ਮੋਰਿੰਡਾ ਵਿਖੇ ਪਰਮਿੰਦਰ ਸਿੰਘ ਝੋਟੇ ਦੇ ਕਤਲ ਵਿਰੁੱਧ ਰੋਸ ਧਰਨਾ ; ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ ਮੋਰਿੰਡਾ ਵਿਖੇ ਪਰਮਿੰਦਰ ਸਿੰਘ ਝੋਟੇ ਦੇ ਕਤਲ ਵਿਰੁੱਧ ਰੋਸ ਧਰਨਾ; ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ
Publish Date: Thu, 15 Oct 2026 06:36 PM (IST)
Updated Date: Thu, 15 Oct 2026 06:39 PM (IST)
ਅਮਰਜੀਤ ਧੀਮਾਨ, ਪੰਜਾਬੀ ਜਾਗਰਣ,ਮੋਰਿੰਡਾ: ਮਾਨਸਾ ਵਿਖੇ ਨਸ਼ਿਆਂ ਦੇ ਵਪਾਰੀ ਮੈਡੀਕਲ ਸਟੋਰ ਮਾਲਕ ਵੱਲੋਂ ਨਸ਼ਿਆਂ ਵਿਰੁੱਧ ਲੜਾਈ ਲੜ ਰਹੇ ਨੌਜਵਾਨ ਆਗੂ ਪਰਮਿੰਦਰ ਸਿੰਘ ਝੋਟੇ ਨੂੰ ਗੋਲੀਆਂ ਮਾਰ ਕੇ ਕੀਤੇ ਗਏ ਬੇਰਹਿਮ ਕਤਲ ਦੇ ਵਿਰੋਧ ’ਚ ਐਕਸ਼ਨ ਕਮੇਟੀ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਮੋਰਿੰਡਾ ਵਿਖੇ ਭਰਵਾਂ ਸਮਰਥਨ ਮਿਲਿਆ। ਇਸ ਦੌਰਾਨ ਸ਼ਹਿਰ ਦੇ ਮੁਕੰਮਲ ਤੌਰ ਤੇ ਬੰਦ ਰਹੇ। ਕਤਲ ਕਾਂਡ ਦੇ ਰੋਸ ਵਜੋਂ ਵੱਖ-ਵੱਖ ਰਾਜਸੀ, ਧਾਰਮਿਕ, ਸਮਾਜਿਕ ਜਥੇਬੰਦੀਆਂ, ਕਿਸਾਨ ਯੂਨੀਅਨਾਂ ਅਤੇ ਨਿਹੰਗ ਸਿੰਘ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵੱਡੀ ਗਿਣਤੀ ’ਚ ਇਕੱਠੇ ਹੋ ਕੇ ਸਥਾਨਕ ਕਾਈਨੌਰ ਚੌਂਕ ’ਚ ਧਰਨਾ ਦਿੱਤਾ ਅਤੇ ਆਵਾਜਾਈ ਜਾਮ ਕੀਤੀ। ਧਰਨੇ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਪਰਮਿੰਦਰ ਸਿੰਘ ਝੋਟੇ ਦੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਉਸਨੂੰ ਸ਼ਹੀਦ ਦਾ ਦਰਜਾ ਦਿੱਤਾ ਅਤੇ ਪੰਜਾਬ ’ਚ ਨਸ਼ਿਆਂ ਦੇ ਫੈਲਾਅ ਲਈ ਸਿੱਧੇ ਤੌਰ ਤੇ ਪੁਲਿਸ ਪ੍ਰਸ਼ਾਸਨ ਅਤੇ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਇਆ। -ਪੁਲਿਸ ਅਤੇ ਪ੍ਰਸ਼ਾਸਨ ’ਤੇ ਤਿੱਖੇ ਸਵਾਲ ਬੁਲਾਰਿਆਂ ਨੇ ਦੋਸ਼ ਲਾਇਆ ਕਿ ਪੁਲਿਸ ਦੀ ਕਥਿਤ ਮਿਲੀਭੁਗਤ ਅਤੇ ਸਰਪ੍ਰਸਤੀ ਤੋਂ ਬਿਨਾਂ ਪਿੰਡਾਂ ਅਤੇ ਸ਼ਹਿਰਾਂ ’ਚ ਨਸ਼ਾ ਵਿਕਣਾ ਅਸੰਭਵ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਦੇ ਹਨ, ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਬਜਾਏ ਪ੍ਰਸ਼ਾਸਨ ਮੋਹਰੇ ਬਣ ਕੇ ਕੰਮ ਕਰ ਰਿਹਾ ਹੈ। ਆਗੂਆਂ ਨੇ ਮੰਗ ਕੀਤੀ ਕਿ ਸੂਬੇ ਦੇ ਸਾਰੇ ਮੈਡੀਕਲ ਸਟੋਰਾਂ ਦੀ ਮਾਲਕੀ ਅਤੇ ਜਾਇਦਾਦਾਂ ਦੀ ਉੱਚ-ਪੱਧਰੀ ਜਾਂਚ ਕੀਤੀ ਜਾਵੇ ਕਿਉਂਕਿ ਕਈ ਮੈਡੀਕਲ ਸਟੋਰਾਂ ਦੀ ਆੜ ’ਚ ਨਸ਼ਿਆਂ ਦਾ ਕਾਰੋਬਾਰ ਧੜੱਲੇ ਨਾਲ ਚੱਲ ਰਿਹਾ ਹੈ। ਪੰਜਾਬ ਬਚਾਉਣ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਆਖਿਆ ਕਿ ਪੰਜਾਬ ਦੀ ਜਵਾਨੀ ਨੂੰ ਤਬਾਹ ਕਰਨ ਲਈ ਇੱਕ ਡੂੰਘੀ ਸਾਜ਼ਿਸ਼ ਤਹਿਤ ਨਸ਼ਿਆਂ ਦਾ ਦਰਿਆ ਵਗਾਇਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਸਿਆਸੀ ਪਾਰਟੀਆਂ ਅਤੇ ਵੋਟ ਦੀ ਰਾਜਨੀਤੀ ਤੋਂ ਉੱਪਰ ਉੱਠ ਕੇ ਪਿੰਡ-ਪਿੰਡ ਕਮੇਟੀਆਂ ਬਣਾਉਣ ਅਤੇ ਨਸ਼ਾ ਤਸਕਰਾਂ ਦਾ ਸਮਾਜਿਕ ਬਾਈਕਾਟ ਕਰਨ ਦੀ ਅਪੀਲ ਕੀਤੀ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਹੁਣ ਵੀ ਪੰਜਾਬ ਦੇ ਲੋਕ ਜਾਗਰੂਕ ਨਾ ਹੋਏ ਤਾਂ ਆਉਣ ਵਾਲੀ ਪੀੜ੍ਹੀ ਦਾ ਨਾਮੋ-ਨਿਸ਼ਾਨ ਮਿਟ ਜਾਵੇਗਾ। ਇਸ ਮੌਕੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਡੀ.ਐਸ.ਪੀ. ਗੁਰਜੀਤ ਸਿੰਘ ਦੀ ਅਗਵਾਈ ਹੇਠ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ, ਅਤੇ ਸੁਰੱਖਿਆ ਦੇ ਮੱਦੇਨਜ਼ਰ ਫਾਇਰ ਬ੍ਰਿਗੇਡ ਦੀ ਗੱਡੀ ਵੀ ਮੌਕੇ ਤੇ ਮੌਜੂਦ ਰਹੀ। ਧਰਨੇ ਦੇ ਅੰਤ ’ਚ ਮਰਹੂਮ ਪਰਮਿੰਦਰ ਸਿੰਘ ਝੋਟੇ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਿਸਾਨ ਆਗੂ ਦਲਜੀਤ ਸਿੰਘ ਚਲਾਕੀ, ਗੁਰਚਰਨ ਸਿੰਘ ਢੋਲਣ ਮਾਜਰਾ, ਰਣਧੀਰ ਸਿੰਘ ਮਾਜਰੀ, ਜਸਵਿੰਦਰ ਸਿੰਘ ਕਾਈਨੌਰ, ਕਿਸਾਨ ਆਗੂ ਰੇਸ਼ਮ ਸਿੰਘ ਬਹਿਡਾਲੀ, ਸੁਖਵਿੰਦਰ ਸਿੰਘ ਮੁੰਡੀਆਂ, ਅਮਰੀਕ ਸਿੰਘ ਅਮਰਾਲੀ, ਕਾਂਗਰਸੀ ਆਗੂ ਬੰਤ ਸਿੰਘ ਕਲਾਰਾਂ, ਦਰਸ਼ਨ ਸਿੰਘ ਸੰਧੂ, ਇਕਬਾਲ ਸਿੰਘ ਡੂਮਛੇੜੀ, ਨਿਹੰਗ ਨਸੀਬ ਸਿੰਘ, ਪੰਚ ਦਵਿੰਦਰ ਕੌਰ ਮੁੰਡੀਆਂ, ਜਸਵਿੰਦਰ ਕੌਰ ਮੁੰਡੀਆਂ, ਸੰਗਤ ਸਿੰਘ ਭਾਮੀਆ, ਤੇਜਿੰਦਰ ਸਿੰਘ ਬਿੱਲੂ ਕਲਾਰਾਂ, ਹਰਜੀਤ ਸਿੰਘ ਢੋਲਣ ਮਾਜਰਾ, ਕੁਲਬੀਰ ਸਿੰਘ ਸੋਨੂ ਰਤਨਗੜ੍ਹ ਆਦਿ ਵੀ ਸ਼ਾਮਿਲ ਸਨ।