ਨੰਗਲ ਨੂੰ ਸਾਫ਼-ਸੁਥਰਾ ਬਣਾਉਣ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ : ਬੈਂਸ ਨੰਗਲ ਨੂੰ ਸਾਫ਼-ਸੁਥਰਾ ਬਣਾਉਣ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ: ਹਰਜੋਤ ਬੈਂਸ
Publish Date: Tue, 13 Oct 2026 05:54 PM (IST)
Updated Date: Tue, 13 Oct 2026 05:56 PM (IST)
ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ ਦੀ ਕੀਤੀ ਅਪੀਲ ਪੰਜਾਬੀ ਜਾਗਰਣ ਟੀਮ, ਨੰਗਲ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਨੰਗਲ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਲਈ ਚਲਾਈ ਜਾ ਰਹੀ ਸਫ਼ਾਈ ਮੁਹਿੰਮ ਦਾ ਲਗਾਤਾਰ ਜਾਇਜ਼ਾ ਲਿਆ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਉਨ੍ਹਾਂ ਨੇ ਨੰਗਲ ਦੇ ਵਾਰਡ ਨੰਬਰ 9 ’ਚ ਪਹੁੰਚ ਕੇ ਸਫ਼ਾਈ ਕਾਰਜਾਂ ਦਾ ਨਿਰੀਖਣ ਕੀਤਾ ਅਤੇ ਸਬੰਧਤ ਕਰਮਚਾਰੀਆਂ ਤੋਂ ਸਫ਼ਾਈ ਵਿਵਸਥਾ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਨੇ ਸਫ਼ਾਈ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਅਤੇ ਸ਼ਹਿਰ ਦੇ ਹਰ ਖੇਤਰ ’ਚ ਸਫ਼ਾਈ ਯਕੀਨੀ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਸਿਰਫ਼ ਨਗਰ ਕੌਂਸਲ ਦੇ ਯਤਨ ਹੀ ਕਾਫ਼ੀ ਨਹੀਂ ਹਨ, ਸਗੋਂ ਇਸ ਲਈ ਸ਼ਹਿਰ ਵਾਸੀਆਂ ਦਾ ਸਹਿਯੋਗ ਵੀ ਬੇਹੱਦ ਜ਼ਰੂਰੀ ਹੈ। ਜਦੋਂ ਲੋਕ ਅਤੇ ਨਗਰ ਕੌਂਸਲ ਮਿਲ ਕੇ ਕੰਮ ਕਰਨਗੇ, ਤਾਂ ਹੀ ਸ਼ਹਿਰ ’ਚ ਸਫ਼ਾਈ ਦੇ ਸਥਾਈ ਅਤੇ ਚੰਗੇ ਨਤੀਜੇ ਸਾਹਮਣੇ ਆਉਣਗੇ। ਉਨ੍ਹਾਂ ਕਿਹਾ ਕਿ ਸਫ਼ਾਈ ਨੂੰ ਸਿਰਫ਼ ਸਰਕਾਰੀ ਮੁਹਿੰਮ ਨਾ ਸਮਝਿਆ ਜਾਵੇ, ਬਲਕਿ ਇਸ ਨੂੰ ਹਰ ਨਾਗਰਿਕ ਦੀ ਰੋਜ਼ਾਨਾ ਜ਼ਿੰਦਗੀ ਦਾ ਅਹਿਮ ਹਿੱਸਾ ਬਣਾਇਆ ਜਾਵੇ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਘਰਾਂ ਅਤੇ ਦੁਕਾਨਾਂ ਵਿੱਚੋਂ ਨਿਕਲਣ ਵਾਲੇ ਗਿੱਲੇ ਅਤੇ ਸੁੱਕੇ ਕੂੜੇ ਨੂੰ ਹਮੇਸ਼ਾ ਵੱਖ-ਵੱਖ ਰੱਖਿਆ ਜਾਵੇ। ਕੂੜੇ ਨੂੰ ਸੜਕਾਂ, ਗਲੀਆਂ ਜਾਂ ਖਾਲੀ ਥਾਵਾਂ ’ਤੇ ਸੁੱਟਣ ਦੀ ਬਜਾਏ ਨਗਰ ਕੌਂਸਲ ਦੀ ਕੂੜਾ ਇਕੱਠਾ ਕਰਨ ਵਾਲੀ ਗੱਡੀ ਆਉਣ ’ਤੇ ਹੀ ਉਸ ’ਚ ਪਾਇਆ ਜਾਵੇ। ਉਨ੍ਹਾਂ ਕਿਹਾ ਕਿ ਕੂੜੇ ਨੂੰ ਸਰੋਤ ’ਤੇ ਹੀ ਵੱਖਰਾ ਕਰਨ ਨਾਲ ਇਸ ਦੇ ਸਹੀ ਨਿਪਟਾਰੇ ’ਚ ਮਦਦ ਮਿਲਦੀ ਹੈ ਅਤੇ ਸ਼ਹਿਰ ’ਚ ਗੰਦਗੀ ਫੈਲਣ ਦੀ ਸਮੱਸਿਆ ਨੂੰ ਵੀ ਘਟਾਇਆ ਜਾ ਸਕਦਾ ਹੈ। ਇਸ ਮੌਕੇ ਸਾਗਰ ਸੋਕੀ, ਰਣਜੀਤ ਸਿੰਘ, ਅਜੇ ਕੁਮਾਰ, ਸੈਨੇਟਰੀ ਇੰਸਪੈਕਟਰ ਮਦਨ ਲਾਲ, ਐਸ.ਆਈ. ਸਚਿਨ ਤੋਂ ਇਲਾਵਾ ਵੱਡੀ ਗਿਣਤੀ ’ਚ ਵਰਕਰ ਅਤੇ ਪਤਵੰਤੇ ਹਾਜ਼ਰ ਸਨ।