ਸਾਬਕਾ ਕਾਂਗਰਸ ਪ੍ਰਧਾਨ ਦੂਲੋ ਨੇ ਕੇਂਦਰ ’ਤੇ ਲਗਾਏ ਗੰਭੀਰ ਦੋਸ਼
ਸਾਬਕਾ ਕਾਂਗਰਸ ਪ੍ਰਧਾਨ ਦੂਲੋ ਨੇ ਕੇਂਦਰ ਸਰਕਾਰ ’ਤੇ ਲਗਾਏ ਗੰਭੀਰ ਆਰੋਪ
Publish Date: Wed, 31 Dec 2025 06:58 PM (IST)
Updated Date: Wed, 31 Dec 2025 06:59 PM (IST)

ਅਮਰਜੀਤ ਧੀਮਾਨ, ਪੰਜਾਬੀ ਜਾਗਰਣ ਮੋਰਿੰਡਾ : ਮੋਰਿੰਡਾ ਵਿਖੇ ਸਾਬਕਾ ਕੌਂਸਲਰ ਹਰਦੇਵ ਸਿੰਘ ਦੀ ਅੰਤਿਮ ਅਰਦਾਸ ਮੌਕੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਲੋਕ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਤੇ ਸਾਬਕਾ ਕੈਬਨਟ ਮੰਤਰੀ ਜਗਮੋਹਨ ਸਿੰਘ ਕੰਗ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਪੱਤਰਕਾਰਾਂ ਨਹਾਲ ਗੱਲਬਾਤ ਕਰਦਿਆ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋ ਨੇ ਕੇਂਦਰ ਸਰਕਾਰ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਹਿੰਦੂ ਰਾਸ਼ਟਰ ਬਣਾਉਣ ਲਈ ਫਾਸ਼ੀਵਾਦੀ ਨੀਤੀਆਂ ਤਹਿਤ ਦੇਸ਼ ਦੇ ਵੱਖ ਵੱਖ ਵਰਗਾਂ ਨੂੰ ਆਪਸ ’ਚ ਵੰਡਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੇ ਨਾਮ ’ਤੇ ਬਣੇ ਸਮਾਰਕ ਤੇ ਚੱਲ ਰਹੀਆਂ ਲੋਕਪੱਖੀ ਯੋਜਨਾਵਾਂ ਦੇ ਨਾਮ ਬਦਲਣਾ ਵਧੀਆ ਰਵਾਇਤ ਨਹੀਂ ਹੈ ਤੇ ਜਨਤਾ ਵੀ ਵਿਰੋਧ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਕਾਂਗਰਸ ਸਮੇਤ ਦੇਸ਼ ਦੀਆਂ ਸੈਕੂਲਰ ਪਾਰਟੀਆਂ ਵੱਲੋਂ ਕੇਂਦਰ ਸਰਕਾਰ ਦੇ ਫਿਰਕੂ ਮਨਸੂਬਿਆਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਪਣੀਆਂ ਗਲਤੀਆਂ ਕਾਰਨ ਕਾਂਗਰਸ ਕਮਜ਼ੋਰ ਹੋਈ ਹੈ ਤੇ ਭਾਜਪਾ ਵਰਗੀ ਫਿਰਕੂ ਤਾਕਤ ਦੇਸ਼ ’ਤੇ ਕਾਬਜ਼ ਹੋ ਗਈ। ਉਨ੍ਹਾਂ ਕਿਹਾ ਕਿ ਪਹਿਲਾਂ ਹਰੇਕ ਪਾਰਟੀ ਦਾ ਆਪੋ ਆਪਣਾ ਏਜੰਡਾ ਹੁੰਦਾ ਸੀ ਪ੍ਰੰਤੂ ਮੌਜੂਦਾ ਸਮੇਂ ਦੌਰਾਨ ਕਿਸੇ ਪਾਰਟੀ ਦਾ ਪੰਜਾਬ ਦੀ ਭਲਾਈ ਲਈ ਕੋਈ ਏਜੰਡਾ ਨਹੀਂ ਹੈ। ਇਸ ਮੌਕੇ ਉਨ੍ਹਾਂ ਕੇਂਦਰ ਸਰਕਾਰ ਵੱਲੋਂ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਡਾ.ਮਨਮੋਹਨ ਸਿੰਘ ਵੱਲੋਂ ਸ਼ੁਰੂ ਕੀਤੀ ਮਗਨਰੇਗਾ ਸਕੀਮ ਦਾ ਨਾਮ ਬਦਲਣ ਅਤੇ ਇਸ ਸਕੀਮ ਦੇ ਤਹਿਤ ਲੋਕਾਂ ਨੂੰ ਮਿਲਦੇ ਕੰਮ ਕਰਨ ਦੇ ਦਿਨ ਘਟਾਉਣ ਤੇ ਸੂਬਿਆਂ ’ਤੇ 40 ਪ੍ਰਤੀਸ਼ਤ ਫੰਡ ਪਾਉਣ ਦਾ ਬੋਝ ਪਾਉਣ ਦੀ ਵੀ ਨਿੰਦਾ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਜੋ ਕਿ ਪਹਿਲਾਂ ਹੀ 4 ਲੱਖ ਕਰੋੜ ਰੁਪਏ ਦੇ ਕਰਜੇ ਦੇ ਬੋਝ ਥੱਲੇ ਦੱਬਿਆ ਹੈ ਉਹ ਇਸ ਸਕੀਮ ਲਈ ਕਿਸੇ ਵੀ ਤਰ੍ਹਾਂ ਆਪਣਾ 40% ਹਿੱਸਾ ਪਾ ਕੇ ਇਹ ਸਕੀਮ ਚਾਲੂ ਨਹੀਂ ਰੱਖ ਸਕਦਾ। ਇਸ ਮੌਕੇ ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਅਤੇ ਅਕਾਲੀ ਦਲ ਵਾਲੇ ਆਪੋ ਆਪਣੇ ਰਾਜਭਾਗ ਸਮੇਂ ਚੰਗੇ ਕੰਮ ਕਰਦੇ ਤਾਂ ਮੌਜੂਦਾ ਆਪ ਪਾਰਟੀ ਨੇ ਕਦੇ ਵੀ ਸਤਾ ਵਿਚ ਨਹੀਂ ਸੀ ਆਉਣਾ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਨੂੰ ਆਪਣੀ ਪੀੜ੍ਹੀ ਥੱਲੇ ਝਾੜੂ ਮਾਰਨ ਦੀ ਲੋੜ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਕਾਂਗਰਸ ਵਿਚ 70% ਦਲ ਬਦਲੂ ਕਰੋੜਪਤੀਆਂ ਦਾ ਕਬਜ਼ਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਕੇਂਦਰ ਸਰਕਾਰ ਵਿਰੁੱਧ ਅੰਦੋਲਨ ਕਰਨ ਵਿਚ ਅਸਫਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਰਾਜਨੀਤਿਕ ਪਾਰਟੀਆਂ ਪੰਜਾਬ ਅਤੇ ਲੋਕਾਂ ਦੇ ਮੁੱਦਿਆਂ ਨੂੰ ਮਨੋ ਭੁਲਾ ਚੁੱਕੀਆਂ ਹਨ ਤੇ ਮੌਜੂਦਾ ਆਗੂ ਸਿਰਫ ਅਖਬਾਰੀ ਬਿਆਨਬਾਜ਼ੀ ਤੱਕ ਸੀਮਤ ਹੋ ਕੇ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਚਾਹੁੰਦੇ ਹਨ ਕਿ ਸੂਬੇ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣੇ ਪ੍ਰੰਤੂ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਵਿਚ ਇਸ ਸਮੇਂ ਵੱਡੇ ਸੁਧਾਰਾਂ ਦੀ ਜ਼ਿਆਦਾ ਜ਼ਰੂਰਤ ਹੈ। ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਹਰੀਪਾਲ, ਸੀਨੀਅਰ ਕਾਂਗਰਸੀ ਆਗੂ ਹਰਮਿੰਦਰ ਸਿੰਘ ਲੱਕੀ, ਸੀਨੀਅਰ ਕਾਂਗਰਸੀ ਆਗੂ ਹਰਮਿੰਦਰਪਾਲ ਸਿੰਘ ਮਿਨਹਾਸ, ਗੁਰਜੀਤ ਸਿੰਘ ਰੂਪਰਾਏ ਸਮੇਤ ਹੋਰ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।