ਤੇ ਲਿਆਉਣ ਦੀ ਪ੍ਰਕਿਰਿਆ ਪੂਰੀ ਕਰ ਲਈ ਜਾਵੇਗੀ। ਪਰ ਸਮਾਂ ਬੀਤਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋਈ ਅਤੇ ਅੱਜ 15 ਤਰੀਕ ਨੂੰ ਤੈਅ ਕੀਤੀ ਗਈ ਮੀਟਿੰਗ ਤੋਂ ਵੀ ਸਰਕਾਰ ਭੱਜ ਗਈ ਹੈ, ਜਿਸ ਕਾਰਨ ਨੰਗਲ ਵਿਖੇ ਇਕੱਠੇ ਹੋਏ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਇਸ ਮੌਕੇ ਯੂਨੀਅਨ ਵੱਲੋਂ ਪੰਜਾਬ ਦੀ ਵਿਗੜ ਰਹੀ ਕਾਨੂੰਨ ਵਿਵਸਥਾ 'ਤੇ ਵੀ ਡੂੰਘੀ ਚਿੰਤਾ ਪ੍ਰਗਟਾਈ ਗਈ। ਆਗੂਆਂ ਨੇ ਮਾਨਸਾ ਵਿਖੇ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਉਣ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕੀਤੇ ਗਏ ਕਤਲ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਸਾਬਤ ਕਰ ਦਿੱਤਾ ਹੈ ਕਿ ਸੂਬੇ ਵਿੱਚ ਅਮਨ-ਕਾਨੂੰਨ (ਲਾਅ ਐਂਡ ਆਰਡਰ) ਦੀ ਸਥਿਤੀ ਬੇਹੱਦ ਖ਼ਰਾਬ ਹੋ ਚੁੱਕੀ ਹੈ।
ਅਖੀਰ ਵਿੱਚ ਨੰਗਲ ਬੱਸ ਸਟੈਂਡ 'ਤੇ ਇਕੱਠੇ ਹੋਏ ਯੂਨੀਅਨ ਆਗੂਆਂ ਨੇ ਪੰਜਾਬ ਸਰਕਾਰ ਨੂੰ ਸਿੱਧੀ ਚਿਤਾਵਨੀ ਦਿੱਤੀ ਹੈ ਕਿ ਜੇਕਰ ਮਸਲੇ ਦਾ ਜਲਦ ਹੱਲ ਨਾ ਕੱਢਿਆ ਗਿਆ ਤਾਂ 21 ਤਰੀਕ ਤੋਂ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਨਾਲ-ਨਾਲ ਮੁੱਖ ਮੰਤਰੀ ਪੰਜਾਬ ਦੀ ਕੋਠੀ ਦਾ ਵੀ ਘਿਰਾਓ ਕੀਤਾ ਜਾਵੇਗਾ ਅਤੇ ਪੰਜਾਬ ਭਰ ਵਿੱਚ ਬੱਸਾਂ ਦਾ ਚੱਕਾ ਜਾਮ ਕਰਕੇ ਅਣਮਿੱਥੇ ਸਮੇਂ ਦੀ ਹੜਤਾਲ ਕੀਤੀ ਜਾਵੇਗੀ, ਜਿਸਦੀ ਸਮੁੱਚੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।