ਅਧਿਆਪਕਾਂ ਦੀ ਘਾਟ ਨੂੰ ਲੈ ਕੇ ਸਕੂਲ ਗੇਟ ਮਾਪਿਆਂ ਵੱਲੋਂ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ
ਸਰਕਾਰੀ ਪ੍ਰਾਇਮਰੀ ਸਕੂਲ ਬਲੋਲੀ ਵਿਖੇ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਸਕੂਲ ਗੇਟ ਅੱਗੇ ਬੱਚਿਆਂ ਦੇ ਮਾਪਿਆਂ ਵੱਲੋਂ ਕੀਤਾ ਸਰਕਾਰ
Publish Date: Mon, 09 Feb 2026 06:25 PM (IST)
Updated Date: Tue, 10 Feb 2026 04:06 AM (IST)
ਜੰਗ ਬਹਾਦਰ ਸਿੰਘ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ : ਚੰਗਰ ਇਲਾਕੇ ਦੇ ਪਿੰਡ ਬਲੋਲੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਅੱਜ ਪਿੰਡ ਵਾਸੀਆਂ ਨੇ ਸਕੂਲ ਦੇ ਮੁੱਖ ਗੇਟ ਦੇ ਬਾਹਰ ਇਕੱਠੇ ਹੋ ਕੇ ਸਰਕਾਰ ਦੇ ਖਿਲਾਫ ਰੋਸ ਪ੍ਰਗਟਾਵਾ ਕੀਤਾ। ਇਸ ਮੌਕੇ ਪਿੰਡ ਵਾਸੀਆਂ ਪ੍ਰਮੋਦ ਸਿੰਘ ਰਾਣਾ ਐੱਸਐੱਮਸੀ ਚੇਅਰਮੈਨ, ਹਰਜੀਤ ਸਿੰਘ, ਨਰਿੰਦਰ ਸਿੰਘ, ਗੁਲਜਿੰਦਰ ਸਿੰਘ, ਅਮਰੀਕ ਸਿੰਘ, ਗੁਰਪਾਲ ਸਿੰਘ ਆਦਿ ਨੇ ਦੱਸਿਆ ਕਿ ਸਾਡੇ ਪਿੰਡ ਬਲੋਲੀ ਦੇ ਪ੍ਰਾਇਮਰੀ ਸਕੂਲ ਦੇ ਵਿਚ 150 ਦੇ ਕਰੀਬ ਬੱਚੇ ਸਿੱਖਿਆ ਪ੍ਰਾਪਤ ਕਰ ਰਹੇ ਹਨ ਪਰ ਉਨ੍ਹਾਂ ਨੂੰ ਪੜ੍ਹਾਉਣ ਲਈ ਸਿਰਫ ਇੱਕ ਅਧਿਆਪਕ ਹੈ।
ਇਸ ਤੋਂ ਇਲਾਵਾ ਉਹਨਾਂ ਦੇ ਪਿੰਡ ਦੇ ਮਿਡਲ ਸਕੂਲ ਵਿਚ ਵੀ 60 ਦੇ ਕਰੀਬ ਬੱਚੇ ਸਿੱਖਿਆ ਪ੍ਰਾਪਤ ਕਰ ਰਹੇ ਹਨ, ਜਿਨ੍ਹਾਂ ਨੂੰ ਪੜਾਉਣ ਲਈ ਸਕੂਲ ਵਿਚ ਸਿਰਫ ਦੋ ਅਧਿਆਪਕ ਹਨ। ਪਿੰਡ ਵਾਸੀਆਂ ਨੇ ਦੱਸਿਆ ਕਿ ਉਹਨਾਂ ਦੇ ਸਕੂਲ ਵਿਚ ਪਹਿਲਾਂ ਅਧਿਆਪਕਾਂ ਦੀ ਗਿਣਤੀ ਪੂਰੀ ਹੁੰਦੀ ਸੀ ਪਰ ਕਰੀਬ ਛੇ ਮਹੀਨੇ ਪਹਿਲਾਂ ਇੱਕ ਇੱਕ ਕਰਕੇ ਅਧਿਆਪਕਾਂ ਦੀ ਬਦਲੀ ਕਰ ਦਿੱਤੀ ਗਈ ਤੇ ਮੁੜ ਕੇ ਸਕੂਲ ਵਿਚ ਪੱਕੇ ਤੌਰ ’ਤੇ ਅਧਿਆਪਕ ਨਹੀਂ ਲਗਾਏ ਗਏ, ਬਲਕਿ ਉਹਨਾਂ ਦੇ ਸਕੂਲ ਵਿਚ ਆਰਜੀ ਤੌਰ ’ਤੇ ਹੋਰ ਸਕੂਲਾਂ ਦੇ ਅਧਿਆਪਕਾਂ ਨੂੰ ਹਫਤੇ ਹਫਤੇ ਲਈ ਭੇਜਿਆ ਜਾਂਦਾ ਹੈ, ਸਕੂਲ ਵਿਚ ਬਦਲਵੇਂ ਅਧਿਆਪਕ ਆਉਣ ਕਾਰਨ ਬੱਚਿਆਂ ਦੀ ਪੜ੍ਹਾਈ ਖਰਾਬ ਹੋ ਰਹੀ ਹੈ। ਇਸ ਮੌਕੇ ਉਨ੍ਹਾਂ ਸਰਕਾਰ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਤੇ ਸਕੂਲ ਵਿਚ ਅਧਿਆਪਕਾਂ ਦੀ ਕਮੀ ਨੂੰ ਪੂਰਾ ਕਰਨ ਲਈ ਕਿਹਾ।
ਕੀ ਕਹਿਣਾ ਹੈ ਜ਼ਿਲ੍ਹਾ ਸਿੱਖਿਆ ਅਫਸਰ ਦਾ
ਇਸ ਸਬੰਧੀ ਜਦੋਂ ਜ਼ਿਲ੍ਹਾ ਸਿੱਖਿਆ ਅਫਸਰ ਪ੍ਰਾਇਮਰੀ ਸ਼ਮਸ਼ੇਰ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਉਕਤ ਪਿੰਡ ਦੇ ਸਕੂਲ ਦੀ ਸਮੱਸਿਆ ਨੂੰ ਦੇਖਦੇ ਹੋਏ ਇਸ ਦਾ ਹੱਲ ਕੀਤਾ ਗਿਆ ਹੈ ਉਹਨਾਂ ਕਿਹਾ ਕਿ ਕੱਲ ਤੋਂ ਇੱਕ ਅਧਿਆਪਕ ਹੋਰ ਸਰਕਾਰੀ ਪ੍ਰਾਇਮਰੀ ਸਕੂਲ ਬਲੋਲੀ ਲਈ ਭੇਜ ਦਿੱਤਾ ਗਿਆ ਹੈ। ਇਸ ਮੌਕੇ ਰੋਸ ਪ੍ਰਗਟ ਕਰਨ ਵਾਲਿਆਂ ਵਿਚ ਸੰਜੀਵ ਕੁਮਾਰ, ਯੋਗਰਾਜ ਸਿੰਘ, ਮਨਜੀਤ ਸਿੰਘ, ਤਰਲੋਚਨ ਸਿੰਘ, ਪਰਮਜੀਤ ਸਿੰਘ, ਸੁਖਦੇਵ ਸਿੰਘ, ਅਵਤਾਰ ਸਿੰਘ, ਸੁਖ ਰਾਮ, ਰਜਿੰਦਰ ਸਿੰਘ ਗੋਗੀ, ਕਮਲਜੀਤ, ਅੰਜਨਾ, ਸੋਨੀਆ, ਬੇਬੀ, ਅੰਜੂ, ਸੰਜਨਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਚੋਂ ਪਿੰਡ ਵਾਸੀ ਅਤੇ ਬੱਚਿਆਂ ਦੇ ਮਾਤਾ ਪਿਤਾ ਹਾਜ਼ਰ ਸਨ।