ਪਰਗਟ ਸਿੰਘ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਨਵੀਆਂ ਬੁਲੰਦੀਆਂ ਛੂਹੇਗੀ : ਸੁਮਨ ਸੈਣੀ ਪ੍ਰਗਟ ਸਿੰਘ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਨਵੀਆਂ ਬੁਲੰਦੀਆਂ ਛੂਹੇਗੀ : ਸੁਮਨ ਸੈਣੀ
Publish Date: Sat, 03 Oct 2026 05:03 PM (IST)
Updated Date: Sat, 03 Oct 2026 05:04 PM (IST)
ਦਿਨੇਸ਼ ਹੱਲਣ, ਪੰਜਾਬੀ ਜਾਗਰਣ ਨੂਰਪੁਰਬੇਦੀ : ਮਹਿਲਾ ਕਾਂਗਰਸ ਕਮੇਟੀ ਰੂਪਨਗਰ ਦੀ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਸੁਮਨ ਸੈਣੀ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਅਗਵਾਈ ਸੌਂਪੇ ਜਾਣ ਨਾਲ ਸਮੁੱਚੇ ਕਾਂਗਰਸੀ ਵਰਕਰਾਂ ਵਿੱਚ ਉਤਸ਼ਾਹ ਅਤੇ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਖ਼ਾਸ ਕਰਕੇ ਮਹਿਲਾ ਕਾਂਗਰਸ ਦੀਆਂ ਆਗੂਆਂ ਅਤੇ ਵਰਕਰਾਂ ਵਿੱਚ ਇਸ ਫ਼ੈਸਲੇ ਨੂੰ ਲੈ ਕੇ ਨਵਾਂ ਜੋਸ਼ ਦੇਖਣ ਨੂੰ ਮਿਲ ਰਿਹਾ ਹੈ। ਸੁਮਨ ਸੈਣੀ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਸਮਰਪਿਤ ਆਗੂਆਂ ਨੂੰ ਜ਼ਿੰਮੇਵਾਰੀਆਂ ਸੌਂਪਣਾ ਇੱਕ ਅਹਿਮ ਕਦਮ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਪਰਗਟ ਸਿੰਘ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਨਵੀਂ ਊਰਜਾ, ਆਪਸੀ ਏਕਤਾ ਅਤੇ ਮਜ਼ਬੂਤ ਜਥੇਬੰਦਕ ਢਾਂਚੇ ਨਾਲ ਅੱਗੇ ਵਧੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੀ ਤਾਕਤ ਉਸ ਦੇ ਮਿਹਨਤੀ ਵਰਕਰ ਹਨ, ਜਿਨ੍ਹਾਂ ਨੇ ਹਮੇਸ਼ਾ ਔਖੇ ਸਮਿਆਂ ਵਿੱਚ ਵੀ ਲੋਕਾਂ ਨਾਲ ਆਪਣਾ ਨਾਤਾ ਕਾਇਮ ਰੱਖਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਪਾਰਟੀ ਨੂੰ ਮੁੜ ਮਜ਼ਬੂਤ ਕਰਨ ਲਈ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਸੰਪਰਕ ਵਧਾਉਣ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਲੋਕ ਹਿੱਤਾਂ ਦੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਦੀ ਲੋੜ ਹੈ। ਮਹਿਲਾ ਕਾਂਗਰਸ ਵੀ ਇਸ ਦਿਸ਼ਾ ਵਿੱਚ ਅਹਿਮ ਭੂਮਿਕਾ ਨਿਭਾਏਗੀ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਪਾਰਟੀ ਨਾਲ ਜੋੜਨਾ, ਉਨ੍ਹਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨਾ ਅਤੇ ਨੌਜਵਾਨ ਪੀੜ੍ਹੀ ਨੂੰ ਲੋਕਤੰਤਰੀ ਗਤੀਵਿਧੀਆਂ ਨਾਲ ਜੋੜਨਾ ਉਨ੍ਹਾਂ ਦੀਆਂ ਤਰਜੀਹਾਂ ਵਿੱਚ ਸ਼ਾਮਲ ਰਹੇਗਾ। ਸੁਮਨ ਸੈਣੀ ਨੇ ਵਿਸ਼ਵਾਸ ਜਤਾਇਆ ਕਿ ਸਮੂਹ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੇ ਸਹਿਯੋਗ ਨਾਲ ਪਾਰਟੀ ਪੰਜਾਬ ਵਿੱਚ ਮੁੜ ਆਪਣੀ ਜਥੇਬੰਦਕ ਮਜ਼ਬੂਤੀ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਵਰਕਰ ਹੁਣ ਤੋਂ ਹੀ ਇਕਜੁੱਟ ਹੋ ਕੇ ਮਿਹਨਤ ਕਰਨਗੇ ਅਤੇ ਪਾਰਟੀ ਨੂੰ ਵੱਡੀ ਜਿੱਤ ਦਿਵਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਅੰਤ ਵਿੱਚ ਕਿਹਾ ਕਿ ਕਾਂਗਰਸ ਹਾਈਕਮਾਂਡ ਵੱਲੋਂ ਪਰਗਟ ਸਿੰਘ ’ਤੇ ਪ੍ਰਗਟਾਏ ਭਰੋਸੇ ਨਾਲ ਵਰਕਰਾਂ ਦਾ ਮਨੋਬਲ ਵਧਿਆ ਹੈ ਅਤੇ ਪਾਰਟੀ ਦੇ ਭਵਿੱਖ ਨੂੰ ਲੈ ਕੇ ਨਵੀਆਂ ਉਮੀਦਾਂ ਜਾਗੀਆਂ ਹਨ।