- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਨੰਦਪੁਰ ਸਾਹਿਬ ਮਗਰੋਂ ਨੰਗਲ, ਕੀਰਤਪੁਰ ਸਾਹਿਬ 'ਤੇ ਆਪ ਦੀ ਨਜ਼ਰ

-ਕਿਹਾ, ਜਾਰੀ ਨੋਟੀਫਿਕੇਸ਼ਨਾਂ ਤਹਿਤ ਕਰਵਾਈਆਂ ਜਾਣਗੀਆਂ ਚੋਣਾਂ, ਲੋਕਤੰਤਰ ਪ੍ਰਕਿਰਿਆ ਨੂੰ ਵਧਾਵਾਂਗੇ ਅੱਗੇ
ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ,
ਸ੍ਰੀ ਅਨੰਦਪੁਰ ਸਾਹਿਬ: ਸ੍ਰੀ ਅਨੰਦਪੁਰ ਸਾਹਿਬ ਨਗਰ ਕੌਂਸਲ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੇ ਅਹੁਦਿਆਂ 'ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਸਰਬਸੰਮਤੀ ਨਾਲ ਚੋਣ ਹੋਣ ਤੋਂ ਬਾਅਦ ਹੁਣ ਨੰਗਲ ਅਤੇ ਕੀਰਤਪੁਰ ਸਾਹਿਬ ਨਗਰ ਕੌਂਸਲਾਂ ’ਚ ਵੀ ਇਹ ਤਿੰਨੇ ਅਹੁਦੇ ਆਮ ਆਦਮੀ ਪਾਰਟੀ ਦੇ ਹਿੱਸੇ ਆਉਣਗੇ। ਇਹ ਗੱਲ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਨਗਰ ਕੌਂਸਲ ਦਫ਼ਤਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਹੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਨੇ ਨਗਰ ਕੌਂਸਲ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੂੰ ਭਰਪੂਰ ਸਮਰਥਨ ਦਿੱਤਾ ਹੈ ਅਤੇ ਲੋਕਾਂ ਦੇ ਇਸ ਫ਼ੈਸਲੇ ਦਾ ਸਤਿਕਾਰ ਕਰਦਿਆਂ ਅਗਲੀਆਂ ਚੋਣ ਪ੍ਰਕਿਰਿਆਵਾਂ ਵੀ ਲੋਕਾਂ ਦੇ ਫ਼ਤਵੇ ਅਨੁਸਾਰ ਹੀ ਹੋਣਗੀਆਂ। ਉਨ੍ਹਾਂ ਕਿਹਾ ਕਿ ਜਿਵੇਂ-ਜਿਵੇਂ ਨੋਟੀਫਿਕੇਸ਼ਨ ਜਾਰੀ ਹੋਣਗੇ, ਉਸੇ ਅਨੁਸਾਰ ਚੋਣਾਂ ਕਰਵਾਈਆਂ ਜਾਣਗੀਆਂ ਅਤੇ ਲੋਕਤੰਤਰਕ ਪ੍ਰਕਿਰਿਆ ਨੂੰ ਪੂਰੀ ਪਾਰਦਰਸ਼ਤਾ ਨਾਲ ਅੱਗੇ ਵਧਾਇਆ ਜਾਵੇਗਾ।
ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨੰਗਲ ਦੇ ਲੋਕਾਂ ਨੇ ਪਿਛਲੇ ਕਈ ਸਾਲਾਂ ਦੌਰਾਨ ਵਿਕਾਸ ਪੱਖੋਂ ਕਾਫ਼ੀ ਮੁਸ਼ਕਲ ਸਮਾਂ ਵੇਖਿਆ ਹੈ, ਪਰ ਹੁਣ ਪੰਜਾਬ ਸਰਕਾਰ ਵੱਲੋਂ ਨੰਗਲ ਦੇ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਨੰਗਲ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਤੇ ਉੱਥੇ ਵਿਕਾਸ ਕਾਰਜਾਂ ਦੀ ਨਿਗਰਾਨੀ ਅਤੇ ਮਨਜ਼ੂਰੀ ਲਈ ਵੱਖਰੀ ਪ੍ਰਬੰਧਕੀ ਵਿਵਸਥਾ ਬਣਾਈ ਗਈ ਹੈ।
ਉਨ੍ਹਾਂ ਕਿਹਾ ਕਿ ਰੋਜ਼ਾਨਾ ਆਧਾਰ 'ਤੇ ਨੰਗਲ ਦੇ ਵਿਕਾਸ ਕਾਰਜਾਂ ਸਬੰਧੀ ਅਨੁਮਾਨਾਂ ਅਤੇ ਯੋਜਨਾਵਾਂ 'ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਆਉਣ ਵਾਲੇ ਤਿੰਨ ਮਹੀਨਿਆਂ ਵਿੱਚ ਨੰਗਲ ਸ਼ਹਿਰ ਦੀ ਸੂਰਤ ਵਿੱਚ ਵੱਡਾ ਬਦਲਾਅ ਵੇਖਣ ਨੂੰ ਮਿਲੇਗਾ। ਸੜਕਾਂ, ਸਫ਼ਾਈ, ਬੁਨਿਆਦੀ ਢਾਂਚੇ ਤੇ ਹੋਰ ਨਾਗਰਿਕ ਸਹੂਲਤਾਂ ਦੇ ਖੇਤਰ ਵਿੱਚ ਵੱਡੇ ਪੱਧਰ 'ਤੇ ਕੰਮ ਕੀਤੇ ਜਾ ਰਹੇ ਹਨ, ਜਿਸ ਨਾਲ ਲੋਕਾਂ ਨੂੰ ਸਿੱਧਾ ਲਾਭ ਮਿਲੇਗਾ। ਪੱਤਰਕਾਰਾਂ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿੱਚ ਲੰਬੇ ਸਮੇਂ ਤੋਂ ਚੱਲ ਰਹੀ ਪਾਰਕਿੰਗ ਸਮੱਸਿਆ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਹੁ-ਮੰਜ਼ਿਲਾ ਵਾਹਨ ਖੜ੍ਹਾਉਣ ਸਥਾਨ ਦੀ ਯੋਜਨਾ ਤਿਆਰ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭੇਜੀ ਜਾ ਚੁੱਕੀ ਹੈ। ਇਸ ਯੋਜਨਾ ਨੂੰ ਅਮਲੀ ਜਾਮਾ ਪਹਿਨਾਉਣ ਲਈ ਸਿਰਫ਼ ਕਮੇਟੀ ਦੀ ਸਹਿਮਤੀ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਇਸ ਮਹੱਤਵਪੂਰਨ ਯੋਜਨਾ 'ਤੇ ਭਾਵੇਂ 10 ਕਰੋੜ, 15 ਕਰੋੜ ਜਾਂ 20 ਕਰੋੜ ਰੁਪਏ ਤੱਕ ਦਾ ਖਰਚਾ ਆਵੇ, ਪੰਜਾਬ ਸਰਕਾਰ ਇਸ ਲਈ ਪੂਰੀ ਤਰ੍ਹਾਂ ਤਿਆਰ ਹੈ। ਸਰਕਾਰ ਦਾ ਮਕਸਦ ਸ੍ਰੀ ਅਨੰਦਪੁਰ ਸਾਹਿਬ ਆਉਣ ਵਾਲੀ ਸੰਗਤ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਜਿਵੇਂ ਹੀ ਲੋੜੀਂਦੀ ਮਨਜ਼ੂਰੀ ਮਿਲੇਗੀ, ਤੁਰੰਤ ਬਹੁ-ਮੰਜ਼ਿਲਾ ਪਾਰਕਿੰਗ ਦੇ ਨਿਰਮਾਣ ਦਾ ਕੰਮ ਸ਼ੁਰੂ ਕੀਤਾ ਜਾਵੇਗਾ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਹਰ ਰੋਜ਼ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਦਰਸ਼ਨਾਂ ਲਈ ਪਹੁੰਚਦੀਆਂ ਹਨ ਅਤੇ ਪਾਰਕਿੰਗ ਦੀ ਘਾਟ ਕਾਰਨ ਉਨ੍ਹਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਕਈ ਵਾਰ ਵਾਹਨਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਚਿੰਤਾਵਾਂ ਸਾਹਮਣੇ ਆਉਂਦੀਆਂ ਹਨ। ਉਨ੍ਹਾਂ ਕਿਹਾ ਕਿ ਬਹੁ-ਮੰਜ਼ਿਲਾ ਪਾਰਕਿੰਗ ਬਣਨ ਨਾਲ ਸੰਗਤ ਦੇ ਵਾਹਨ ਸੁਰੱਖਿਅਤ ਰਹਿਣਗੇ ਅਤੇ ਸ਼ਹਿਰ ਵਿੱਚ ਆਵਾਜਾਈ ਦੀ ਵਿਵਸਥਾ ਵੀ ਸੁਚਾਰੂ ਹੋਵੇਗੀ।
ਇਸ ਮੌਕੇ ਨਗਰ ਕੌਂਸਲ ਪ੍ਰਧਾਨ ਹਰਜੀਤ ਸਿੰਘ ਜੀਤਾ, ਸੀਨੀਅਰ ਮੀਤ ਪ੍ਰਧਾਨ ਜਤਿਨ ਕੋਸ਼ਲ, ਮੀਤ ਪ੍ਰਧਾਨ ਹਰਪਾਲ ਕੌਰ, ਕੌਂਸਲਰ ਅਤੇ ਵਪਾਰ ਮੰਡਲ ਦੇ ਪ੍ਰਧਾਨ ਇੰਦਰਜੀਤ ਸਿੰਘ ਅਰੋੜਾ, ਸੁਨੀਲ ਅਡਵਾਲ, ਸਮੂਹ ਕੌਂਸਲਰ ਅਤੇ ਆਮ ਆਦਮੀ ਪਾਰਟੀ ਦੇ ਹੋਰ ਆਗੂ ਵੀ ਹਾਜ਼ਰ ਸਨ।