ਪਾਵਰਕਾਮ ਦੀਆਂ ਜ਼ਮੀਨਾਂ ਵੇਚਣ ਦੇ ਵਿਰੋਧ ’ਚ ਅਰਥੀ ਫੂਕੀ
ਪਾਵਰਕੌਮ ਦੀਆਂ ਜ਼ਮੀਨਾਂ ਵੇਚਣ ਦੇ ਵਿਰੋਧ ਵਿਚ ਪੰਜਾਬ ਸਰਕਾਰ ਦੀ ਅਰਥੀ ਫੂਕ ਪ੍ਰਦਰਸ਼ਨ
Publish Date: Tue, 17 Feb 2026 03:37 PM (IST)
Updated Date: Tue, 17 Feb 2026 03:39 PM (IST)

ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ ਸ਼੍ਰੀ ਅਨੰਦਪੁਰ ਸਾਹਿਬ : ਜੁਆਇੰਟ ਐਕਸ਼ਨ ਕਮੇਟੀ ਮੰਡਲ ਸ੍ਰੀ ਅਨੰਦਪੁਰ ਸਾਹਿਬ ਦੇ ਕਨਵੀਨਰ ਤਰਸੇਮ ਲਾਲ ਬੜਵਾ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਸੁਬਾ ਕਮੇਟੀਆਂ ਦੇ ਸੰਘਰਸ਼ ਪ੍ਰੋਗਰਾਮ ਤਹਿਤ ਪੰਜਾਬ ਸਰਕਾਰ ਵੱਲੋਂ ਪਾਵਰਕੌਮ ਦੀ ਲਗਭਗ 50 ਏਕੜ ਜ਼ਮੀਨ ਵੇਚਣ ਦੇ ਫ਼ੈਸਲੇ ਦੇ ਵਿਰੋਧ ਵਿਚ ਅਤੇ ਬਿਜਲੀ ਐਕਟ 2025 ਦੇ ਖਿਲਾਫ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਸ ਧਰਨਾ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਆਗੂਆਂ ਨੇ ਕਿਹਾ ਕਿ ਬਿਜਲੀ ਬਿੱਲ 2025 ਦੇ ਵਿਰੋਧ ਵਿਚ ਪੰਜਾਬ ਦੇ ਕਿਸਾਨ, ਮਜ਼ਦੂਰ ਅਤੇ ਮੁਲਾਜ਼ਮ ਸੰਘਰਸ਼ ਦੇ ਰਾਹ ਪੈ ਚੁੱਕੇ ਹਨ। ਉਨ੍ਹਾਂ ਕਿਹਾ ਕਿ ਬਿਜਲੀ ਵਿਭਾਗ ਤੋਂ ਸੇਵਾ ਮੁਕਤ ਮੁਲਾਜ਼ਮ ਵੀ ਆਪਣੇ ਮਹਿਕਮੇ ਅਤੇ ਆਪਣੀ ਹੌਂਦ ਨੂੰ ਬਚਾਉਣ ਲਈ ਇਸ ਲਹਿਰ ਨਾਲ ਜੁੜ ਰਹੇ ਹਨ। ਆਗੂਆਂ ਨੇ ਕਿਹਾ ਕਿ ਬਿਜਲੀ ਬਿੱਲ 2025, ਪਾਵਰਕੌਮ ਦੀਆਂ ਜ਼ਮੀਨਾਂ ਦੀ ਵਿਕਰੀ ਅਤੇ ਲੇਬਰ ਕਾਨੂੰਨਾਂ ਨੂੰ ਖਤਮ ਕਰਕੇ ਨਵੇਂ ਲੇਬਰ ਕੋਡ ਲਾਗੂ ਕਰਨ ਦੇ ਵਿਰੋਧ ਵਿਚ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਬਿਜਲੀ ਅਦਾਰੇ ਦਾ ਮੁਕੰਮਲ ਨਿੱਜੀਕਰਨ ਕਰਕੇ ਇਸਨੂੰ ਪ੍ਰਾਈਵੇਟ ਕੰਪਨੀਆਂ ਅਤੇ ਠੇਕੇਦਾਰਾਂ ਦੇ ਹਵਾਲੇ ਕਰਨ ਦੀ ਤਿਆਰੀ ਕਰ ਰਹੀ ਹੈ, ਜਿਸ ਨਾਲ ਖੇਤੀ ਅਤੇ ਘਰੇਲੂ ਵਰਤੋਂ ਲਈ ਮਿਲ ਰਹੀ ਬਿਜਲੀ ਸਬਸਿਡੀ ਬੰਦ ਹੋ ਸਕਦੀ ਹੈ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇ ਪਾਵਰਕੌਮ ਨੂੰ ਖਤਮ ਕਰਕੇ ਪ੍ਰਾਈਵੇਟ ਕੰਪਨੀਆਂ ਬਣਾਈਆਂ ਗਈਆਂ ਤਾਂ ਮੁਲਾਜ਼ਮਾਂ ਦੀਆਂ ਤਨਖਾਹਾਂ ਅਤੇ ਪੈਨਸ਼ਨਾਂ ਵੀ ਸੁਰੱਖਿਅਤ ਨਹੀਂ ਰਹਿਣਗੀਆਂ। ਧਰਨੇ ਨੂੰ ਟੀ ਐਸ ਯੂ ਦੇ ਆਗੂ ਜਸਪਾਲ ਕੁਮਾਰ ਕੋਟਲਾ, ਜਰਨੈਲ ਸਿੰਘ, ਹਰਭਜਨ ਸਿੰਘ ਅਤੇ ਪੀ ਐਸ ਈ ਬੀ ਇੰਪਲਾਇਜ਼ ਫੈਡਰੇਸ਼ਨ ਏਟਕ ਦੇ ਆਗੂ ਸੰਜੀਵ ਕੁਮਾਰ, ਹਰਪਾਲ ਸਿੰਘ ਅਤੇ ਸਚਿਨਦੀਪ ਨੇ ਵੀ ਸੰਬੋਧਨ ਕੀਤਾ।