ਫਰੀਡਮ ਫਾਈਟਰ ਉਤਰਾਧਿਕਾਰੀ ਸੰਸਥਾ ਵੱਲੋਂ 15 ਜਨਵਰੀ ਤੋਂ ਰੋਸ ਪ੍ਰਦਰਸ਼ਨ
ਫਰੀਡਮ ਫਾਈਟਰ ਉਤਰਾਧਿਕਾਰੀ ਸੰਸਥਾ ਵੱਲੋਂ 15 ਜਨਵਰੀ ਤੋਂ ਰੋਸ ਪ੍ਰਦਰਸ਼ਨ ਦਾ ਐਲਾਨ
Publish Date: Mon, 05 Jan 2026 07:20 PM (IST)
Updated Date: Mon, 05 Jan 2026 07:23 PM (IST)

26 ਜਨਵਰੀ ਮੌਕੇ ਸਰਕਾਰ ਤੇ ਪ੍ਰਸ਼ਾਸਨ ਤੋਂ ਕੋਈ ਸਨਮਾਨ ਨਾ ਲੈਣ ਦਾ ਐਲਾਨ ਰਾਜਵੀਰ ਸਿੰਘ ਚੌਂਤਾ, ਪੰਜਾਬੀ ਜਾਗਰਣ ਸ਼੍ਰੀ ਚਮਕੌਰ ਸਾਹਿਬ : ਫਰੀਡਮ ਫਾਈਟਰ ਉਤਰਾਧਿਕਾਰੀ ਸੰਸਥਾ ਪੰਜਾਬ ਵੱਲੋਂ ਡਿਪਟੀ ਕਮਿਸ਼ਨਰ ਰੂਪਨਗਰ ਵਰਜੀਤ ਵਾਲੀਆ ਰਾਂਹੀ ਪੰਜਾਬ ਦੇ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਭੇਜਿਆ ਗਿਆ ਹੈ। ਇਸ ਮੌਕੇ ਸੰਸਥਾ ਦੇ ਆਗੂਆਂ 15 ਜਨਵਰੀ ਤੋਂ ਲਗਾਤਾਰ ਰੋਸ ਵਜੋਂ ਧਰਨੇ ਲਗਾਉਣ ਦਾ ਐਲਾਨ ਕੀਤਾ। ਇਸ ਦੇ ਇਲਾਵਾ ਸੰਸਥਾ ਵੱਲੋਂ 26 ਜਨਵਰੀ ਨੂੰ ਗਣਤੰਤਰ ਮੌਕੇ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਕਿਸੇ ਵੀ ਤਰ੍ਹਾਂ ਦਾ ਸਨਮਾਨ ਨਾ ਲੈਣ ਦਾ ਫੈਸਲਾ ਵੀ ਕੀਤਾ ਗਿਆ ਹੈ। ਇਸ ਸਬੰਧੀ ਸੰਸਥਾ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਹਾਫ਼ਿਜ਼ਾਬਾਦ ਨੇ ਦੱਸਿਆ ਕਿ ਸੰਸਥਾ ਦੀਆਂ ਲੰਮੇ ਸਮੇਂ ਤੋਂ ਲਮਕਦੀਆਂ ਮੰਗਾਂ ਦੇ ਹੱਲ੍ਹ ਲਈ ਮੁੱਖ ਮੰਤਰੀ ਪੰਜਾਬ ਵੱਲੋਂ ਸੰਸਥਾ ਨੂੰ ਮੀਟਿੰਗ ਕਰਨ ਲਈ ਪੱਤਰ ਜਾਰੀ ਕਰਨ ਉਪਰੰਤ ਵੀ ਮੀਟਿੰਗ ਨਹੀਂ ਕੀਤੀ ਗਈ। ਇਸ ਨੂੰ ਸੰਸਥਾ ਦੇ ਸਮੂਹ ਅਹੁੱਦੇਦਾਰ ਤੇ ਮੈਂਬਰ ਆਪਣਾ ਅਪਮਾਨ ਸਮਝਦੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਹੁਣ ਤੱਕ 4-5 ਵਾਰ ਸੰਸਥਾ ਦੇ ਆਗੂਆਂ ਨੂੰ ਮੀਟਿੰਗ ਦਾ ਸਮਾਂ ਦੇ ਕੇ ਮੀਟਿੰਗ ਮੁਲਤਵੀ ਕਰ ਦਿੱਤੀ ਜਾਂਦੀ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਰੋਸ ਵਜੋਂ 15 ਜਨਵਰੀ ਤੋਂ ਜ਼ਿਲ੍ਹਾ ਸੰਗਰੂਰ ਵਿਖੇ ਲੜੀਵਾਰ ਸ਼ਾਂਤਮਈ ਰੋਸ ਧਰਨੇ ਲਗਾਉਣ ਦਾ ਮਤਾ ਪਾਸ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਮੌਕੇ ਇਹ ਵੀ ਫੈਸਲਾ ਕੀਤਾ ਗਿਆ ਕਿ ਗਣਤੰਤਰ ਦਿਵਸ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਦੌਰਾਨ ਸੰਸਥਾ ਦੇ ਅਹੁੱਦੇਦਾਰਾਂ ਤੇ ਮੈਂਬਰਾਂ ਵੱਲੋਂ ਸ਼ਮੂਲੀਅਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਰੋਸ ਜਤਾਉਂਦੇ ਕਿਹਾ ਕਿ ਦੇਸ਼ ਨੂੰ ਅਜ਼ਾਦ ਕਰਵਾਉਣ ਵਾਲੇ ਸੁਤੰਤਰਤਾ ਸੰਗਰਾਮੀਆਂ ਅਤੇ ਕਾਨੂੰਨੀ ਵਾਰਿਸਾਂ ਨੂੰ ਸਮਾਨ ਦੀ ਨਹੀਂ, ਸਗੋਂ ਸਨਮਾਨ ਦੀ ਲੋੜ ਹੈ ਜੋ ਕਿ ਦੇਸ਼ ਭਗਤਾਂ ਦਾ ਸੰਵਿਧਾਨਕ ਹੱਕ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲਾਰੇ ਲਗਾ ਕੇ ਉਨ੍ਹਾਂ ਦਾ ਅਪਮਾਨ ਕਰਨ ਦੀ ਬਜਾਏ ਤੁਰੰਤ ਮੀਟਿੰਗ ਕਰੇ ਤੇ ਉਨ੍ਹਾਂ ਦੀਆਂ ਮੰਗਾਂ ਨੂੰ ਲਾਗੂ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰੇ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਉਕਤ ਆਗੂਆਂ ਨੂੰ ਭਰੋਸਾ ਦਿੱਤਾ ਕਿ ਉਹ ਇਸ ਮੰਗ ਪੱਤਰ ਨੂੰ ਤੁਰੰਤ ਮੁੱਖ ਮੰਤਰੀ ਤੱਕ ਪੁੱਜਦਾ ਕਰਨਗੇ ਅਤੇ ਸੰਸਥਾ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਨ ਦੀ ਸਿਫਾਰਿਸ਼ ਵੀ ਕਰਨਗੇ। ਇਸ ਮੌਕੇ ਸਵਰਨ ਸਿੰਘ ਬਲਜਿੰਦਰ ਸਿੰਘ ਜਰਨੈਲ ਸਿੰਘ, ਸਤਵੰਤ ਸਿੰਘ ਚਰਨਜੀਤ ਸਿੰਘ, ਮਨਜੀਤ ਸਿੰਘ, ਇੰਦਰਜੀਤ ਸਿੰਘ, ਹਰਭਜਨ ਸਿੰਘ ਅਤੇ ਰੁਪਿੰਦਰ ਸਿੰਘ ਆਦਿ ਹਾਜ਼ਰ ਸਨ।