- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬੀਆਂ ਨੂੰ ਹਰ ਥਾਂ ਕਾਲੇ ਝੰਡੇ ਨਾ ਦਿਖਾਉਣੇ ਪੈ ਜਾਣ: ਜਥੇਦਾਰ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ: ਪੰਜਾਬ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਨਾਲ ਪੁਲਿਸ ਵੱਲੋਂ ਕਥਿਤ ਤੌਰ ’ਤੇ ਕੀਤੇ ਗਏ ਦੁਰਵਿਹਾਰ ਦਾ ਮਾਮਲਾ ਗੰਭੀਰ ਰੂਪ ਧਾਰਦਾ ਜਾ ਰਿਹਾ ਹੈ। ਇਸ ਮਾਮਲੇ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਕਿਸੇ ਵੀ ਸਿੱਖ ਦੇ ਕੇਸਾਂ ਦੀ ਬੇਅਦਬੀ, ਦਾੜ੍ਹੀ ਪੁੱਟਣ ਜਾਂ ਕਛਹਿਰਾ ਪਾੜਨ ਦੀ ਕਾਰਵਾਈ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਪੁਲਿਸ ਵੱਲੋਂ ਨੌਜਵਾਨ ਨਾਲ ਅਜਿਹਾ ਘਿਨਾਉਣਾ ਵਿਹਾਰ ਕੀਤਾ ਗਿਆ ਹੈ, ਇਸ ਲਈ ਜ਼ਿੰਮੇਵਾਰ ਡੀਐੱਸਪੀ ਤੇ ਐੱਸਐੱਚਓ ਨੂੰ ਤੁਰੰਤ ਬਰਖਾਸਤ ਕੀਤਾ ਜਾਣਾ ਚਾਹੀਦਾ ਹੈ ਤੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ’ਤੇ ਨਸ਼ਾ ਕਰਨ ਦਾ ਦੋਸ਼ ਹੈ ਤਾਂ ਵੀ ਕਾਨੂੰਨ ਅਨੁਸਾਰ ਕਾਰਵਾਈ ਹੋਣੀ ਚਾਹੀਦੀ ਹੈ, ਕਿਸੇ ਦੇ ਧਾਰਮਿਕ ਸਰੂਪ ਨਾਲ ਛੇੜਛਾੜ ਕਰਨ ਜਾਂ ਉਸ ’ਤੇ ਜ਼ੁਲਮ ਕਰਨ ਦਾ ਅਧਿਕਾਰ ਕਿਸੇ ਨੂੰ ਨਹੀਂ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਲੋਕਾਂ ਦੀ ਆਵਾਜ਼ ਨਾ ਸੁਣੀ ਤਾਂ ਪੰਜਾਬੀਆਂ ਨੂੰ ਹਰ ਥਾਂ ਕਾਲੇ ਝੰਡੇ ਦਿਖਾਉਣ ਲਈ ਮਜਬੂਰ ਨਾ ਹੋਣਾ ਪਵੇ। ਉਨ੍ਹਾਂ ਸੰਬੰਧਤ ਅਧਿਕਾਰੀਆਂ ਨੂੰ ਬਰਖਾਸਤ ਕਰਕੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਜਬਰ-ਜ਼ੁਲਮ ਸਬੰਧੀ ਮਾਮਲੇ ਦਰਜ ਕਰਨ ਦੀ ਮੰਗ ਕੀਤੀ।