ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਸੜਕ ਬਣੀ ਛੱਪੜ
ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਬੈਂਸ ਵਿਖੇ ਸੜਕ ਬਣੀ ਛੱਪੜ
Publish Date: Sat, 20 Jun 2026 04:36 PM (IST)
Updated Date: Sun, 21 Jun 2026 04:01 AM (IST)

ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ : ਬੱਸ ਅੱਡਾ ਬੈਂਸ ਤੋਂ ਤਖਤਗੜ੍ਹ ਨੂੰ ਜਾਂਦੀ ਮੁੱਖ ਸੜਕ ਦੇ ਮੋੜ ਤੇ ਗੰਦੇ ਪਾਣੀ ਦੀ ਨਿਕਾਸੀ ਰੁਕਣ ਕਾਰਨ ਸੜਕ ਨੇ ਛੱਪੜ ਦਾ ਰੂਪ ਧਾਰ ਲਿਆ ਹੈ, ਪ੍ਰੰਤੂ ਪੀ ਡਬਲਯੂ ਡੀ ਵਿਭਾਗ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ। ਸੜਕ ਉੱਪਰ ਹਰ ਸਮੇਂ ਖੜ੍ਹਾ ਰਹਿਣ ਵਾਲਾ ਗੰਦਾ ਪਾਣੀ ਰਾਹਗੀਰਾਂ, ਵਿਦਿਆਰਥੀਆਂ ਅਤੇ ਦੁਕਾਨਦਾਰਾਂ ਲਈ ਵੱਡੀ ਸਮੱਸਿਆ ਬਣਿਆ ਹੋਇਆ ਹੈ। ਸਥਾਨਕ ਲੋਕਾਂ ਨੇ ਦੱਸਿਆ ਕਿ ਪੀ ਡਬਲਯੂ ਡੀ ਵਿਭਾਗ ਵੱਲੋਂ ਗੰਦੇ ਪਾਣੀ ਦੀ ਨਿਕਾਸੀ ਲਈ ਸੜਕਾਂ ਦੇ ਕਿਨਾਰਿਆਂ ਨਾਲ ਨਾਲੇ ਤਾਂ ਬਣਾਏ ਗਏ ਸਨ ਪਰ ਇਨ੍ਹਾਂ ਨਾਲਿਆਂ ਦੀ ਢਾਲ ਸਹੀ ਨਾ ਹੋਣ ਕਾਰਨ ਪਾਣੀ ਦੀ ਨਿਕਾਸੀ ਸੁਚਾਰੂ ਢੰਗ ਨਾਲ ਨਹੀਂ ਹੋ ਰਹੀ। ਨਤੀਜੇ ਵਜੋਂ ਗੰਦਾ ਪਾਣੀ ਸੜਕ ਉੱਪਰ ਇਕੱਠਾ ਹੋ ਜਾਂਦਾ ਹੈ ਅਤੇ ਲੰਬੇ ਸਮੇਂ ਤੱਕ ਖੜ੍ਹਾ ਰਹਿੰਦਾ ਹੈ ਜੋ ਕਿ ਰਾਹਗੀਰਾਂ ਲਈ ਪਰੇਸ਼ਾਨੀ ਦਾ ਸਬੱਬ ਬਣਦਾ ਹੈ। ਭਾਵੇਂ ਇਸ ਮੋੜ ਤੇ ਪਾਣੀ ਦੀ ਨਿਕਾਸੀ ਲਈ ਕਾਫੀ ਸਮਾਂ ਪਹਿਲਾਂ ਅੰਡਰਗਰਾਊਂਡ ਪਾਈਪ ਵੀ ਵਿਛਾ ਦਿੱਤੇ ਗਏ ਹਨ ਪ੍ਰੰਤੂ ਉਨਾਂ ਨੂੰ ਨਾਲਿਆਂ ਨਾਲ ਜੋੜਨ ਲਈ ਹਾਲੇ ਤੱਕ ਵਿਭਾਗ ਨੂੰ ਸਮਾਂ ਨਹੀਂ ਮਿਲਿਆ ਜਿਸ ਕਾਰਨ ਪੀ ਡਬਲਯੂ ਡੀ ਵਿਭਾਗ ਦੀ ਕਾਰਗੁਜ਼ਾਰੀ ਤੇ ਸਵਾਲ ਉਠਣੇ ਲਾਜਮੀ ਹਨ। ਦੱਸਣਯੋਗ ਹੈ ਕਿ ਤਖਤਗੜ੍ਹ ਵਿਖੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਤੇ ਪ੍ਰਾਇਮਰੀ ਸਕੂਲ ਸਥਿਤ ਹਨ। ਸਕੂਲਾਂ ਵਿੱਚ ਪੜ੍ਹਨ ਵਾਲੀਆਂ ਵਿਦਿਆਰਥਣਾਂ, ਛੋਟੇ ਬੱਚਿਆਂ ਅਤੇ ਅਧਿਆਪਕਾਂ ਨੂੰ ਰੋਜ਼ਾਨਾ ਇਸ ਗੰਦੇ ਪਾਣੀ ਵਿੱਚੋਂ ਲੰਘ ਕੇ ਆਪਣੇ ਸਕੂਲਾਂ ਤੱਕ ਪਹੁੰਚਣਾ ਪੈਂਦਾ ਹੈ। ਬਰਸਾਤ ਦੇ ਦਿਨਾਂ ਵਿੱਚ ਇਹ ਸਮੱਸਿਆ ਹੋਰ ਵੀ ਗੰਭੀਰ ਹੋ ਜਾਂਦੀ ਹੈ, ਜਿਸ ਕਾਰਨ ਹਾਦਸਿਆਂ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ। ਸਥਾਨਕ ਵਸਨੀਕਾਂ ਅਤੇ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਉਹ ਕਈ ਵਾਰ ਇਸ ਮਸਲੇ ਨੂੰ ਸਬੰਧਤ ਵਿਭਾਗ ਅਤੇ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆ ਚੁੱਕੇ ਹਨ, ਪਰ ਅਜੇ ਤੱਕ ਕੋਈ ਪੱਕਾ ਹੱਲ ਨਹੀਂ ਕੀਤਾ ਗਿਆ। ਗੰਦੇ ਪਾਣੀ ਕਾਰਨ ਬਦਬੂ ਫੈਲ ਰਹੀ ਹੈ, ਜਿਸ ਨਾਲ ਦੁਕਾਨਦਾਰਾਂ ਦਾ ਕਾਰੋਬਾਰ ਵੀ ਪ੍ਰਭਾਵਿਤ ਹੋ ਰਿਹਾ ਹੈ। ਇਸ ਤੋਂ ਇਲਾਵਾ ਖੜ੍ਹੇ ਪਾਣੀ ਵਿੱਚ ਮੱਛਰ ਅਤੇ ਮੱਖੀਆਂ ਪੈਦਾ ਹੋ ਰਹੀਆਂ ਹਨ, ਜੋ ਡੇਂਗੂ, ਮਲੇਰੀਆ ਅਤੇ ਹੋਰ ਬਿਮਾਰੀਆਂ ਨੂੰ ਸੱਦਾ ਦੇ ਰਹੀਆਂ ਹਨ। ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਅਤੇ ਸਬੰਧਤ ਵਿਭਾਗ ਤੋਂ ਮੰਗ ਕੀਤੀ ਹੈ ਕਿ ਗੰਦੇ ਪਾਣੀ ਦੀ ਨਿਕਾਸੀ ਲਈ ਤੁਰੰਤ ਪ੍ਰਭਾਵਸ਼ਾਲੀ ਪ੍ਰਬੰਧ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਇਸ ਲੰਬੇ ਸਮੇਂ ਤੋਂ ਚੱਲੀ ਆ ਰਹੀ ਸਮੱਸਿਆ ਤੋਂ ਨਿਜਾਤ ਮਿਲ ਸਕੇ।