ਪੰਜਾਬ ਵਿਚ ਕਾਨੂੰਨ-ਵਿਵਸਥਾ ‘ਤੇ ਸਵਾਲ
ਪੰਜਾਬ ਵਿਚ ਕਾਨੂੰਨ-ਵਿਵਸਥਾ ‘ਤੇ ਸਵਾਲ
Publish Date: Mon, 23 Mar 2026 06:35 PM (IST)
Updated Date: Mon, 23 Mar 2026 06:37 PM (IST)

ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ ਸ਼੍ਰੀ ਅਨੰਦਪੁਰ ਸਾਹਿਬ : ਪੰਜਾਬ ਦੀ ਮੌਜੂਦਾ ਕਾਨੂੰਨ-ਵਿਵਸਥਾ ਨੂੰ ਲੈ ਕੇ ਸਿਆਸੀ ਤਣਾਅ ਵਧਦਾ ਜਾ ਰਿਹਾ ਹੈ। ਇਸ ਦਰਮਿਆਨ ਪੰਜਾਬ ਭਾਜਪਾ ਦੇ ਸਾਬਕਾ ਸਕੱਤਰ ਐਡਵੋਕੇਟ ਅਰਵਿੰਦ ਮਿੱਤਲ ਨੇ ਇੱਕ ਗੰਭੀਰ ਮਾਮਲੇ ਵਿਚ ਕੈਬਨਿਟ ਮੰਤਰੀ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੀ ਮੰਗ ਕੀਤੀ ਹੈ। ਐਡਵੋਕੇਟ ਮਿੱਤਲ ਨੇ ਆਪਣੇ ਬਿਆਨ ਵਿਚ ਕਿਹਾ ਕਿ ਪੰਜਾਬ ਵਿਚ ਲਾਅ ਐਂਡ ਆਰਡਰ ਦੀ ਸਥਿਤੀ ਪਹਿਲਾਂ ਹੀ ਚਿੰਤਾਜਨਕ ਬਣੀ ਹੋਈ ਹੈ। ਇਸਦੇ ਨਾਲ ਹੀ ਮੌਜੂਦਾ ਸਰਕਾਰ ਵੱਲੋਂ ਅਫਸਰਸ਼ਾਹੀ ਨੂੰ ਤੰਗ-ਪਰੇਸ਼ਾਨ ਕਰਨ ਦੇ ਨਵੇਂ ਮਾਮਲੇ ਵੀ ਸਾਹਮਣੇ ਆ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਬੀਤੇ ਦਿਨ ਇੱਕ ਐਸਡੀਐਮ ਵੱਲੋਂ ਕੀਤੀ ਗਈ ਸ਼ਿਕਾਇਤ ਇਸ ਗੱਲ ਦਾ ਸਪੱਸ਼ਟ ਸੰਕੇਤ ਦਿੰਦੀ ਹੈ ਕਿ ਸਿਸਟਮ ਵਿਚ ਦਬਾਅ ਅਤੇ ਦਖਲਅੰਦਾਜ਼ੀ ਵੱਧ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਸੁਸ਼ਾਸਨ ਦੇਣ ਵਿਚ ਅਸਫਲ ਰਹੀ ਹੈ ਅਤੇ ਸੂਬੇ ਵਿਚ ਗੁੰਡਾਗਰਦੀ ਅਤੇ ਧੱਕੇਸ਼ਾਹੀ ਦਾ ਮਾਹੌਲ ਬਣ ਗਿਆ ਹੈ। ਮਿੱਤਲ ਨੇ ਕਿਹਾ ਕਿ ਗਗਨਦੀਪ ਸਿੰਘ ਰੰਧਾਵਾ ਦੀ ਮੌਤ ਲਈ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨੂੰ ਜਿੰਮੇਵਾਰ ਠਹਿਰਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਹੋਰ ਕਿਹਾ ਕਿ ਮਾਮਲੇ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਲਈ ਇਸ ਨੂੰ ਕੇਂਦਰੀ ਜਾਂਚ ਏਜੰਸੀ ਸੀਬੀਆਈ ਦੇ ਹਵਾਲੇ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਸੱਚ ਸਾਹਮਣੇ ਆ ਸਕੇ ਅਤੇ ਦੁੱਧ ਦਾ ਦੁੱਧ ’ਤੇ ਪਾਣੀ ਦਾ ਪਾਣੀ ਹੋ ਸਕੇ। ਮਿੱਤਲ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਹਰ ਵਰਗ ਦੇ ਲੋਕ ਮੌਜੂਦਾ ਸਰਕਾਰ ਤੋਂ ਨਾਰਾਜ਼ ਹਨ। ਉਨ੍ਹਾਂ ਦੇ ਮੁਤਾਬਕ ਸੂਬੇ ਵਿਚ ਫਿਰੌਤੀਆਂ ਅਤੇ ਗੈਂਗਸਟਰਾਂ ਦੀ ਸਰਗਰਮੀ ਵਧ ਰਹੀ ਹੈ ਅਤੇ ਸਰਕਾਰ ਹਰ ਮੋਰਚੇ ‘ਤੇ ਨਾਕਾਮ ਸਾਬਤ ਹੋ ਰਹੀ ਹੈ। ਉਨ੍ਹਾਂ ਨੇ ਇਹ ਵੀ ਆਰੋਪ ਲਗਾਇਆ ਕਿ ਪੰਜਾਬ ਦੀ ਸਰਕਾਰ ਦਿੱਲੀ ਤੋਂ ਚਲਾਈ ਜਾ ਰਹੀ ਹੈ ਅਤੇ ਮੁੱਖ ਮੰਤਰੀ ਸਿਰਫ ਇੱਕ ਰਿਮੋਟ ਵਾਂਗ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਸਭਾ ਵਿਚ ਦੇਸ਼ ਦੇ ਗ੍ਰਿਹ ਮੰਤਰੀ ਵੱਲੋਂ ਇਹ ਵਿਸ਼ਵਾਸ਼ ਦਵਾਇਆ ਗਿਆ ਹੈ ਕਿ ਜੇ ਪੰਜਾਬ ਦੇ ਸੰਸਦ ਮੈਂਬਰ ਲਿਖਤੀ ਰੂਪ ਵਿਚ ਮੰਗ ਕਰਦੇ ਹਨ ਤਾਂ ਇਸ ਕੇਸ ਦੀ ਜਾਂਚ ਸੀਬੀਆਈ ਤੋਂ ਕਰਵਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਰਾਜ ਸਭਾ ਮੈਂਬਰ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਵੀ ਇਹ ਮਸਲਾ ਰਾਜ ਸਭਾ ਵਿਚ ਚੁੱਕਿਆ ਗਿਆ ਹੈ। ਅੰਤ ਵਿਚ ਮਿੱਤਲ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਦੀ ਸਿਆਸਤ ਵਿਚ ਵੱਡੇ ਬਦਲਾਵ ਦੇ ਸੰਕੇਤ ਮਿਲ ਰਹੇ ਹਨ ਅਤੇ ਲੋਕ ਜਲਦ ਹੀ ਇਸ ਦਾ ਫੈਸਲਾ ਕਰਨਗੇ।