ਲੋਕਤੰਤਰ ਦੀ ਮਜ਼ਬੂਤੀ ਲਈ ਪ੍ਰੈੱਸ ਦੀ ਭੂਮਿਕਾ ਅਹਿਮ: ਐੱਸਐੱਸਪੀ ਮਨਿੰਦਰ ਸਿੰਘ ਲੋਕਤੰਤਰ ਦੀ ਮਜ਼ਬੂਤੀ ਲਈ ਪ੍ਰੈੱਸ ਦੀ ਭੂਮਿਕਾ ਅਹਿਮ: ਐੱਸਐੱਸਪੀ ਮਨਿੰਦਰ ਸਿੰਘ
Publish Date: Mon, 16 Nov 2026 05:00 PM (IST)
Updated Date: Mon, 16 Nov 2026 05:03 PM (IST)
ਉਸਾਰੂ ਪੱਤਰਕਾਰੀ ਪੁਲਿਸ, ਪ੍ਰਸ਼ਾਸਨ, ਨਿਆਂਪਾਲਿਕਾ ਤੇ ਸਮਾਜ ’ਚ ਬਿਹਤਰ ਤਾਲਮੇਲ ਪੈਦਾ ਕਰਨ ਦੇ ਸਮਰੱਥ ਲਖਵੀਰ ਖਾਬੜਾ, ਪੰਜਾਬੀ ਜਾਗਰਣ, ਰੂਪਨਗਰ : ਰੂਪਨਗਰ ਪ੍ਰੈੱਸ ਕਲੱਬ ਵੱਲੋਂ ਸੋਮਵਾਰ ਨੂੰ ਕੌਮੀ ਪ੍ਰੈੱਸ ਦਿਹਾੜੇ ਮੌਕੇ ਪ੍ਰੈੱਸ ਕਲੱਬ ਰੂਪਨਗਰ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਪੁਲਿਸ ਮੁਖੀ ਮਨਿੰਦਰ ਸਿੰਘ ਆਈਪੀਐੱਸ ਨੇ ਸ਼ਿਰਕਤ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਐੱਸਐੱਸਪੀ ਮਨਿੰਦਰ ਸਿੰਘ ਨੇ ਕਿਹਾ ਕਿ ਲੋਕਤੰਤਰਿਕ ਪ੍ਰਣਾਲੀ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪ੍ਰੈੱਸ ਦੀ ਭੂਮਿਕਾ ਬੇਹੱਦ ਅਹਿਮ ਹੈ। ਲੋਕਤੰਤਰ ਦੇ ਚੌਥੇ ਥੰਮ੍ਹ ਵਜੋਂ ਜਾਣਿਆ ਜਾਂਦਾ ਮੀਡੀਆ ਆਪਣੀ ਵਿਲੱਖਣ ਪਛਾਣ ਰੱਖਦਾ ਹੈ। ਉਨ੍ਹਾਂ ਕਿਹਾ ਕਿ ਉਸਾਰੂ ਪੱਤਰਕਾਰੀ ਪੁਲਿਸ ਪ੍ਰਸ਼ਾਸਨ, ਨਿਆਂਪਾਲਿਕਾ ਤੇ ਸਮਾਜ ’ਚ ਬਿਹਤਰ ਤਾਲਮੇਲ ਪੈਦਾ ਕਰਨ ਦੇ ਨਾਲ-ਨਾਲ ਪ੍ਰਣਾਲੀ ਦੀਆਂ ਖਾਮੀਆਂ ਨੂੰ ਉਜਾਗਰ ਕਰਕੇ ਉਨ੍ਹਾਂ ’ਚ ਸੁਧਾਰ ਲਿਆਉਣ ’ਚ ਵੀ ਅਹਿਮ ਯੋਗਦਾਨ ਪਾ ਸਕਦੀ ਹੈ। ਉਨ੍ਹਾਂ ਰੂਪਨਗਰ ਦੇ ਮੀਡੀਆ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇੱਥੋਂ ਦੇ ਪੱਤਰਕਾਰਾਂ ਨੇ ਹਮੇਸ਼ਾ ਆਪਣੀ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਇਆ ਹੈ। ਮੀਡੀਆ ਨੇ ਜਿੱਥੇ ਪੁਲਿਸ ਤੇ ਪ੍ਰਸ਼ਾਸਨ ਦੀਆਂ ਕਮੀਆਂ ਨੂੰ ਨਿਡਰਤਾ ਨਾਲ ਉਭਾਰਿਆ ਹੈ, ਉੱਥੇ ਹੀ ਚੰਗੇ ਕਾਰਜਾਂ ’ਚ ਵੀ ਸਹਿਯੋਗ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰੂਪਨਗਰ ਦੇ ਮੀਡੀਆ ਦੀ ਇਹ ਉਸਾਰੂ ਤੇ ਸੰਤੁਲਿਤ ਭੂਮਿਕਾ ਸ਼ਲਾਘਾਯੋਗ ਹੈ। ਇਸ ਮੌਕੇ ਕਲੱਬ ਦੇ ਸਰਪ੍ਰਸਤ ਤੇ ਸਾਬਕਾ ਪ੍ਰਧਾਨ ਬਹਾਦਰਜੀਤ ਸਿੰਘ ਨੇ ਕੌਮੀ ਪ੍ਰੈੱਸ ਦਿਹਾੜੇ ਦੇ ਇਤਿਹਾਸ ਤੇ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ 16 ਨਵੰਬਰ 1966 ਨੂੰ ਪ੍ਰੈੱਸ ਕੌਂਸਲ ਆਫ਼ ਇੰਡੀਆ ਦੀ ਸਥਾਪਨਾ ਹੋਈ ਸੀ, ਜਿਸ ਦੀ ਯਾਦ ’ਚ ਇਹ ਦਿਹਾੜਾ ਮਨਾਇਆ ਜਾਂਦਾ ਹੈ। ਉਨ੍ਹਾਂ ਚਿੰਤਾ ਪ੍ਰਗਟਾਈ ਕਿ ਪ੍ਰੈੱਸ ਕੌਂਸਲ ਆਫ਼ ਇੰਡੀਆ ਅੱਜ ਬਿਨਾਂ ਦੰਦਾਂ ਵਾਲੇ ਸ਼ੇਰ ਵਾਂਗ ਬਣ ਕੇ ਰਹਿ ਗਈ ਹੈ, ਜਿਸ ਦੀ ਦਹਾੜ ਤਾਂ ਸੁਣਾਈ ਦਿੰਦੀ ਹੈ ਪਰ ਇਸ ਦੇ ਪ੍ਰਭਾਵ ਤੇ ਡਰ ’ਚ ਕਮੀ ਆ ਰਹੀ ਹੈ। ਉਨ੍ਹਾਂ ਮੀਡੀਆ ’ਚ ਆ ਰਹੀ ਗਿਰਾਵਟ ਪ੍ਰਤੀ ਸਮੁੱਚੇ ਪੱਤਰਕਾਰ ਭਾਈਚਾਰੇ ਨੂੰ ਸੁਚੇਤ ਰਹਿਣ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਤੋਂ ਪਹਿਲਾਂ ਕਲੱਬ ਦੇ ਪ੍ਰਧਾਨ ਸਤਨਾਮ ਸਿੰਘ ਸੱਤੀ ਨੇ ਮੁੱਖ ਮਹਿਮਾਨ ਤੇ ਹੋਰ ਪਤਵੰਤਿਆਂ ਦਾ ਸਵਾਗਤ ਕਰਦਿਆਂ ਕੌਮੀ ਪ੍ਰੈੱਸ ਦਿਹਾੜੇ ਦੀ ਮਹੱਤਤਾ ਤੇ ਰੂਪਨਗਰ ਪ੍ਰੈੱਸ ਕਲੱਬ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਪੱਤਰਕਾਰਤਾ ਸਿਰਫ਼ ਖ਼ਬਰਾਂ ਦੇਣ ਦਾ ਮਾਧਿਅਮ ਨਹੀਂ, ਸਗੋਂ ਸਮਾਜ ਦੀਆਂ ਸਮੱਸਿਆਵਾਂ ਨੂੰ ਉਜਾਗਰ ਕਰਨ ਤੇ ਲੋਕਾਂ ਦੀ ਆਵਾਜ਼ ਬਣਨ ਦੀ ਅਹਿਮ ਜ਼ਿੰਮੇਵਾਰੀ ਵੀ ਹੈ। ਇਸ ਮੌਕੇ ਕਲੱਬ ਦੇ ਆਨਰੇਰੀ ਮੈਂਬਰ ਤੇ ਬੇਲਾ ਕਾਲਜ ਰੂਪਨਗਰ ਦੇ ਮੈਨੇਜਰ ਸੁਖਵਿੰਦਰ ਸਿੰਘ ਵਿਸਕੀ, ਕਲੱਬ ਦੇ ਸੀਨੀਅਰ ਮੀਤ ਪ੍ਰਧਾਨ ਜਗਜੀਤ ਸਿੰਘ ਜੱਗੀ, ਰੋਟਰੀ ਕਲੱਬ ਰੋਪੜ ਸੈਂਟਰਲ ਦੇ ਸਾਬਕਾ ਪ੍ਰਧਾਨ ਅਜਮੇਰ ਸਿੰਘ ਤੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਅਧਿਆਪਕ ਜਸਪਾਲ ਸਿੰਘ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਉਨ੍ਹਾਂ ਸਮੂਹ ਪੱਤਰਕਾਰਾਂ ਨੂੰ ਕੌਮੀ ਪ੍ਰੈੱਸ ਦਿਹਾੜੇ ਦੀ ਵਧਾਈ ਦਿੰਦਿਆਂ ਮੀਡੀਆ ਤੋਂ ਆਪਣੀ ਜ਼ਿੰਮੇਵਾਰੀ ਨਿਰਪੱਖਤਾ ਤੇ ਉਸਾਰੂ ਢੰਗ ਨਾਲ ਨਿਭਾਉਣ ਦੀ ਉਮੀਦ ਪ੍ਰਗਟਾਈ। ਸਮਾਗਮ ਦੌਰਾਨ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਤੇ ਰੋਟਰੀ ਕਲੱਬ ਰੋਪੜ ਸੈਂਟਰਲ ਨੂੰ ਉਨ੍ਹਾਂ ਦੇ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਮੁੱਖ ਮਹਿਮਾਨ ਐੱਸਐੱਸਪੀ ਮਨਿੰਦਰ ਸਿੰਘ ਨੂੰ ਵੀ ਰੂਪਨਗਰ ਪ੍ਰੈੱਸ ਕਲੱਬ ਵੱਲੋਂ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦਾ ਇੱਕ ਵਿਸ਼ੇਸ਼ ਪੱਖ ਇਹ ਵੀ ਰਿਹਾ ਕਿ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੀਆਂ ਅਧਿਆਪਕਾਵਾਂ ਤੇ ਹੋਰਨਾਂ ਨੇ ਜ਼ਿਲ੍ਹਾ ਪੁਲਿਸ ਮੁਖੀ ਨਾਲ ਪੁਲਿਸ ਤੇ ਸਮਾਜ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਸਵਾਲ-ਜਵਾਬ ਕੀਤੇ। ਐੱਸਐੱਸਪੀ ਨੇ ਸਾਰੇ ਸਵਾਲਾਂ ਦੇ ਵਿਸਥਾਰਪੂਰਵਕ ਜਵਾਬ ਦਿੱਤੇ ਤੇ ਆਪਣਾ ਦ੍ਰਿਸ਼ਟੀਕੋਣ ਸਾਂਝਾ ਕੀਤਾ। ਇਸ ਮੌਕੇ ਕਲੱਬ ਦੇ ਮੀਤ ਪ੍ਰਧਾਨ ਕਮਲ ਭਾਰਜ,ਕਲੱਬ ਦੇ ਸੰਯੁਕਤ ਸਕੱਤਰ ਰਾਜਨ ਵੋਹਰਾ ,ਕੈਲਾਸ਼ ਅਹੂਜਾ, ਸਰਬਜੀਤ ਸਿੰਘ ਕਾਕਾ, ਮਨਜੀਤ ਸਿੰਘ ਲਾਡੀ, ਵਰੁਣ ਲਾਂਬਾ, ਪੁਲਕਿਤ ਕੁਮਾਰ, ਗੁਰਮੀਤ ਸਿੰਘ, ਕਰਨ ਮਕੌਲ, ਰਾਜੂ ਸ਼ਰਮਾ ਸਮੇਤ ਹੋਰ ਪੱਤਰਕਾਰ, ਵਕੀਲ ਸਾਹਿਬਾਨ ਤੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੀਆਂ ਅਧਿਆਪਕਾਵਾਂ ਹਾਜ਼ਰ ਸਨ।