- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਰਜੀਤ ਸਿੰਘ ਜੀਤਾ ਲਗਾਤਾਰ ਤੀਸਰੀ ਵਾਰ ਬਣੇ ਪ੍ਰਧਾਨ

-ਸੀਨੀਅਰ ਮੀਤ ਪ੍ਰਧਾਨ ਜਤਿਨ ਕੌਸ਼ਲ ਤੇ ਹਰਪਾਲ ਕੌਰ ਮੀਤ ਪ੍ਰਧਾਨ ਦੀ ਵੀ ਸਰਬਸੰਮਤੀ ਨਾਲ ਹੋਈ ਚੋਣ
ਪੰਜਾਬੀ ਜਾਗਰਣ ਟੀਮ, ਸ੍ਰੀ ਅਨੰਦਪੁਰ ਸਾਹਿਬ : ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੀ 13 ਵਾਰਡਾਂ ਵਾਲੀ ਨਗਰ ਕੌਂਸਲ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਬੁੱਧਵਾਰ ਨੂੰ ਸਰਬ-ਸੰਮਤੀ ਨਾਲ ਸੰਪੰਨ ਹੋ ਗਈ। ਚੋਣ ਦੌਰਾਨ ਨਗਰ ਕੌਂਸਲ ਦੇ ਦੋ ਵਾਰ ਪ੍ਰਧਾਨ ਰਹਿ ਚੁੱਕੇ ਹਰਜੀਤ ਸਿੰਘ ਜੀਤਾ ਨੂੰ ਲਗਾਤਾਰ ਤੀਜੀ ਵਾਰ ਪ੍ਰਧਾਨ ਚੁਣਿਆ ਗਿਆ। ਇਸ ਦੇ ਨਾਲ ਹੀ ਜਤਿਨ ਕੌਸ਼ਲ ਨੂੰ ਸੀਨੀਅਰ ਮੀਤ ਪ੍ਰਧਾਨ ਤੇ ਹਰਪਾਲ ਕੌਰ ਨੂੰ ਮੀਤ ਪ੍ਰਧਾਨ ਵਜੋਂ ਸਰਬ-ਸੰਮਤੀ ਨਾਲ ਚੁਣ ਲਿਆ ਗਿਆ। ਚੋਣ ਪ੍ਰਕਿਰਿਆ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਐੱਸਡੀਐੱਮ ਸੁਖਪਾਲ ਸਿੰਘ ਦੀ ਹਾਜ਼ਰੀ ਵਿੱਚ ਨਗਰ ਕੌਂਸਲ ਦਫ਼ਤਰ ਵਿਖੇ ਕਰਵਾਈ ਗਈ।
ਚੋਣ ਦੌਰਾਨ ਨਗਰ ਕੌਂਸਲ ਦੇ ਸਮੂਹ ਕੌਂਸਲਰ ਹਾਜ਼ਰ ਰਹੇ ਅਤੇ ਸਰਬਸੰਮਤੀ ਨਾਲ ਨਵੀਂ ਟੀਮ ਦੀ ਚੋਣ ਨੂੰ ਮਨਜ਼ੂਰੀ ਦਿੱਤੀ ਗਈ। ਨਤੀਜਿਆਂ ਦੇ ਐਲਾਨ ਮਗਰੋਂ ਨਗਰ ਕੌਂਸਲ ਦਫ਼ਤਰ ਵਿੱਚ ਖੁਸ਼ੀ ਦਾ ਮਾਹੌਲ ਬਣ ਗਿਆ ਅਤੇ ਕੌਂਸਲਰਾਂ, ਪਾਰਟੀ ਆਗੂਆਂ ਅਤੇ ਸ਼ਹਿਰ ਵਾਸੀਆਂ ਵੱਲੋਂ ਨਵ-ਚੁਣੀ ਟੀਮ ਨੂੰ ਵਧਾਈਆਂ ਦਿੱਤੀਆਂ। ਜ਼ਿਕਰਯੋਗ ਹੈ ਕਿ ਨਗਰ ਕੌਂਸਲ ਦੇ 13 ਵਾਰਡਾਂ ਵਿੱਚੋਂ 11 ਵਾਰਡਾਂ ਤੋਂ ‘ਆਪ’ ਦੇ ਉਮੀਦਵਾਰ ਜਿੱਤ ਕੇ ਆਏ ਸਨ, ਜਦਕਿ ਦੋ ਕੌਂਸਲਰ ਆਜ਼ਾਦ ਉਮੀਦਵਾਰਾਂ ਵਜੋਂ ਚੁਣੇ ਗਏ ਸਨ। ਚੋਣ ਮੌਕੇ ਆਜ਼ਾਦ ਕੌਂਸਲਰ ਬੀਟੀ ਸਿੱਧੂ ਨੇ ‘ਆਪ’ ’ਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਇਸ ਨਾਲ ਨਗਰ ਕੌਂਸਲ ਵਿੱਚ ਪਾਰਟੀ ਦੇ ਕੌਂਸਲਰਾਂ ਦੀ ਗਿਣਤੀ 12 ਹੋ ਗਈ ਹੈ, ਜਿਸ ਨਾਲ ਪਾਰਟੀ ਦੀ ਸਥਿਤੀ ਹੋਰ ਮਜ਼ਬੂਤ ਹੋਈ ਹੈ।
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਨਵ-ਚੁਣੇ ਪ੍ਰਧਾਨ ਹਰਜੀਤ ਸਿੰਘ ਜੀਤਾ, ਸੀਨੀਅਰ ਮੀਤ ਪ੍ਰਧਾਨ ਜਤਿਨ ਕੌਸ਼ਲ, ਮੀਤ ਪ੍ਰਧਾਨ ਹਰਪਾਲ ਕੌਰ ਤੇ ਸਮੁੱਚੀ ਟੀਮ ਨੂੰ ਮੁਬਾਰਕਬਾਦ ਦਿੱਤੀ। ਨਗਰ ਕੌਂਸਲ ਦੀ ਨਵੀਂ ਟੀਮ ਨੂੰ ਲੋਕਾਂ ਨੇ ਵੱਡੀਆਂ ਉਮੀਦਾਂ ਨਾਲ ਦੇਖਿਆ ਹੈ ਅਤੇ ਹੁਣ ਉਨ੍ਹਾਂ ਦੀ ਜ਼ਿੰਮੇਵਾਰੀ ਪਹਿਲਾਂ ਨਾਲੋਂ ਹੋਰ ਵੀ ਵਧ ਜਾਂਦੀ ਹੈ। ਸ਼ਹਿਰ ਦੀ ਸਾਫ਼-ਸਫ਼ਾਈ, ਸੁੰਦਰਤਾ ਅਤੇ ਵਿਕਾਸ ਨੂੰ ਪਹਿਲ ਦੇ ਆਧਾਰ ’ਤੇ ਅੱਗੇ ਵਧਾਇਆ ਜਾਵੇ।
ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਸਿੱਖ ਇਤਿਹਾਸ ਅਤੇ ਵਿਰਾਸਤ ਦਾ ਮਹੱਤਵਪੂਰਨ ਕੇਂਦਰ ਹੈ, ਜਿਸ ਕਾਰਨ ਇੱਥੇ ਹਰ ਸਾਲ ਵੱਡੀ ਗਿਣਤੀ ਵਿੱਚ ਸੰਗਤਾਂ ਅਤੇ ਸੈਲਾਨੀ ਪਹੁੰਚਦੇ ਹਨ। ਇਸ ਲਈ ਸ਼ਹਿਰ ਦੀ ਸਫ਼ਾਈ, ਬੁਨਿਆਦੀ ਢਾਂਚੇ ਅਤੇ ਲੋਕ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਸ਼ਹਿਰ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਤੇ ਜਿੰਨੇ ਵੀ ਵਾਧੂ ਫੰਡਾਂ ਦੀ ਲੋੜ ਪਵੇਗੀ, ਉਹ ਸਰਕਾਰ ਪਾਸੋਂ ਲਿਆਂਦੇ ਜਾਣਗੇ। ਉਨ੍ਹਾਂ ਕਿਹਾ ਕਿ ਸੜਕਾਂ, ਗਲੀਆਂ, ਨਿਕਾਸੀ ਪ੍ਰਬੰਧ, ਸਫ਼ਾਈ ਪ੍ਰਣਾਲੀ, ਪੀਣ ਵਾਲੇ ਪਾਣੀ ਦੀਆਂ ਸਹੂਲਤਾਂ ਅਤੇ ਹੋਰ ਲੋਕ ਭਲਾਈ ਦੇ ਕੰਮਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ। ਉਨ੍ਹਾਂ ਨਵੀਂ ਟੀਮ ਨੂੰ ਅਪੀਲ ਕੀਤੀ ਕਿ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਿਆ ਜਾਵੇ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾਵੇ। ਕੈਬਨਟ ਮੰਤਰੀ ਵੱਲੋਂ ਪ੍ਰਧਾਨ ਹਰਜੀਤ ਸਿੰਘ ਜੀਤਾ ਅਤੇ ਸਮੁੱਚੀ ਟੀਮ ਦਾ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਪ੍ਰਗਟਾਈ।
ਨਵ-ਚੁਣੇ ਪ੍ਰਧਾਨ ਹਰਜੀਤ ਸਿੰਘ ਜੀਤਾ ਨੇ ਕੌਂਸਲਰਾਂ, ਪਾਰਟੀ ਆਗੂਆਂ ਅਤੇ ਸ਼ਹਿਰ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਇਆ ਜਾਵੇਗਾ। ਸਮੁੱਚੀ ਟੀਮ ਦੇ ਸਹਿਯੋਗ ਨਾਲ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਯਤਨ ਕੀਤੇ ਜਾਣਗੇ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਿਆ ਜਾਵੇਗਾ। ਸਾਫ਼-ਸੁਥਰੇ ਅਤੇ ਵਿਕਸਤ ਸ਼ਹਿਰ ਦਾ ਸੁਪਨਾ ਸਾਕਾਰ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਇਸ ਮੌਕੇ ਕੌਂਸਲਰ ਅਮਨਦੀਪ ਕੌਰ, ਕੁਲਵੰਤ ਕੌਰ, ਕਮਲਜੀਤ ਸ਼ਬਲੀ, ਇੰਦਰਜੀਤ ਸਿੰਘ ਅਰੋੜਾ, ਕੁਲਵਿੰਦਰ ਕੌਰ, ਸੁਨੀਲ ਅਡਵਾਲ, ਜਸਬੀਰ ਕੌਰ ਗਰਚਾ, ਸੁਖਦੇਵ ਸਿੰਘ, ਦੀਪਕ ਆਂਗਰਾ, ਅਰਸ਼ਵਿੰਦਰ ਕੌਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ।