ਕੇਂਦਰ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰਾ
ਮਜ਼ਦੂਰਾਂ ਤੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰਾ
Publish Date: Wed, 07 Jan 2026 03:21 PM (IST)
Updated Date: Wed, 07 Jan 2026 03:23 PM (IST)

ਰਾਜਵੀਰ ਸਿੰਘ ਚੌਂਤਾ, ਪੰਜਾਬੀ ਜਾਗਰਣ ਸ਼੍ਰੀ ਚਮਕੌਰ ਸਾਹਿਬ : ਸ਼੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਸਬੰਧਿਤ ਇਫਟੂ ਤੇ ਬੀਕੇਯੂ ਖੋਸਾ ਦੇ ਵਰਕਰਾਂ ਨੇ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਚਾਰ ਲੇਬਰ ਕੋਡ, ਬਿਜਲੀ ਬਿੱਲ-2025, ਬੀਜ ਐਕਟ ਤੇ ਮਨਰੇਗਾ ਸਕੀਮ ਨੂੰ ਬਦਲਣ ਦੇ ਵਿਰੋਧ ਵਿਚ ਠੇਕੇਦਾਰ ਬਲਵਿੰਦਰ ਸਿੰਘ ਸਿਮਰੂ ਅਤੇ ਕਿਸਾਨ ਆਗੂ ਲਖਵੀਰ ਸਿੰਘ ਲੱਖੀ ਦੀ ਪ੍ਰਧਾਨਗੀ ਹੇਠ ਸਥਾਨਕ ਲੇਬਰ ਚੌਂਕ ਵਿਖੇ ਕੇਂਦਰ ਸਰਕਾਰ ਵਿਰੁੱਧ ਅਰਥੀ ਫੂਕ ਕੇ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਲੇਬਰ ਯੂਨੀਅਨ ਦੇ ਪ੍ਰੈੱਸ ਸਕੱਤਰ ਸਤਵਿੰਦਰ ਸਿੰਘ ਨੀਟਾ, ਖੋਸਾ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਜਸਪ੍ਰੀਤ ਸਿੰਘ, ਜੁਝਾਰ ਸਿੰਘ, ਦੀਦਾਰ ਸਿੰਘ, ਸ਼੍ਰੀ ਚਮਕੌਰ ਸਾਹਿਬ ਮੋਰਚਾ ਦੇ ਆਗੂ ਅਵਤਾਰ ਸਿੰਘ, ਮੁਲਾਜ਼ਮ ਆਗੂ ਮਲਾਗਰ ਸਿੰਘ ਖਮਾਣੋਂ ਆਦਿ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲੇਬਰ ਦੇ 29 ਕਾਨੂੰਨਾਂ, ਜਿਸ ਦੇ ਤਹਿਤ ਮਜ਼ਦੂਰਾਂ ਮੁਲਾਜ਼ਮਾਂ ਨੂੰ ਜਥੇਬੰਦ ਹੋਣ, ਸੰਘਰਸ਼ ਕਰਨ, ਪੈਨਸ਼ਨ, ਮੈਡੀਕਲ ਸਹੂਲਤ ਦੀ ਗਰੰਟੀ, ਦਿਹਾੜੀ 8 ਘੰਟੇ ਅਤੇ ਘੱਟੋ ਘੱਟ ਉਜ਼ਰਤਾਂ ਦੇਣ ਆਦਿ ਦੀ ਗਰੰਟੀ ਦਿੰਦੇ ਸਨ, ਨੂੰ ਰੱਦ ਕਰਕੇ ਚਾਰ ਕਾਰਪੋਰੇਟ ਪੱਖੀ ਕੋਡਾਂ ਵਿਚ ਤਬਦੀਲ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਬਿਜਲੀ ਬਿਲ-2025 ਦੇ ਤਹਿਤ ਸਮਰਾਟ ਮੀਟਰ, ਮੁਫ਼ਤ ਬਿਜਲੀ ਖਤਮ ਕਰਕੇ ਸੂਬਿਆਂ ਦੇ ਬਿਜਲੀ ਬੋਰਡ ਸਿੱਧੇ ਕੇਂਦਰ ਸਰਕਾਰ ਦੇ ਅਧੀਨ ਚਲੇ ਜਾਣਗੇ। ਉਨ੍ਹਾਂ ਕਿਹਾ ਕਿ ਬੀਜ ਕਾਨੂੰਨ ਵਿਚ ਵੀ ਤਬਦੀਲੀਆਂ ਰਾਹੀਂ ਕਾਰਪੋਰੇਟਾਂ ਦੇ ਮੁਨਾਫਿਆਂ ਦੀ ਗਰੰਟੀ ਕੀਤੀ ਗਈ ਹੈ। ਇਸ ਮੌਕੇ ਆਗੂਆਂ ਵੱਲੋਂ ਇਸ ਦੀ ਜ਼ੋਰਦਾਰ ਨਿਖੇਧੀ ਕਰਦੇ ਹੋਏ ਕੇਂਦਰ ਸਰਕਾਰ ਦੀ ਅਰਥੀ ਫੂਕੀ ਗਈ ਤੇ ਕੇਂਦਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਐੱਸਕੇਐੱਮ ਵੱਲੋਂ ਇਨ੍ਹਾਂ ਕਾਨੂੰਨਾਂ ਵਿਰੁੱਧ 16 ਜਨਵਰੀ ਨੂੰ ਬਿਜਲੀ ਬੋਰਡ ਦੇ ਨਿਗਰਾਨ ਇੰਜੀਨੀਅਰ ਰੂਪਨਗਰ ਵਿਖੇ ਲਗਾਏ ਜਾ ਰਹੇ ਧਰਨੇ ਵਿਚ ਮਜ਼ਦੂਰਾਂ, ਕਿਸਾਨਾਂ ਅਤੇ ਮੁਲਾਜ਼ਮਾਂ ਨੂੰ ਪਹੁੰਚਣ ਦੀ ਅਪੀਲ ਕੀਤੀ। ਇਸ ਦੇ ਇਲਾਵਾ ਆਗੂਆਂ ਨੇ ਕੇਂਦਰ ਵੱਲੋਂ ਮਨਰੇਗਾ ਵਿਚ ਬਦਲਾਅ ਤੇ ਪੰਜਾਬ ਸਰਕਾਰ ਵੱਲੋਂ ਪੱਤਰਕਾਰਾਂ ਤੇ ਕੇਸ ਦਰਜ ਕਰਕੇ ਹੱਕ ਸੱਚ ਦੀ ਆਵਾਜ਼ ਨੂੰ ਦਬਾਉਣ ਦੀ ਜ਼ੋਰਦਾਰ ਨਿਖੇਧੀ ਕੀਤੀ ਗਈ। ਇਸ ਮੌਕੇ ਸਮਾਜਸੇਵੀ ਅਮਨਦੀਪ ਸਿੰਘ ਮਾਂਗਟ, ਸੰਗਤ ਸਿੰਘ, ਦਲਵੀਰ ਸਿੰਘ, ਗੁਰਮੇਲ ਸਿੰਘ, ਦਵਿੰਦਰ ਸਿੰਘ, ਗੁਲਾਬ ਚੰਦ ਚੌਹਾਨ, ਮਨਮੋਹਨ ਸਿੰਘ, ਜਸਬੀਰ ਸਿੰਘ, ਰਮੇਸ਼ ਕੁਮਾਰ, ਹਰਜੀਤ ਸਿੰਘ ਆਦਿ ਹਾਜ਼ਰ ਸਨ।