ਪੰਜਾਬ ਬੰਦ ਦੇ ਸੱਦੇ ਨੂੰ ਨੂਰਪੁਰ ਬੇਦੀ ’ਚ ਮਿਲਿਆ ਭਰਵਾਂ ਹੁੰਗਾਰਾ ਪੰਜਾਬ ਬੰਦ ਦੇ ਸੱਦੇ ਨੂੰ ਨੂਰਪੁਰ ਬੇਦੀ ਵਿੱਚ ਮਿਲਿਆ ਭਰਵਾਂ ਹੁੰਗਾਰਾ
Publish Date: Fri, 21 Aug 2026 04:30 PM (IST)
Updated Date: Fri, 21 Aug 2026 04:33 PM (IST)
ਦਿਨੇਸ਼ ਹੱਲਣ, ਪੰਜਾਬੀ ਜਾਗਰਣ ਨੂਰਪੁਰਬੇਦੀ : ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 21 ਅਗਸਤ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਅੱਜ ਬਲਾਕ ਨੂਰਪੁਰ ਬੇਦੀ ਵਿੱਚ ਅਸਰ ਦੇਖਣ ਨੂੰ ਮਿਲਿਆ। ਬਲਾਕ ਦੇ ਸਮੁੱਚੇ ਪ੍ਰਮੁੱਖ ਬੱਸ ਅੱਡਿਆਂ ’ਤੇ ਸਥਿਤ ਦੁਕਾਨਾਂ ਅਤੇ ਵੱਖ-ਵੱਖ ਸੰਸਥਾਵਾਂ ਵੱਲੋਂ ਬੰਦ ਨੂੰ ਸਮਰਥਨ ਦਿੰਦਿਆਂ ਆਪਣੇ ਕਾਰੋਬਾਰ ਬੰਦ ਰੱਖੇ ਗਏ। ਬੰਦ ਦੌਰਾਨ ਬੱਸ ਅੱਡਿਆਂ ਅਤੇ ਬਾਜ਼ਾਰਾਂ ਵਿੱਚ ਆਮ ਦਿਨਾਂ ਦੇ ਮੁਕਾਬਲੇ ਕਾਫ਼ੀ ਘੱਟ ਰੌਣਕ ਦਿਖਾਈ ਦਿੱਤੀ। ਬੱਸ ਅੱਡਿਆਂ ਵਿੱਚ ਵੀ ਸੁੰਨ ਪਸਰੀ ਰਹੀ। ਆਵਾਜਾਈ ਵੀ ਆਮ ਦਿਨਾਂ ਦੇ ਮੁਕਾਬਲੇ ਬੇਹੱਦ ਘੱਟ ਰਹੀ, ਜਿਸ ਕਾਰਨ ਬੰਦ ਦਾ ਪ੍ਰਭਾਵ ਸਪੱਸ਼ਟ ਤੌਰ ’ਤੇ ਦੇਖਣ ਨੂੰ ਮਿਲਿਆ। ਇਸ ਮੌਕੇ ਮੋਰਚੇ ਨਾਲ ਜੁੜੇ ਆਗੂਆਂ ਨੇ ਕਿਹਾ ਕਿ ਜਿਹੜੇ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਨੂੰ ਲੰਮਾ ਸਮਾਂ ਜੇਲ੍ਹਾਂ ਵਿੱਚ ਰੱਖਣਾ ਸਿੱਖਾਂ ਅਤੇ ਘੱਟ ਗਿਣਤੀਆਂ ਨਾਲ ਵਿਤਕਰੇ ਵਾਲਾ ਵਤੀਰਾ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਅਨੁਸਾਰ ਜੇਕਰ ਕੋਈ ਵਿਅਕਤੀ ਆਪਣੀ ਸਜ਼ਾ ਪੂਰੀ ਕਰ ਚੁੱਕਾ ਹੈ ਤਾਂ ਉਸ ਦੀ ਰਿਹਾਈ ਸਬੰਧੀ ਸਰਕਾਰ ਨੂੰ ਬਣਦੀ ਕਾਰਵਾਈ ਕਰਨੀ ਚਾਹੀਦੀ ਹੈ। ਆਗੂਆਂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਲੰਮੇ ਸਮੇਂ ਤੋਂ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਕਈ ਬੰਦੀ ਸਿੰਘਾਂ ਦੀ ਰਿਹਾਈ ਨਾ ਹੋਣਾ ਆਪਣੇ ਆਪ ਵਿੱਚ ਗੰਭੀਰ ਨਾ-ਇਨਸਾਫ਼ੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀਆਂ ਦੀ ਰਿਹਾਈ ਲਈ ਢੁੱਕਵੇਂ ਕਦਮ ਚੁੱਕੇ ਜਾਣ। ਮੋਰਚੇ ਦੇ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਠੋਸ ਕਦਮ ਨਾ ਚੁੱਕਿਆ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।