ਬੱਚਿਆਂ ਨੂੰ ਬਿਹਤਰ ਸਿੱਖਿਆ ਤੇ ਆਧੁਨਿਕ ਸਹੂਲਤਾਂ ਦੇਣਾ ਸਰਕਾਰ ਦੀ ਤਰਜੀਹ : ਬੈਂਸ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਬਿਹਤਰ ਸਿੱਖਿਆ ’ਤੇ ਆਧੁਨਿਕ ਸਹੂਲਤਾਂ ਦੇਣਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ: ਹਰਜੋਤ ਸਿੰਘ ਬੈਂਸ
Publish Date: Fri, 14 Aug 2026 05:57 PM (IST)
Updated Date: Fri, 14 Aug 2026 05:59 PM (IST)
ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ ਸ੍ਰੀ ਅਨੰਦਪੁਰ ਸਾਹਿਬ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਪ੍ਰਾਇਮਰੀ ’ਤੇ ਮਿਡਲ ਸਕੂਲ ਚੰਡੇਸਰ ਦਾ ਦੌਰਾ ਕਰਕੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਸਕੂਲ ਵਿੱਚ ਚੱਲ ਰਹੀਆਂ ਵਿਦਿਅਕ ਗਤੀਵਿਧੀਆਂ, ਵਿਦਿਆਰਥੀਆਂ ਦੀ ਪੜ੍ਹਾਈ ਅਤੇ ਉਨ੍ਹਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀ ਪੜ੍ਹਾਈ, ਰੁਚੀਆਂ ਅਤੇ ਭਵਿੱਖ ਦੇ ਸੁਪਨਿਆਂ ਬਾਰੇ ਵੀ ਜਾਣਿਆ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਸਕੂਲ ਪੱਧਰ ਤੋਂ ਹੀ ਉਨ੍ਹਾਂ ਨੂੰ ਉਚਿਤ ਮਾਹੌਲ ਅਤੇ ਮੌਕੇ ਪ੍ਰਦਾਨ ਕਰਨਾ ਬੇਹੱਦ ਜ਼ਰੂਰੀ ਹੈ। ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਬੱਚਿਆਂ ਨੂੰ ਮਿਆਰੀ ਅਤੇ ਬਿਹਤਰ ਸਿੱਖਿਆ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਕਿਸੇ ਵੀ ਪੱਖੋਂ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਤੋਂ ਪਿੱਛੇ ਨਾ ਰਹਿਣ, ਇਸ ਲਈ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਸਿਰਫ਼ ਬੱਚਿਆਂ ਨੂੰ ਕਿਤਾਬੀ ਗਿਆਨ ਦੇਣਾ ਨਹੀਂ, ਸਗੋਂ ਉਨ੍ਹਾਂ ਨੂੰ ਆਤਮ-ਵਿਸ਼ਵਾਸੀ, ਹੁਨਰਮੰਦ ਅਤੇ ਜ਼ਿੰਮੇਵਾਰ ਨਾਗਰਿਕ ਬਣਾਉਣਾ ਵੀ ਹੈ। ਸਿੱਖਿਆ ਮੰਤਰੀ ਨੇ ਸਕੂਲ ਦੇ ਅਧਿਆਪਕਾਂ ਨਾਲ ਵੀ ਵਿਸਥਾਰ ਨਾਲ ਗੱਲਬਾਤ ਕੀਤੀ ਅਤੇ ਸਕੂਲ ਵਿੱਚ ਪੜ੍ਹਾਈ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਲਈ। ਉਨ੍ਹਾਂ ਅਧਿਆਪਕਾਂ ਨੂੰ ਕਿਹਾ ਕਿ ਬੱਚਿਆਂ ਦੀ ਸਿੱਖਿਆ ਦੇ ਨਾਲ-ਨਾਲ ਉਨ੍ਹਾਂ ਦੀ ਸ਼ਖ਼ਸੀਅਤ ਦੇ ਸਰਵਪੱਖੀ ਵਿਕਾਸ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਅਧਿਆਪਕ ਬੱਚਿਆਂ ਦੇ ਜੀਵਨ ਨੂੰ ਸਹੀ ਦਿਸ਼ਾ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਉਨ੍ਹਾਂ ਦੀ ਮਿਹਨਤ ਨਾਲ ਹੀ ਵਿਦਿਆਰਥੀਆਂ ਦੇ ਭਵਿੱਖ ਦੀ ਮਜ਼ਬੂਤ ਨੀਂਹ ਰੱਖੀ ਜਾ ਸਕਦੀ ਹੈ। ਬੈਂਸ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਬੱਚਿਆਂ ਨੂੰ ਬਿਹਤਰ ਸਿੱਖਿਆ, ਆਧੁਨਿਕ ਸਹੂਲਤਾਂ ਅਤੇ ਉੱਜਵਲ ਭਵਿੱਖ ਦੇ ਮੌਕੇ ਦੇਣਾ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਸੁਧਾਰਾਂ ਦਾ ਮਕਸਦ ਹਰ ਬੱਚੇ ਤੱਕ ਗੁਣਵੱਤਾ ਭਰਪੂਰ ਸਿੱਖਿਆ ਪਹੁੰਚਾਉਣਾ ਹੈ। ਉਨ੍ਹਾਂ ਨੇ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਪੂਰੀ ਲਗਨ ਤੇ ਮਿਹਨਤ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬੱਚੇ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਮੰਜ਼ਿਲਾਂ ਹਾਸਲ ਕਰ ਰਹੇ ਹਨ, ਜੋ ਸੂਬੇ ਲਈ ਮਾਣ ਵਾਲੀ ਗੱਲ ਹੈ।