ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਲੋਕਾਂ ਅਤੇ ਪ੍ਰਸ਼ਾਸਨ ਵਿਚਕਾਰ ਸਿੱਧਾ ਸੰਪਰਕ ਅਹਿਮ ਨਸ਼ਿਆਂ ਵਿਰੁੱਧ ਜੰਗ ਨੂੰ ਲੋਕ ਲਹਿਰ ਬਣਾਉਣ ਲਈ ਪ੍ਰਸ਼ਾਸਨ ਤੇ ਪੁਲਿਸ ਵੱਲੋਂ ਪਿੰਡ ਸੋਲਖੀਆਂ ਵਿਖੇ ਲੋਕ ਮਿਲਣੀ
Publish Date: Sun, 11 Oct 2026 03:28 PM (IST)
Updated Date: Sun, 11 Oct 2026 03:29 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ,ਰੂਪਨਗਰ: ਪੰਜਾਬ ਨੂੰ ਨਸ਼ਿਆਂ ਦੀ ਗ੍ਰਿਫ਼ਤ ’ਚੋਂ ਬਾਹਰ ਕੱਢਣ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਸੋਲਖੀਆਂ ਵਿਖੇ ਲੋਕ ਮਿਲਣੀ ਕੀਤੀ ਗਈ। ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਅਤੇ ਐੱਸਐੱਸਪੀ ਮਨਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਇਸ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਨਸ਼ਿਆਂ ਦੀ ਸਮੱਸਿਆ, ਨਸ਼ਾ ਤਸਕਰੀ ਦੀ ਰੋਕਥਾਮ, ਨੌਜਵਾਨਾਂ ਨੂੰ ਖੇਡਾਂ ਅਤੇ ਰੁਜ਼ਗਾਰ ਨਾਲ ਜੋੜਨ ਅਤੇ ਪਿੰਡਾਂ ’ਚ ਸੁਰੱਖਿਅਤ ਤੇ ਸਿਹਤਮੰਦ ਮਾਹੌਲ ਸਿਰਜਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਕਿਹਾ ਕਿ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਲੋਕਾਂ ਅਤੇ ਪ੍ਰਸ਼ਾਸਨ ਵਿਚਕਾਰ ਸਿੱਧਾ ਸੰਪਰਕ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਕਿਸੇ ਪਿੰਡ ਨੂੰ ਨਸ਼ਿਆਂ ਦੀ ਸਮੱਸਿਆ ਵਾਲੇ ਖੇਤਰ ਵਜੋਂ ਚਿੰਨ੍ਹਿਤ ਕਰਨ ਦਾ ਇਹ ਅਰਥ ਨਹੀਂ ਕਿ ਉੱਥੋਂ ਦੇ ਸਾਰੇ ਵਸਨੀਕ ਇਸ ਸਮੱਸਿਆ ਨਾਲ ਜੁੜੇ ਹੋਏ ਹਨ। ਇਸ ਦਾ ਮਕਸਦ ਉਨ੍ਹਾਂ ਖੇਤਰਾਂ ਦੀ ਪਛਾਣ ਕਰਨਾ ਹੈ, ਜਿੱਥੇ ਵਧੇਰੇ ਧਿਆਨ ਦੇਣ ਅਤੇ ਸਾਂਝੇ ਯਤਨਾਂ ਦੀ ਲੋੜ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਨਸ਼ਾ ਤਸਕਰੀ, ਨਸ਼ਿਆਂ ਦੀ ਵਰਤੋਂ ਜਾਂ ਕਿਸੇ ਹੋਰ ਸਮਾਜਿਕ ਸਮੱਸਿਆ ਬਾਰੇ ਜਾਣਕਾਰੀ ਹੈ ਅਤੇ ਉਸ ’ਤੇ ਕਾਰਵਾਈ ਨਹੀਂ ਹੋ ਰਹੀ ਤਾਂ ਉਹ ਸਿੱਧੇ ਡਿਪਟੀ ਕਮਿਸ਼ਨਰ ਜਾਂ ਐੱਸਐੱਸਪੀ ਨਾਲ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਦਿੱਤੀ ਗਈ ਸੂਚਨਾ ਦੇ ਆਧਾਰ ’ਤੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਬਣਦੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਇਸ ਮੌਕੇ ਐੱਸਐੱਸਪੀ ਮਨਿੰਦਰ ਸਿੰਘ ਨੇ ਕਿਹਾ ਕਿ ਨਸ਼ਾ ਤਸਕਰੀ ਵਿਰੁੱਧ ਪੁਲਿਸ ਵੱਲੋਂ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਸ਼ਾ ਤਸਕਰਾਂ ਬਾਰੇ ਪ੍ਰਾਪਤ ਹੋਣ ਵਾਲੀ ਸੂਚਨਾ ਦੇ ਆਧਾਰ ’ਤੇ ਕਾਨੂੰਨ ਅਨੁਸਾਰ ਕਾਰਵਾਈ ਅਮਲ ’ਚ ਲਿਆਂਦੀ ਜਾਂਦੀ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਧਿਆਨ ’ਚ ਨਸ਼ਾ ਵੇਚਣ ਜਾਂ ਨਸ਼ਿਆਂ ਦੇ ਕਾਰੋਬਾਰ ’ਚ ਸ਼ਾਮਲ ਵਿਅਕਤੀਆਂ ਸਬੰਧੀ ਕੋਈ ਜਾਣਕਾਰੀ ਆਉਂਦੀ ਹੈ ਤਾਂ ਉਹ ਬਿਨਾਂ ਕਿਸੇ ਡਰ ਦੇ ਪ੍ਰਸ਼ਾਸਨ ਅਤੇ ਪੁਲਿਸ ਨਾਲ ਸਾਂਝੀ ਕਰਨ। ਉਨ੍ਹਾਂ ਭਰੋਸਾ ਦਿੱਤਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਅਤੇ ਸੁਰੱਖਿਆ ਨੂੰ ਧਿਆਨ ’ਚ ਰੱਖਦਿਆਂ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿੰਡਾਂ ’ਚ ਅਜਿਹੀਆਂ ਥਾਵਾਂ ਦੀ ਪਛਾਣ ਕਰਨੀ ਵੀ ਜ਼ਰੂਰੀ ਹੈ, ਜਿੱਥੇ ਨਸ਼ਾ ਕਰਨ ਵਾਲੇ ਵਿਅਕਤੀ ਇਕੱਠੇ ਹੁੰਦੇ ਹਨ ਜਾਂ ਨਸ਼ਿਆਂ ਕਾਰਨ ਸਮਾਜਿਕ ਮਾਹੌਲ ਪ੍ਰਭਾਵਿਤ ਹੁੰਦਾ ਹੈ। ਅਜਿਹੀਆਂ ਥਾਵਾਂ ਦੀ ਸਫ਼ਾਈ ਅਤੇ ਸੁਧਾਰ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਢੁੱਕਵੇਂ ਕਦਮ ਚੁੱਕੇ ਜਾਣਗੇ, ਤਾਂ ਜੋ ਇਨ੍ਹਾਂ ਦੀ ਗ਼ਲਤ ਵਰਤੋਂ ਨੂੰ ਰੋਕਿਆ ਜਾ ਸਕੇ। ਇਸ ਮੌਕੇ ਪਿੰਡ ਭਗਵੰਤਪੁਰ ਦੇ ਸਰਪੰਚ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਪਿੰਡਾਂ ’ਚ ਨਸ਼ਿਆਂ ਦੇ ਨਾਲ-ਨਾਲ ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਪਿੰਡਾਂ ਦੀਆਂ ਪੰਚਾਇਤਾਂ, ਸਰਪੰਚਾਂ ਅਤੇ ਹੋਰ ਮੋਹਤਬਰਾਂ ਨੂੰ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਸੁਝਾਅ ਦਿੱਤਾ ਕਿ ਪਿੰਡਾਂ ਦੇ ਮੁੱਖ ਦਾਖ਼ਲਾ ਮਾਰਗਾਂ ’ਤੇ ਸੀਸੀਟੀਵੀ ਕੈਮਰੇ ਲਗਾਉਣ ਅਤੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਵੱਲ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਸਰਕਾਰ ਜਾਂ ਪੁਲਿਸ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰ ਮਾਪੇ, ਅਧਿਆਪਕ, ਪੰਚਾਇਤੀ ਨੁਮਾਇੰਦੇ ਅਤੇ ਸਮਾਜਿਕ ਸੰਸਥਾ ਦਾ ਸਾਂਝਾ ਫ਼ਰਜ਼ ਹੈ। ਇਸ ਮੌਕੇ ਐੱਸਪੀ ਰੂਪਨਗਰ ਜਸਪ੍ਰੀਤ ਸਿੰਘ, ਐੱਸਡੀਐੱਮ ਰੂਪਨਗਰ ਜਸਪ੍ਰੀਤ ਸਿੰਘ, ਡੀਐੱਸਪੀ ਦੀਪਇੰਦਰ ਸਿੰਘ, ਐੱਸਐੱਚਓ ਸੰਨੀ ਖੰਨਾ, ਐੱਸਐੱਚਓ ਅਜੀਤ ਸਿੰਘ, ਹਲਕਾ ਕੋਆਰਡੀਨੇਟਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ, ਸ੍ਰੀ ਚਮਕੌਰ ਸਾਹਿਬ ਸ੍ਰੀ ਪਰਸ਼ੋਤਮ ਸਿੰਘ ਮਾਹਲ, ਅਮਰ ਸਿੰਘ ਸੋਲਖੀਆਂ ਅਤੇ ਵੱਡੀ ਗਿਣਤੀ ’ਚ ਪਿੰਡ ਵਾਸੀ ਹਾਜ਼ਰ ਸਨ।